- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਕਾਸ ਅਥਾਰਟੀ ਦੇ ਗਠਨ ਦਾ ਐਲਾਨ
ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਦੀ ਤਰਜ਼ ‘ਤੇ ਬਣੇਗੀ ਅਥਾਰਟੀ
ਸ੍ਰੀ ਆਨੰਦਪੁਰ ਸਾਹਿਬ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਕਾਸ ਅਥਾਰਟੀ ਦੇ ਗਠਨ ਦਾ ਐਲਾਨ ਕੀਤਾ ਜੋ ਇਸ ਸਾਲ ਨਵੰਬਰ ਮਹੀਨੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵਿਕਾਸ ਯੋਜਨਾਵਾਂ ਨੂੰ ਅਮਲ ਵਿੱਚ ਲਿਆਏਗੀ। ਖਿੱਤੇ ਦੇ ਲੋਕਾਂ ਨੂੰ ਲਿਫਟ ਸਿੰਜਾਈ ਦੀ ਸਹੂਲਤ ਮੁਹੱਈਆ ਕਰਵਾ ਕੇ ਉਨਾਂ ਦਾ ਸਾਮਾਜਿਕ-ਆਰਥਿਕ ਜੀਵਨ ਪੱਧਰ ਸੰਵਾਰਨ ਲਈ ਲਿਫ਼ਟ ਸਿੰਜਾਈ ਸਕੀਮਾਂ ਦਾ ਨੀਂਹ ਪੱਥਰ ਰੱਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ 9 ਪੜਾਵਾਂ ਵਿੱਚ ਪੂਰਾ ਹੋਵੇਗਾ ਅਤੇ ਪਹਿਲੇ ਪੜਾਅ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ। ਇਸ ਇਲਾਕੇ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਚੁਣਾਵੀ ਦੌਰੇ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਉਨਾਂ ਨੇ ਉਸ ਸਮੇਂ ਇੱਥੋਂ ਦੇ ਵਾਸੀਆਂ ਅਤੇ ਕਿਸਾਨਾਂ ਦੀ ਸਹੂਲਤ ਲਈ ਲਿਫ਼ਟ ਸਿੰਜਾਈ ਪ੍ਰਾਜੈਕਟ ਸ਼ੁਰੂ ਕਰਨ ਦਾ ਵਾਅਦਾ ਕੀਤਾ ਸੀ। ਉਨਾਂ ਕਿਹਾ ਕਿ ਇਸ ਸਕੀਮ ਨਾਲ 80 ਪਿੰਡਾਂ ਦੀ ਪਾਣੀ ਦੀ ਲੋੜ ਪੂਰੀ ਹੋਵੇਗੀ ਜਿਸ ਵਿੱਚੋਂ ਪਹਿਲੇ ਪੜਾਅ ਵਿੱਚ 4 ਪਿੰਡਾਂ ਦੀ ਚੋਣ ਕੀਤੀ ਗਈ ਹੈ।ਮੁੱਖ ਮੰਤਰੀ ਨੇ ਦੱਸਿਆ ਕਿ 9.52 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਸਮੁੱਚਾ ਪ੍ਰਾਜੈਕਟ ਅਗਲੇ 3 ਸਾਲਾਂ ਵਿੱਚ ਪੂਰਾ ਹੋਵੇਗਾ। ਉਨਾਂ ਕਿਹਾ ਕਿ ਇਹ ਸਕੀਮ ਪਾਣੀ ਦੀ ਘਾਟ ਨਾਲ ਜੂਝ ਰਹੇ ਇੱਥੋਂ ਦੇ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ। ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਮੰਗ ਸਵੀਕਾਰ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਵਿਕਾਸ ਯੋਜਨਾਵਾਂ ਵਿਧੀਪੂਰਵਕ ਅਤੇ ਯੋਜਨਾਬੱਧ ਢੰਗ ਨਾਲ ਉਲੀਕਣ ਅਤੇ ਲਾਗੂ ਕਰਨ ਲਈ ਸ੍ਰੀ ਆਨੰਦਪੁਰ ਸਾਹਿਬ ਵਿਕਾਸ ਅਥਾਰਟੀ ਦਾ ਗਠਨ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਹ ਵਿਕਾਸ ਅਥਾਰਟੀ ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਦੀ ਤਰਜ਼ ‘ਤੇ ਬਣਾਈ ਜਾਵੇਗੀ।ਕੈਪਟਨ ਅਮਰਿੰਦਰ ਸਿੰਘ ਨੇ ਆਨੰਦਪੁਰ ਸਾਹਿਬ ਦੇ ਪਿੰਡਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ 26 ਕਰੋੜ ਰੁਪਏ ਦਾ ਐਲਾਨ ਕੀਤਾ ਤਾਂ ਕਿ ਇੱਥੋਂ ਦੇ ਬਾਸ਼ਿੰਦਿਆਂ ਨੂੰ ਪੀਣ ਵਾਲੇ ਪਾਣੀ ਲਈ ਦੂਰ ਨਾ ਜਾਣਾ ਪਵੇ। ਉਨਾਂ ਕਿਹਾ ਕਿ ਨੂਰਪੁਰ ਬੇਦੀ ਦੇ ਇਲਾਕੇ ਦੇ ਪਿੰਡਾਂ ਨੂੰ ਵੀ ਪੀਣ ਵਾਲੇ ਸਾਫ ਪਾਣੀ ਲਈ ਲੋੜੀਂਦੇ ਫੰਡ ਦਿੱਤੇ ਜਾਣਗੇ।ਕੰਢੀ ਖੇਤਰ ਦੇ ਸਰਵਪੱਖੀ ਵਿਕਾਸ ਦੀ ਲੋੜ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਨੇ ਉਨਾਂ ਕੋਲ ਗੜਸ਼ੰਕਰ-ਆਨੰਦਪੁਰ ਸਾਹਿਬ ਸੜਕ ਦੀ ਮੁਰੰਮਤ ਦਾ ਮਾਮਲਾ ਉਠਾਇਆ ਜਿਸ ‘ਤੇ ਕੰਮ ਛੇਤੀ ਸ਼ੁਰੂ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਇਸ ਸਬੰਧ ਵਿੱਚ ਲੋਕ ਨਿਰਮਾਣ ਮੰਤਰੀ ਨੂੰ ਹਦਾਇਤ ਕੀਤੀ ਹੈ ਅਤੇ ਇਹ ਪ੍ਰਾਜੈਕਟ 7 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਆਖਿਆ ਕਿ ਸਾਲ 2026 ਵਿੱਚ 400 ਸਾਲਾ ਸਮਾਗਮ ਦੇ ਮੱਦੇਨਜ਼ਰ ਕੀਰਤਪੁਰ ਸਾਹਿਬ ਲਈ ਵਿਸ਼ੇਸ਼ ਵਿਕਾਸ ਯੋਜਨਾ ਉਲੀਕੀ ਜਾਵੇਗੀ। ਇਸ ਤੋਂ ਇਲਾਵਾ ਕੀਰਤਪੁਰ ਬੱਸ ਅੱਡੇ ਅਤੇ ਮਾਰਕਿਟ ਦਰਮਿਆਨ ਪੁਲ ਦਾ ਨਿਰਮਾਣ ਹੋਵੇਗਾ ਜਿਸ ‘ਤੇ ਛੇਤੀ ਹੀ ਕੰਮ ਸ਼ੁਰੂ ਕੀਤਾ ਜਾਵੇਗਾ।ਸਥਾਨਕ ਖੇਤਰ ਵਿਕਾਸ (ਐਲ.ਏ.ਡੀ.) ਤਹਿਤ ਰੂਪਨਗਰ ਜ਼ਿਲੇ ਦੇ ਤਿੰਨਾਂ ਹਲਕਿਆਂ ਲਈ 15 ਕਰੋੜ ਰੁਪਏ ਦੇ ਬੰਧਨਮੁਕਤ ਫੰਡਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਵਿਕਾਸ ਮੰਤਵਾਂ ਲਈ ਸ੍ਰੀ ਆਨੰਦਪੁਰ ਸਾਹਿਬ ਨਗਰ ਕੌਂਸਲ ਅਤੇ ਨੰਗਲ ਨਗਰ ਕੌਂਸਲ ਨੂੰ 2-2 ਕਰੋੜ ਰੁਪਏ ਦਾ ਫੰਡ ਵੱਖਰੇ ਤੌਰ ‘ਤੇ ਦਿੱਤਾ ਜਾਵੇਗਾ। ਉਨਾਂ ਇਹ ਵੀ ਐਲਾਨ ਕੀਤਾ ਕਿ ਕੀਰਤਪੁਰ ਸਾਹਿਬ ਲਈ 50 ਲੱਖ ਰੁਪਏ, ਰੋਪੜ ਲਈ 1.5 ਕਰੋੜ ਰੁਪਏ, ਚਮਕੌਰ ਸਾਹਿਬ ਲਈ 50 ਲੱਖ ਰੁਪਏ ਅਤੇ ਮੋਰਿੰਡਾ ਲਈ 1.5 ਕਰੋੜ ਰੁਪਏ ਦੇ ਫੰਡ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਚਮਕੌਰ ਸਾਹਿਬ, ਰੋਪੜ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਪੇਂਡੂ ਖੇਤਰਾਂ ਲਈ ਕ੍ਰਮਵਾਰ 4 ਕਰੋੜ ਰੁਪਏ, 3 ਕਰੋੜ ਰੁਪਏ ਅਤੇ 6 ਕਰੋੜ ਰੁਪਏ ਦੀ ਵੱਖਰੀ ਗ੍ਰਾਂਟ ਦਾ ਵੀ ਐਲਾਨ ਕੀਤਾ ਤਾਂ ਕਿ ਇਨਾਂ ਇਲਾਕਿਆਂ ਦਾ ਸਮੁੱਚਾ ਵਿਕਾਸ ਕੀਤਾ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਐਲਾਨ ਕੀਤਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਯਾਦਗਾਰ ਦੇ ਨਿਰਮਾਣ, ਪਾਰਕ ਅਤੇ ਚਮਕੌਰ ਸਾਹਿਬ ਦੇ ਸੁੰਦਰੀਕਰਨ ‘ਤੇ 11 ਕਰੋੜ ਰੁਪਏ ਖਰਚੇ ਜਾਣਗੇ ਜਿਸ ਨੂੰ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ 10 ਸਾਲਾ ਦੌਰਾਨ ਅਣਗੌਲਿਆ ਕੀਤਾ ਹੋਇਆ ਸੀ। ਇਕੱਠ ਨੂੰ ਸੰਬੋਧਨ ਕਰਦਿਆਂ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਕਾਲੀਆਂ ਵੱਲੋਂ ਆਪਣੇ ਇਕ ਦਹਾਕੇ ਦੇ ਸ਼ਾਸਨਕਾਲ ਦੌਰਾਨ ਕਿਸਾਨਾਂ ਦੀਆਂ ਭਾਵਨਾਵਾਂ ‘ਤੇ ਸਖਤ ਆਲੋਚਨਾ ਕੀਤੀ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਕਰਜ਼ਾ ਮੁਆਫੀ ਬਾਰੇ ਚੋਣਾਂ ਤੋਂ ਪਹਿਲਾਂ ਕੀਤਾ ਵਾਅਦਾ ਪੁਗਾ ਦਿੱਤਾ ਹੈ। ਸ੍ਰੀ ਚੰਨੀ ਨੇ ਕਿਹਾ ਕਿ ਚਮਕੌਰ ਸਾਹਿਬ ਵਿਖੇ ਸਕਿੱਲ ਯੂਨੀਵਰਸਿਟੀ ਸਥਾਪਤ ਹੋਣ ਨਾਲ ਪੰਜਾਬ ਮੁਲਕ ਦੀ ਹੁਨਰਮੰਦ ਰਾਜਧਾਨੀ ਵਜੋਂ ਉਭਰੇਗਾ।ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅਕਾਲੀਆਂ ਨੂੰ ਹਰ ਮੁਹਾਜ਼ ‘ਤੇ ਨਾਕਾਮ ਰਹਿਣ ਲਈ ਆੜੇ ਹੱਥੀਂ ਲਿਆ। ਉਨਾਂ ਕਿਹਾ ਕਿ ਕੰਢੀ ਖੇਤਰ ਦੇ ਲੋਕਾਂ ਨੇ ਹਮੇਸ਼ਾ ਹੀ ਸਰਹੱਦਾਂ ਦੀ ਰਾਖੀ ਲਈ ਵੱਡਾ ਯੋਗਦਾਨ ਪਾਉਣ ਦੇ ਨਾਲ-ਨਾਲ ਅੱਤਵਾਦ ਵਿਰੁੱਧ ਵੀ ਢਟਵੀਂ ਲੜਾਈ ਲੜੀ ਹੈ।ਰਾਣਾ ਕੇ.ਪੀ.ਸਿੰਘ ਨੇ ਹਿਮਾਚਲ ਸਰਕਾਰ ਦੀ ਭਾਈਵਾਲੀ ਨਾਲ 250 ਕਰੋੜ ਰੁਪਏ ਦੀ ਲਾਗਤ ਨਾਲ ਆਨੰਦਪੁਰ ਸਾਹਿਬ-ਨੈਣਾ ਦੇਵੀ ਰੋਪ-ਵੇਅ ਪ੍ਰਾਜੈਕਟ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਜੋ ਪਿਛਲੇ 30 ਸਾਲਾਂ ਤੋਂ ਹਵਾ ਵਿੱਚ ਲਮਕ ਰਿਹਾ ਸੀ। ਸਪੀਕਰ ਨੇ ਮੁੱਖ ਮੰਤਰੀ ਨੂੰ ਕੰਢੀ ਖੇਤਰ ਵਿੱਚ ਵੱਡੇ ਉਦਯੋਗਿਕ ਯੂਨਿਟ ਸਥਾਪਤ ਕਰਨ ਦੀ ਅਪੀਲ ਕੀਤੀ ਤਾਂ ਕਿ ਇਲਾਕੇ ਵਿੱਚ ਬੇਰੁਜ਼ਗਾਰੀ ਦੀ ਸੱਮਸਿਆ ਹੱਲ ਕੀਤੀ ਜਾ ਸਕੇ।ਇਸ ਤੋਂ ਪਹਿਲਾਂ ਮੁੱਖ ਮੰਤਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖਤ ਸ੍ਰੀ ਕੇਸਗੜ ਸਾਹਿਬ ‘ਤੇ ਨਤਮਸਤਕ ਹੋਏ ਜਿੱਥੇ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉਨਾਂ ਨੂੰ ਸਿਰੋਪਾਓ ਬਖਸ਼ਿਸ਼ ਕੀਤਾ। ਮੁੱਖ ਮੰਤਰੀ ਵਿਰਾਸਤੀ ਖਾਲਸਾ ਮਿਊਜ਼ੀਅਮ ਵੇਖਣ ਵੀ ਗਏ ਜੋ ਸਿੱਖਾਂ ਦੇ 500 ਸਾਲਾਂ ਦੇ ਸ਼ਾਨਦਾਰ ਇਤਿਹਾਸ ਨੂੰ ਮੂਰਤੀਮਾਨ ਕਰਦਾ ਹੈ।ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਕਾਂਗਰਸ ਦੇ ਜ਼ਿਲਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਸਿੰਚਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਬਜੀਤ ਸਿੰਘ, ਸਹਿਕਾਰਤਾ ਵਿਭਾਗ ਦੇ ਸਕੱਤਰ ਵਿਕਾਸ ਗਰਗ, ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂੰ ਅਤੇ ਰੂਪਨਗਰ ਡਿਵੀਜ਼ਨ ਦੇ ਕਮਿਸ਼ਨਰ ਆਰ.ਕੇ.ਕੋਸ਼ਿਕ ਵੀ ਹਾਜ਼ਰ ਸਨ।


