ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਦਿੱਲੀ ‘ਚ ਮੁਲਾਕਾਤ ਕਰ ਕੇ ਸੁਰੱਖਿਆ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕੀਤੀ ਹੈ। ਮੁੱਖ ਮੰਤਰੀ ਨੇ ਰਾਜਨਾਥ ਸਿੰਘ ਨਾਲ ਮੁਲਾਕਾਤ ਨੂੰ ਸੰਤੋਸ਼ਜਨਕ ਕਰਾਰ ਦਿੰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਸੂਬਾ ਸਰਕਾਰ ਦੇ ਪੰਜਾਬ ਦੀ ਅੰਦਰੂਨੀ ਸੁਰੱਖਿਆ ਨਾਲ ਸਬੰਧਤ ਮੁੱਦਿਆਂ ਦਾ ਹੱਲ ਕਰੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ‘ਚ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ ਲਈ ਦ੍ਰਿੜ੍ਹ ਸੰਕਲਪ ਹੈ ਅਤੇ ਉਸ ਵੱਲੋਂ ਗੈਂਗਸਟਰਾਂ ਵਿਰੁੱਧ ਚਲਾਈ ਮੁਹਿੰਮ ‘ਚ ਪੰਜਾਬ ਪੁਲਸ ਨੂੰ ਭਾਰੀ ਸਫਲਤਾਵਾਂ ਹਾਸਲ ਹੋਈਆਂ ਹਨ। ਉਨ੍ਹਾਂ ਨੇ ਗ੍ਰਹਿ ਮੰਤਰੀ ਤੋਂ ਪੰਜਾਬ ਪੁਲਸ ਦੇ ਆਧੁਨਿਕੀਕਰਨ ਲਈ ਫੰਡਾਂ ਦੀ ਵੀ ਮੰਗ ਕੀਤੀ। ਪਤਾ ਲੱਗਾ ਹੈ ਕਿ ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਦੱਸਿਆ ਕਿ ਬ੍ਰਿਟੇਨ ‘ਚ ਹੁਣੇ ਜਿਹੇ ਖਾਲਿਸਤਾਨੀ ਸਮਰਥਕਾਂ ਵਲੋਂ ਆਯੋਜਿਤ ਰੈਫਰੈਂਡਮ 2020 ਦਾ ਪੰਜਾਬ ‘ਚ ਕੋਈ ਅਸਰ ਨਹੀਂ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਰਾਜਨਾਥ ਸਿੰਘ ਦੇ ਸਾਹਮਣੇ ਪੰਜਾਬ ਦੀਆਂ ਜੇਲਾਂ ‘ਚ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਸਬੰਧ ‘ਚ ਕੇਂਦਰ ਸਰਕਾਰ ਤੋਂ ਹੋਰ ਸਹਿਯੋਗ ਦੀ ਮੰਗ ਕੀਤੀ। ਰਾਜਨਾਥ ਸਿੰਘ ਨੇ ਕਿਹਾ ਕਿ ਪੰਜਾਬ ‘ਚ ਅਮਨ ਤੇ ਸ਼ਾਂਤੀ ਬਣਾਈ ਰੱਖਣ ਦੇ ਮਾਮਲੇ ‘ਚ ਕੇਂਦਰ ਸਹਿਯੋਗ ਦੇਣ ਲਈ ਤਿਆਰ ਹਨ।

VIA PUNJAB