ਕੈਪਟਨ ਅਮਰਿੰਦਰ ਸਿੰਘ ਵੱਲੋਂ ਹੁਸ਼ਿਆਰਪੁਰ ਸ਼ਹਿਰ ਵਿੱਚ ਹੋਏ ਭਿਆਨਕ ਸੜਕ ਹਾਦਸੇ ਦੌਰਾਨ ਦਸੂਹਾ ਦੇ 10 ਧਾਰਮਿਕ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟ

ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਜਿਲ੍ਹਾ ਪ੍ਰਸ਼ਾਸਨ ਨੂੰ ਆਖਿਆ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਮ ਹੁਸ਼ਿਆਰਪੁਰ ਸ਼ਹਿਰ ਵਿਖੇ ਹੋਏ ਇਕ ਦਰਦਨਾਕ ਸੜਕ ਹਾਦਸੇ ‘ਤੇ ਡੁੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਸ ਵਿਚ ਦਸੂਹਾ ਸਬ-ਡਿਵੀਜ਼ਨ ਦੇ ਉਸਮਾਨ ਸ਼ਹੀਦ, ਉਮਰਪੂਰਾ, ਪੱਸੀ ਬੇਟ ਅਤੇ ਕੋਟਲੀ ਪਿੰਡਾਂ ਦੇ 10 ਧਾਰਮਿਕ ਯਾਤਰੀ ਮਾਰੇ ਗਏ ਹਨ ਅਤੇ 13 ਹੋਰ ਜਖਮੀ ਹੋ ਗਏ ਹਨ। ਇਹ ਲੋਕ ਹਿਮਾਚਲ ਪ੍ਰਦੇਸ਼ ਦੇ ਪੀਰ ਨਿਗਾਹ ਵਿਖੇ ਨਤਮਸਤਕ ਹੋਣ ਤੋਂ ਬਾਅਦ ਵਾਪਸ ਆ ਰਹੇ ਸਨ।ਮੁੱਖ ਮੰਤਰੀ ਨੇ ਮਾਰੇ ਗਏ ਵਿਅਕਤੀਆਂ ਦੇ ਵਾਰਸਾਂ ਨੂੰ ਸਰਕਾਰੀ ਨੀਤੀ ਅਨੁਸਾਰ 1-1 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਅਤੇ ਜਖਮੀਆਂ ਨੂੰ 25000-25000 ਰੁਪਏ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਯਕੀਨੀ ਬਨਾਉਣ ਲਈ ਹੁਸ਼ਿਆਰਪੁਰ ਦੇ ਜਿਲ੍ਹਾ ਪ੍ਰਸ਼ਾਸਨ ਨੂੰ ਆਖਿਆ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਜਖਮੀਆਂ ਨੂੰ ਮੁਫਤ ਸੰਭਵੀ ਇਲਾਜ ਮੁਹੱਈਆ ਕਰਵਾਉਣ ਲਈ ਕਿਹਾ ਹੈ।ਪੀੜਤ ਪਰਿਵਾਰਾਂ ਨਾਲ ਦੁਖ ਸਾਂਝਾ ਕਰਦੇ ਹੋਏ ਮੁੱਖ ਮੰਤਰੀ ਨੇ ਵਿਛੜੀ ਆਤਮਾਵਾਂ ਦੀ ਰੂਹ ਦੀ ਸ਼ਾਂਤੀ ਅਤੇ ਇਹ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਪਰਿਵਾਰਾਂ ਨੂੰ ਬਲ ਬਖਸ਼ਣ ਵਾਸਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਨੇ ਜ਼ਖਮੀਆਂ ਦੇ ਛੇਤੀ ਸਿਹਤਮੰਦ ਹੋਣ ਦੀ ਵੀ ਕਾਮਨਾ ਕੀਤੀ।

VIA PUNJAB