ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਾਲ ਭਰ ਚਲੱਣ ਵਾਲੇ ਸਮਾਰੋਹਾਂ ਲਈ ਉਦਾਰਚਿੱਤ ਵਿੱਤੀ ਪੈਕਜ਼ ਤੁਰੰਤ ਐਲਾਣਨ ਲਈ ਮੋਦੀ ਨੂੰ ਅਪੀਲ

ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਦਾ ਪੱਧਰ ਉਪਰ ਚੁਕੱਣ ਦਾ ਮੁਦਾ ਕੇਂਦਰੀ ਰੇਲਵੇ ਮੰਤਰੀ ਕੋਲ ਉਠਾਇਆ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧੀ ਸਾਲ ਭਰ ਚਲੱਣ ਵਾਲੇ ਸਮਾਰੋਹਾਂ ਵਾਸਤੇ ਉਦਾਰਚਿੱਤ ਵਿੱਤੀ ਪੈਕੇਜ਼ ਤੁਰੰਤ ਐਲਾਣਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ। ਇਹ ਸਮਾਰੋਹ ਪੰਜਾਬ ਵਿੱਚ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੇ ਹਨ। ਪ੍ਰਧਾਨ ਮੰਤਰੀ ਨੂੰ ਲਿਖੇ ਇਕ ਪੱਤਰ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਇਤਿਹਾਸਕ ਮੌਕੇ ਉਨਾਂ ਦੀ ਸਰਕਾਰ ਲੜੀਵਾਰ ਵਿਕਾਸ ਪ੍ਰੋਗਰਾਮ ਸ਼ੁਰੂ ਕਰ ਰਹੀ ਹੈ। ਇਨਾਂ ਕੁੱਝ ਸਕੀਮਾਂ ਵਿੱਚ ਸੁਲਤਾਨਪੁਰ ਲੋਧੀ ਵਿਖੇ ਪਿੰਡ ਬਾਬੇ ਨਾਨਕ ਦਾ ਸਥਾਪਤ ਕਰਨਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨੈਸ਼ਨਲ ਇੰਸਟੀਚਉਟ ਆਫ ਇੰਟਰਫੇਥ ਸਟਡੀਜ਼, ਬਟਾਲਾ ਵਿਖੇ ਇੱਕ ਮੈਡੀਕਲ ਕਾਲਜ ਦੀ ਸਥਾਪਨਾ ਅਤੇ ਪੰਜਾਬ ਤੇ ਹੋਰਨਾਂ ਸੂਬਿਆਂ ਦੀਆਂ ਜਿਨਾਂ ਥਾਵਾਂ ‘ਤੇ ਪਹਿਲੇ ਗੁਰੂ ਜੀ ਗਏ ਸਨ, ਨੂੰ ਜੋੜਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ ਦਾ ਨਿਰਮਾਣ ਅਤੇ ਗੁਰੂ ਜੀ ਨਾਲ ਸਬੰਧਤ 47 ਸਮਾਰਟ ਕਸਬਿਆਂ/ਪਿੰਡਾਂ ਦਾ ਵਿਕਾਸ ਸ਼ਾਮਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਘੱਟੋ-ਘੱਟ ਇਨਾਂ ਪ੍ਰਾਜੈਕਟਾਂ ਦੇ ਵਾਸਤੇ ਸੂਬੇ ਨੂੰ ਵਿੱਤੀ ਪੈਕੇਜ਼ ਦਿੱਤਾ ਜਾਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨਾਲ ਆਪਣੀ ਪਹਿਲੀ ਮੀਟਿੰਗ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਨਾਂ ਸਮਾਰੋਹਾਂ ਲਈ ਪਹਿਲਾਂ ਹੀ 2145 ਕਰੋੜ ਰੁਪਏ ਦੀ ਸਹਾਇਤਾ ਦੇ ਵਾਸਤੇ ਕੇਂਦਰ ਨੂੰ ਇੱਕ ਯਾਦਪੱਤਰ ਪੇਸ਼ ਕੀਤਾ ਹੋਇਆ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਨਾਂ ਨੇ ਜੂਨ 2018 ਨੂੰ ਹੋਈ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਇਨਾਂ ਸਮਾਰੋਹਾਂ ਦੀ ਮਹੱਤਤਾ ‘ਤੇ ਚਾਣਨਾ ਪਾਇਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪੇਸ਼ ਕੀਤੇ ਯਾਦਪੱਤਰ ਵਿੱਚ ਇਹ ਸਾਰੇ ਪ੍ਰਸਤਾਵ ਸ਼ਾਮਲ ਹਨ ਅਤੇ 8 ਨਵੰਬਰ ਨੂੰ ਹੋਈ ਪਿਛਲੀ ਮੀਟਿੰਗ ਦੌਰਾਨ ਨੈਸ਼ਨਲ ਇੰਪਲੀਮੈਂਟੇਸ਼ਨ ਕਮੇਟੀ ਨੇ ਇਸ ‘ਤੇ ਵਿਚਾਰ ਕੀਤਾ ਸੀ ਪਰ ਸੂਬਾ ਸਰਕਾਰ ਨੂੰ ਇਸ ਸਬੰਧ ਵਿੱਚ ਲਏ ਗਏ ਫੈਸਲੇ ਬਾਰੇ ਕੋਈ ਵੀ ਜਾਣਕਾਰੀ ਨਹੀਂ ਭੇਜੀ ਗਈ। ਇਸੇ ਦੌਰਾਨ ਮੁੱਖ ਮੰਤਰੀ ਨੇ ਕੇਂਦਰੀ ਰੇਲਵੇ ਮੰਤਰੀ ਪਿਯੂਸ਼ ਗੋਇਲ ਨੂੰ ਵੀ ਇੱਕ ਪੱਤਰ ਲਿਖਿਆ ਹੈ ਅਤੇ ਉਨਾਂ ਨੂੰ ਦਿੱਲੀ ਤੋਂ ਸੁਲਤਾਨਪੁਰ ਲੋਧੀ (ਜਿਲਾ ਕਪੁਰਥਲਾ) ਤੱਕ ਹਫਤੇ ਵਿੱਚ ਤਿੰਨ ਵਾਰ ਚਲੱਣ ਵਾਲੀ ਰੇਲ ਗੱਡੀ ਪ੍ਰਵਾਨ ਕਰਨ ਲਈ ਆਖਿਆ ਹੈ ਤਾਂ ਜੋ ਇਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਢੁਕਵਾਂ ਸੰਪਰਕ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨਾਂ ਦਾ ਸੁਲਤਾਨਪੁਰ ਲੋਧੀ ਦਾ ਸਫ਼ਰ ਵੀ ਸੁਖਾਲਾ ਬਣਾਇਆ ਜਾ ਸਕੇ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਲ ਭਰ ਚਲੱਣ ਵਾਲੇ ਸਮਾਰੋਹਾਂ ਲਈ ਇਹ ਕੇਂਦਰੀ ਸਥਾਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਸਮਾਰੋਹਾਂ ਦੌਰਾਨ ਦੁਨੀਆਂ ਭਰ ਤੋਂ ਲੱਖਾਂ ਸ਼ਰਧਾਲੂਆਂ ਦੇ ਆਮ ਲੋਕਾਂ ਦੇ ਇਥੇ ਆਉਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਨੇ ਕੇਂਦਰੀ ਰੇਲਵੇ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਦਾ ਪੱਧਰ ਤੁਰੰਤ ਉਚਾ ਚੁਕੱਣ ਦੇ ਮਾਮਲੇ ‘ਤੇ ਵਿਸ਼ੇਸ਼ ਧਿਆਨ ਦੇਣ ਤਾਂ ਜੋ ਇਥੇ ਵੱਡੀ ਗਿਣਤੀ ਆਉਣ ਵਾਲੇ ਸ਼ਰਧਾਲੂਆਂ ਨੂੰ ਸੁਵਿਧਾ ਪ੍ਰਦਾਨ ਕਰਵਾਈ ਜਾ ਸਕੇ।

VIA PUNJAB