- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ
ਸ਼ਬਦ ਗੁਰੂ ਯਾਤਰਾ ਦਾ ਮੰਤਵ ਪੰਜਾਬ ਭਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ- ਜਥੇਦਾਰ ਦਰਸ਼ਨ ਸਿੰਘ ਮੋਠਾਂਵਾਲਾ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਿੰਘ ਸਭਾ ਜਲਾਲਾਬਾਦ ਤੋਂ ਅਗਲੇ ਪੜਾਅ ਗੁਰਦੁਆਰਾ ਸਿੰਘ ਸਭਾ ਫਾਜ਼ਿਲਕਾ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਗੁਰਮੀਤ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਮੋਠਾਂਵਾਲਾ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਸ਼ਬਦ ਗੁਰੂ ਯਾਤਰਾ ਦੀ ਆਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਦਰਸ਼ਨ ਸਿੰਘ ਮੋਠਾਂਵਾਲਾ, ਸ. ਸਤਿੰਦਰਜੀਤ ਸਿੰਘ ਆਦਿ ਮੌਜੂਦ ਸਨ। ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।ਸ਼ਬਦ ਗੁਰੂ ਯਾਤਰਾ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਮੋਠਾਂਵਾਲਾ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਅਰੰਭੀ ਸ਼ਬਦ ਗੁਰੂ ਯਾਤਰਾ ਦਾ ਮਨੋਰਥ ਪੰਜਾਬ ਭਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਅਤੇ ਸੰਗਤ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਆਖਿਆ ਕਿ ਸਮਾਜ ਨੂੰ ਸੁਖਾਵਾਂ ਬਣਾਉਣ ਲਈ ਗੁਰੂ ਸਾਹਿਬ ਦੇ ਉਪਦੇਸ਼ ਸੁਚੱਜੀ ਜੀਵਨ ਜਾਚ ਦਰਸਾਉਂਦੇ ਹਨ। ਇਸ ਲਈ ਉਨ੍ਹਾਂ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਹਰ ਇਕ ਦਾ ਫਰਜ਼ ਹੈ ਕਿ ਗੁਰੂ ਉਪਦੇਸ਼ਾਂ ਨੂੰ ਆਪਣੇ ਅਮਲੀ ਜੀਵਨ ਦਾ ਹਿੱਸਾ ਬਣਾਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਸੁਲੱਖਣ ਸਿੰਘ ਭੰਗਾਲੀ, ਇੰਚਾਰਜ ਸ. ਅਮਰ ਸਿੰਘ, ਸ. ਅਜੀਤ ਸਿੰਘ ਸੁਪਰਵਾਈਜ਼ਰ, ਗੁ: ਇੰਸਪੈਕਟਰ ਸ. ਰਣਜੀਤ ਸਿੰਘ ਭੋਮਾ ਤੇ ਸ. ਮੁਕੰਦ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।


