- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹੋਲਾ-ਮਹੱਲਾ ਮੌਕੇ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਦੀ ਮੁਹਿੰਮ ਨੂੰ ਕਰੇਗੀ ਪ੍ਰਚੰਡ: ਭਾਈ ਗਰੇਵਾਲ
9 ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗਣਗੇ 9 ਵਿਸ਼ੇਸ਼ ਦਸਤਖਤੀ ਸਟਾਲ
ਸ੍ਰੀ ਅਨੰਦਪੁਰ ਸਾਹਿਬ, 17 ਫਰਵਰੀ (ਤਲਵਿੰਦਰ ਸਿੰਘ ਬੁੱਟਰ)
ਇਸ ਵਾਰ ਖਾਲਸਾ ਪੰਥ ਦੇ ਜਾਹੋ-ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੋਲਾ-ਮਹੱਲਾ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੁਹਿੰਮ ਦੇ ਰੰਗ ਵਿਚ ਰੰਗਿਆ ਨਜ਼ਰ ਆਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੋਲਾ-ਮਹੱਲਾ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਦਸਤਖਤੀ ਮੁਹਿੰਮ ਨੂੰ ਹੋਰ ਪ੍ਰਚੰਢ ਕਰਦਿਆਂ 9 ਬੰਦੀ ਸਿੰਘਾਂ ਦੇ ਨਾਵਾਂ ਵਾਲੇ 9 ਵੱਖ-ਵੱਖ ਦਸਤਖਤੀ ਸਟਾਲ ਲਾਏ ਜਾਣਗੇ। ਇਹ ਪ੍ਰਗਟਾਵਾ ਅੱਜ ਇੱਥੇ ਜਥੇਦਾਰ ਬਲਦੇਵ ਸਿੰਘ ਮਾਹਿਲਪੁਰੀ ਯਾਦਗਾਰੀ ਹਾਲ ਵਿਖੇ ਹੋਲਾ-ਮਹੱਲਾ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਤਿਆਰੀਆਂ ਸਬੰਧੀ ਬੈਠਕ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਦੱਸਿਆ ਕਿ 80ਵਿਆਂ ਦੌਰਾਨ ਸ੍ਰੀ ਦਰਬਾਰ ਸਾਹਿਬ ‘ਤੇ ਹੋਏ ਭਾਰਤੀ ਫੌਜ ਦੇ ਹਮਲੇ ਤੋਂ ਬਾਅਦ ਸਰਕਾਰੀ ਜਬਰ ਕਾਰਨ ਹਥਿਆਰਬੰਦ ਸੰਘਰਸ਼ ਦੇ ਰਾਹ ਪੈਣ ਲਈ ਮਜਬੂਰ ਹੋਏ ਬਹੁਤ ਸਾਰੇ ਬੰਦੀ ਸਿੰਘ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਹਨ, ਜਦੋਂਕਿ ਕਾਨੂੰਨ ਅਨੁਸਾਰ ਉਮਰ ਕੈਦੀ ਨੂੰ 10-15 ਸਾਲਾਂ ਦੀ ਕੈਦ ਤੋਂ ਬਾਅਦ ਰਿਹਾਅ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਰਗਿਆਂ ਨੂੰ ਆਪਣੀਆਂ ਸਾਧਵੀਆਂ ਨਾਲ ਜਬਰ-ਜਨਾਹ ਅਤੇ ਡੇਰਾ ਪ੍ਰਬੰਧਕ ਸਮੇਤ ਇਕ ਪੱਤਰਕਾਰ ਦੇ ਕਤਲ ਵਰਗੇ ਸੰਗੀਨ ਅਪਰਾਧਾਂ ਦੇ ਦੋਸ਼ ‘ਚ ਸਜ਼ਾ ਹੋਣ ਦੇ ਬਾਵਜੂਦ ਪਿਛਲੇ 14 ਮਹੀਨਿਆਂ ਵਿਚ 4 ਵਾਰ ਪੈਰੋਲ ਮਿਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਸ ਵਿਤਕਰੇਬਾਜ਼ੀ ਕਾਰਨ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਸਿੱਖਾਂ ਦੀ ਕੌਮੀ ਚੇਤਨਾ ਦਾ ਹਿੱਸਾ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਥਕ ਭਾਵਨਾਵਾਂ ਦੀ ਨੁਮਾਇੰਦਗੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 1 ਦਸੰਬਰ 2022 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਇਕ ਦਸਤਖਤੀ ਮੁਹਿੰਮ ਆਰੰਭ ਕੀਤੀ ਸੀ, ਜਿਸ ਦਾ ਟੀਚਾ ਘੱਟੋ-ਘੱਟ 30 ਲੱਖ ਦਸਤਖਤ ਕਰਵਾ ਕੇ ਭਾਰਤ ਦੇ ਰਾਸ਼ਟਰਪਤੀ ਅਤੇ ਸੰਯੁਕਤ ਰਾਸ਼ਟਰ ਤੱਕ ਸਿੱਖ ਭਾਵਨਾਵਾਂ ਨੂੰ ਪਹੁੰਚਾਉਣਾ ਹੈ। ਭਾਈ ਗਰੇਵਾਲ ਨੇ ਕਿਹਾ ਕਿ ਇਸੇ ਦੇ ਮੱਦੇਨਜ਼ਰ ਹੋਲਾ-ਮਹੱਲਾ ਦੇ ਜੋੜ-ਮੇਲੇ ਮੌਕੇ 9 ਬੰਦੀ ਸਿੰਘਾਂ ਦੇ ਨਾਵਾਂ ‘ਤੇ 9 ਵੱਖ-ਵੱਖ ਦਸਤਖਤੀ ਸਟਾਲ ਲਾਏ ਜਾਣਗੇ, ਜਿਨ੍ਹਾਂ ਵਿਚ ਇਕ ਸਟਾਲ ‘ਤੇ ਇਕ ਬੰਦੀ ਸਿੰਘ ਦੇ ਨਾਂਅ ਵਾਲਾ ਇਕ ਸਟਾਲ ਹੋਵੇਗਾ, ਜਿੱਥੇ ਉਨ੍ਹਾਂ ਦੀ ਰਿਹਾਈ ਲਈ ਸੰਗਤਾਂ ਕੋਲੋਂ ਦਸਤਖਤ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵਲੋਂ 9 ਬੰਦੀ ਸਿੰਘਾਂ ਦੇ ਸਿੱਖ ਸੰਘਰਸ਼ ਵਿਚ ਯੋਗਦਾਨ, ਸੰਘਰਸ਼ਮਈ ਜੀਵਨ, ਕੁਰਬਾਨੀ ਅਤੇ ਉਨ੍ਹਾਂ ਦੀ ਜੇਲ੍ਹ ਯਾਤਰਾ ਬਾਰੇ ਜਾਣਕਾਰੀ ਸਬੰਧੀ ਕਿਤਾਬਚੇ ਛਪਵਾ ਕੇ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਾਹਿਬ ਦੇ ਨੇੜੇ ਇਕ ਵੱਡ-ਅਕਾਰੀ ਐਲ.ਸੀ.ਡੀ. ਸਕਰੀਨ ਲਗਾ ਕੇ ਵੀ ਬੰਦੀ ਸਿੰਘਾਂ ਦੇ ਜੀਵਨ ਤੇ ਸੰਘਰਸ਼ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਦੁਆਬਾ ਜੋਨ ਦੇ ਧਰਮ ਪ੍ਰਚਾਰ ਇੰਚਾਰਜ ਭਾਈ ਗੁਰਬਖਸ਼ ਸਿੰਘ ਖਾਲਸਾ, ਵਧੀਕ ਸਕੱਤਰ ਸਿਮਰਜੀਤ ਸਿੰਘ ਕੰਗ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਅਤੇ ਸੰਦੀਪ ਸਿੰਘ ਕਲੋਤਾ ਵੀ ਹਾਜ਼ਰ ਸਨ।


