ਜੂਨ ’84 ਦੇ ਸ਼ਹੀਦਾਂ ਦੀ ਯਾਦ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਸ਼ਹੀਦੀ ਸਮਾਗਮ

ਕੌਮੀ ਇਕਜੁਟਤਾ ਨਾਲ ਹੀ ਸਿੱਖ ਕੌਮ ਨੂੰ ਦਰਪੇਸ਼ ਮਸਲਿਆਂ ਦਾ ਹੱਲ ਸੰਭਵ : ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ – ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕੇਂਦਰ ਦੀ ਕਾਂਗਰਸ ਸਰਕਾਰ ਦੇ ਹੁਕਮ ‘ਤੇ ਭਾਰਤੀ ਫੌਜ ਵੱਲੋਂ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਸਲਾਨਾ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਲੋਪੋਕੇ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ। ਸ਼ਹੀਦੀ ਸਮਾਗਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸਿੰਘ ਸਾਹਿਬ ਗਿਆਨੀ ਸੁਖਮਿੰਦਰ ਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਸਮੇਤ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ, ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਕ ਮੈਂਬਰ ਅਤੇ ਸੰਗਤਾਂ ਹਾਜ਼ਰ ਹੋਈਆਂ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੂਨ 1984 ਵਿਚ ਜ਼ਾਲਮ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਘੱਲੂਘਾਰੇ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕੌਮ ਨੂੰ ਇਕਜੁਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਦਿਹਾੜਾ ਕੌਮ ਲਈ ਸਵੈ-ਮੰਥਨ ਦਾ ਸਮਾਂ ਹੈ ਅਤੇ ਸਾਨੂੰ ਕੌਮ ਦੀ ਚੜ੍ਹਦੀ ਕਲਾ ਲਈ ਪੁਰਾਤਨ ਪੰਥਕ ਰਵਾਇਤਾਂ ਦੀ ਮਜ਼ਬੂਤੀ ਲਈ ਪਹਿਰਾ ਦੇਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਕੌਮ ਦੇ ਸਾਰੇ ਮਸਲੇ ਰਲਮਿਲ ਕੇ ਹੀ ਹੱਲ ਕੀਤੇ ਜਾ ਸਕਦੇ ਹਨ। ਉਨ੍ਹਾਂ ਪੰਜਾਬ ਦੀ ਨੌਜੁਆਨੀ ਦੇ ਵਿਦੇਸ਼ ਜਾਣ ਦੇ ਰੁਝਾਨ ‘ਤੇ ਚਿੰਤਾ ਪ੍ਰਗਟ ਕਰਦਿਆਂ ਇਸ ਸੰਜੀਦਾ ਮਾਮਲੇ ‘ਤੇ ਕੌਮ ਨੂੰ ਸੁਚੇਤ ਹੋਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਜੇਕਰ ਇਹ ਰੁਝਾਨ ਇਸੇ ਤਰ੍ਹਾਂ ਹੀ ਜਾਰੀ ਰਿਹਾ ਤਾਂ ਭਵਿੱਖ ਵਿਚ ਪੰਜਾਬ ਦੇ ਉੱਚ ਅਹੁਦਿਆਂ ‘ਤੇ ਸਿੱਖ ਅਧਿਕਾਰੀ ਨਹੀਂ ਲੱਭਣਗੇ। ਉਨ੍ਹਾਂ ਸਿੱਖ ਕੌਮ ਨੂੰ ਆਪਣੇ ਬੱਚਿਆਂ ਅਤੇ ਨੌਜੁਆਨਾਂ ਨੂੰ ਚੰਗੀ ਵਿਦਿਆ ਨਾਲ ਜੋੜਨ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਆਖਿਆ ਕਿ ਜੇਕਰ ਸਾਡੀ ਨੌਜੁਆਨੀ ਚੰਗੀ ਵਿੱਦਿਆ ਦੀ ਧਾਰਨੀ ਬਣਗੇ ਤਾਂ ਕੌਮ ਹਰ ਖੇਤਰ ਵਿਚ ਤਰੱਕੀ ਦੀ ਬੁਲੰਦੀਆਂ ਛੂਹੇਗੀ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼ਹੀਦੀ ਸਮਾਗਮ ਦੌਰਾਨ ਪੁੱਜੀਆਂ ਸਮੂਹ ਜਥੇਬੰਦੀਆਂ, ਸਭਾ ਸੁਸਾਇਟੀਆਂ, ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।ਸਮਾਗਮ ਦੌਰਾਨ ਸੰਤ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਪਤਨੀ ਬੀਬੀ ਹਰਮੀਤ ਕੌਰ, ਉਨ੍ਹਾਂ ਦੀ ਸਪੁਤਰੀ ਬੀਬੀ ਸਤਵੰਤ ਕੌਰ ਤੇ ਭਰਾਤਾ ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ, ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ ਦੇ ਭਤੀਜੇ ਭਾਈ ਸੁਖਵਿੰਦਰ ਸਿੰਘ ਅਗਵਾਨ, ਭਾਈ ਤਰਲੋਚਨ ਸਿੰਘ, ਭਾਈ ਜਸਬੀਰ ਸਿੰਘ ਘੁੰਮਣ ਅਤੇ ਹੋਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਗਿਆਨੀ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨ ਦਿੱਤਾ।

VIA PUNJAB