- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗਿਆਨੀ ਹਰਪ੍ਰੀਤ ਸਿੰਘ ਬਣੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ
ਭਾਈ ਲੌਂਗੋਵਾਲ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਿਆ ਫੈਸਲਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਦਾ ਅਸਤੀਫ਼ਾ ਸਰਬਸੰਮਤੀ ਨਾਲ ਪ੍ਰਵਾਨ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਲਗਾ ਦਿੱਤਾ ਗਿਆ। ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਰਹਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਸੇਵਾਵਾਂ ਨਿਭਾਉਣਗੇ। ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਬੀਤੇ ਦਿਨੀਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਆਪਣੀ ਸਿਹਤ ਦਾ ਹਵਾਲਾ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਪਦ ਤੋਂ ਅਸਤੀਫਾ ਭੇਜ ਕੇ ਕਿਸੇ ਹੋਰ ਨੂੰ ਸੇਵਾ ਦੇਣ ਲਈ ਕਿਹਾ ਸੀ, ਜਿਸ ’ਤੇ ਵਿਚਾਰ-ਵਟਾਂਦਰੇ ਤੋਂ ਬਾਅਦ ਅੰਤ੍ਰਿੰਗ ਕਮੇਟੀ ਵੱਲੋਂ ਉਨ੍ਹਾਂ ਦਾ ਸਰਬਸੰਮਤੀ ਨਾਲ ਅਸਤੀਫ਼ਾ ਪ੍ਰਵਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾਵਾਂ ਦਿੱਤੀਆਂ ਗਈਆਂ ਹਨ। ਇਕ ਸਵਾਲ ਦੇ ਜਵਾਬ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਈ ਜਥੇਦਾਰ ਲਈ ਸਿੱਖ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਜਲਦ ਹੀ ਸਮਾਗਮ ਰੱਖਿਆ ਜਾਵੇਗਾ। ਭਾਈ ਲੌਂਗੋਵਾਲ ਨੇ ਆਸ ਪ੍ਰਗਟ ਕੀਤੀ ਕਿ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਕਾਰਜ ਕਰਨਗੇ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰਾਨ ਸ. ਭਗਵੰਤ ਸਿੰਘ ਸਿਆਲਕਾ, ਸ. ਲਖਬੀਰ ਸਿੰਘ ਅਰਾਈਆਂਵਾਲਾ, ਸ. ਗੁਰਤੇਜ ਸਿੰਘ ਢੱਡੇ, ਸ. ਨਵਤੇਜ ਸਿੰਘ ਕਾਉਣੀ, ਸ. ਹਰਦੇਵ ਸਿੰਘ ਰੋਗਲਾ, ਸ. ਸੱਜਣ ਸਿੰਘ ਬੱਜੂਮਾਨ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਬੀਬੀ ਗੁਰਪ੍ਰੀਤ ਕੌਰ, ਸ. ਗੁਰਮੀਤ ਸਿੰਘ ਬੂਹ, ਸ. ਰਵਿੰਦਰ ਸਿੰਘ ਚੱਕ ਤੇ ਸ. ਅਮਰੀਕ ਸਿੰਘ ਸ਼ਾਹਪੁਰ, ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਨਿੱਜੀ ਸਹਾਇਕ ਸ. ਸੁਖਮਿੰਦਰ ਸਿੰਘ ਐਕਸੀਅਨ ਤੇ ਹੋਰ ਮੌਜੂਦ ਸਨ।


