ਗੁਰੁ ਗੋਬਿੰਦ ਸਿੰਘ ਜੀ ਦੇ ਦੂਜੇ ਸਾਹਿਬਜ਼ਾਦੇ ਬਾਬਾ ਜੁਝਾਰ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਐਸ.ਏ.ਐਸ. ਨਗਰ – ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਦੂਜੇ ਸਾਹਿਬਜ਼ਾਦੇ ਬਾਬਾ ਜੁਝਾਰ ਸਿੰਘ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ| ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਭਗਤ ਸਿੰਘ ਦੇ ਪੰਥਕ ਢਾਡੀ ਜੱਥੇ ਨੇ ਬਾਬਾ ਜੁਝਾਰ ਸਿੰਘ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਪੂਰਵਕ ਸਰਵਣ ਕਰਵਾਇਆ|
ਭਾਈ ਨਿਸ਼ਾਨ ਸਿੰਘ ਪਟਿਆਲਾ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਭਾਈ ਪ੍ਰਿਤਪਾਲ ਸਿੰਘ ਦੇ ਪੰਥਕ ਜੱਥੇ ਨੇ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਵੱਲੋਂ ਛੋਟੀ ਉਮਰੇ ਜਬਰ ਅਤੇ ਜੁਲਮ ਖਿਲਾਫ ਮੁਗਲ ਹਕੂਮਤ ਨਾਲ ਚਮਕੌਰ ਸਾਹਿਬ ਦੀ ਜੰਗ ਵਿੱਚ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਦੇਣ ਦੇ ਪ੍ਰਸੰਗ ਨੂੰ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂੰ ਕਰਾਇਆ| ਇਸ ਤੋਂ ਇਲਾਵਾ ਬਾਬਾ ਭਾਈ ਬਹਾਦਰ ਸਿੰਘ, ਭਾਈ ਓਂਕਾਰ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਕੁਲਤਾਰ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਰਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਜਤਿੰਦਰ ਸਿੰਘ ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ|

VIA PUNJAB