ਕਮਲਨਾਥ ਹੋਣਗੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਇਥੇ ਰਿਹਾਇਸ਼ ’ਤੇ ਦਿਨ ਭਰ ਚੱਲੇ ਬੈਠਕਾਂ ਦੇ ਦੌਰ ਮਗਰੋਂ ਦੇਰ ਰਾਤ ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਲਈ ਕਮਲਨਾਥ ਦੇ ਨਾਮ ’ਤੇ ਮੋਹਰ ਲਗਾ ਦਿੱਤੀ ਗਈ। ਕਮਲਨਾਥ (72) ਦੇਰ ਰਾਤ ਭੋਪਾਲ ਪੁੱਜੇ, ਜਿਥੇ ਉਨ੍ਹਾਂ ਦਾ ਸਵਾਗਤ ‘ਜੈ ਜੈ ਕਮਲ ਨਾਥ ’ ਦੇ ਨਾਅਰਿਆਂ ਨਾਲ ਕੀਤਾ ਗਿਆ। ਉਹ ਹਵਾਈ ਅੱਡੇ ਤੋਂ ਸਿੱਧੇ ਪਾਰਟੀ ਦਫ਼ਤਰ ਪੁੱਜੇ ਅਤੇ ਨਵੇਂ ਚੁਣੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਉਨ੍ਹਾਂ ਨੂੰ ਸਰਬਸੰਮਤੀ ਨਾਲ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ। ਇਸ ਤੋਂ ਬਾਅਦ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਦੇ ਨਾਂ ਦਾ ਐਲਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨਵੇਂ ਇਤਿਹਾਸ ਦੀ ਸ਼ੁਰੂਆਤ ਹੋਈ ਹੈ। ‘‘ਅਸੀਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਾਂਗੇ।’’ ਇਸ ਦੌਰਾਨ ਛੱਤੀਸਗੜ੍ਹ ਦੇ ਮੁੱਖ ਮੰਤਰੀ ਦਾ ਐਲਾਨ ਭਲਕੇ ਕੀਤਾ ਜਾਵੇਗਾ ਜਦਕਿ ਰਾਜਸਥਾਨ ਦਾ ਰੇੜਕਾ ਅਜੇ ਕਾਇਮ ਹੈ। ਰਾਜਸਥਾਨ ’ਚ ਸਚਿਨ ਪਾਇਲਟ ਦੇ ਹਮਾਇਤੀਆਂ ਵੱਲੋਂ ਕੀਤੇ ਗਏ ਪ੍ਰਦਰਸ਼ਨਾਂ ਮਗਰੋਂ ਕਾਂਗਰਸ ਹਾਈ ਕਮਾਂਡ ਨੇ ਮੁੱਖ ਮੰਤਰੀ ਦੇ ਉਮੀਦਵਾਰ ਦੇ ਨਾਮ ਨੂੰ ਹਰੀ ਝੰਡੀ ਨਹੀਂ ਦਿੱਤੀ। ਰਾਜਸਥਾਨ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀਆਂ ਬਾਰੇ ਭਲਕੇ ਫ਼ੈਸਲਾ ਲਿਆ ਜਾਵੇਗਾ। ਇਸ ਤੋਂ ਪਹਿਲਾਂ ਦਿਨ ਵੇਲੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਫ਼ੈਸਲੇ ਬਾਰੇ ਕਮਲਨਾਥ ਅਤੇ ਦੂਜੇ ਦਾਅਵੇਦਾਰ ਜਯੋਤਿਰਾਦਿੱਤਿਆ ਸਿੰਧੀਆ ਨਾਲ ਰਾਹੁਲ ਗਾਂਧੀ, ਯੂਪੀਏ ਚੇਅਰਪਰਸਨ ਸੋਨੀਆ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੇ ਗੱਲਬਾਤ ਕੀਤੀ। ਰਾਹੁਲ ਨੇ ਬੁੱਧਵਾਰ ਨੂੰ ਮੱਧ ਪ੍ਰਦੇਸ਼ ’ਚ ਵਿਧਾਇਕਾਂ ਦੀ ਰਾਏ ਜਾਣਨ ਲਈ ਭੇਜੇ ਕੇਂਦਰੀ ਅਬਜ਼ਰਵਰ ਏ ਕੇ ਐਂਟਨੀ ਨਾਲ ਵੀ ਮੁਲਾਕਾਤ ਕੀਤੀ।

VIA PUNJAB