ਡੇਰਾ ਹੰਸਾਲੀ ਸਾਹਿਬ ਵਿਖੇ ਕਰਵਾਏ ਸਮਾਗਮ ਮੌਕੇ ਕੈਬਨਿਟ ਮੰਤਰੀ ਸ੍ਰੀ ਧਰਮਸੋਤ ਨੇ ਹਾਜ਼ਰੀ ਭਰੀ

ਸਮਾਜ ਸੇਵਾ ਦੇ ਵੱਧ ਤੋਂ ਵੱਧ ਕਾਰਜ ਕਰਨ ਦੀ ਲੋੜ : ਧਰਮਸੋਤ

ਸ੍ਰੀ ਫ਼ਤਹਿਗੜ੍ਹ ਸਾਹਿਬ ਬ੍ਰਹਮ ਗਿਆਨੀ ਸਵ. ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਸਾਹਿਬ ਵਾਲਿਆਂ ਨੇ ਆਪਣਾ ਸਮੁੱਚਾ ਜੀਵਨ ਮਾਨਵਤਾ ਦੀ ਸੇਵਾ ਵਿੱਚ ਲਾਇਆ ਤੇ ਗਰੀਬਾਂ, ਲੋੜਵੰਦਾਂ ਅਤੇ ਬੇਸਹਾਰਿਆਂ ਦੀ ਮਦਦ ਲਈ ਹਮੇਸ਼ਾਂ ਅੱਗੇ ਵੱਧ ਕੇ ਕਾਰਜ ਕੀਤੇ। ਉਨ੍ਹਾਂ ਦੀਆਂ ਸਿੱਖਿਆਂ ਤੇ ਕੀਤੇ ਕਾਰਜਾਂ ਤੋਂ ਸੇਧ ਲੈ ਕੇ ਸਾਨੂੰ ਸਮਾਜ ਸੇਵਾ ਦੇ ਵੱਧ ਤੋਂ ਵੱਧ ਕਾਰਜ ਕਰਨੇ ਚਾਹੀਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜੰਗਲਾਤ ਮੰਤਰੀ, ਪੰਜਾਬ ਸ. ਸਾਧੂ ਸਿੰਘ ਧਰਮਸੋਤ ਨੇ ਡੇਰਾ ਹੰਸਾਲੀ ਸਾਹਿਬ ਵਿਖੇ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਸਾਹਿਬ ਵਾਲਿਆਂ ਦੀ ਬਰਸੀ ਸਬੰਧੀ ਕਰਵਾਏ ਸਮਾਗਮ ਵਿੱਚ ਸ਼ਾਮਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੈਰਰਸਮੀ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਅਜੀਤ ਸਿੰਘ ਜੀ ਨੇ ਗੁਰੂ ਨਾਨਕ ਪਾਤਸ਼ਾਹ ਵੱਲੋਂ ਦਿਖਾਏ ਰਾਹ ’ਤੇ ਚੱਲਦਿਆਂ ਮਨੁੱਖਤਾ ਦੀ ਸੇਵਾ ਕੀਤੀ ਅਤੇ ਲੋਕਾਂ ਨੂੰ ਹੱਕ ਸੱਚ ਦੇ ਰਸਤੇ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸ.ਧਰਮਸੋਤ ਨੇ ਕਿਹਾ ਕਿ ਬਾਬਾ ਜੀ ਵੱਲੋਂ ਸਿੱਖਿਆ, ਸਿਹਤ ਅਤੇ ਖੇਡਾਂ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਨੇ ਇਸ ਮੌਕੇ ਸੀ.ਟੀ.ਯੂ ਸਟਾਫ ਅਤੇ ਬਲਾੜਾ ਗਰੁੱਪ ਵੱਲੋਂ ਲਗਾਏ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ ਅਤੇ ਖੂਨਦਾਨੀਆਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਸ੍ਰੀ ਗੁਰੂ ਹਰਕ੍ਰਿਸ਼ਨ ਚੈਰੀਟੇਬਲ ਹਸਪਤਾਲ ਸੋਹਾਣਾ ਵੱਲੋਂ ਮੁਫਤ ਮੈਡੀਕਲ ਕੈਂਪ ਵੀ ਲਗਾਇਆ ਗਿਆ, ਜਿੱਥੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਮੈਡੀਕਲ ਚੈਕਅਪ ਕਰਵਾਇਆ। ਕੈਬਨਿਟ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਹਮੇਸ਼ਾਂ ਲੋੜਵੰਦ ਲੋਕਾਂ ਦੀ ਭਲਾਈ ਦੇ ਕਾਰਜ ਕਰਨੇ ਚਾਹੀਦੇ ਹਨ। ਇਸ ਮੌਕੇ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਪਰਮਜੀਤ ਸਿੰਘ, ਸਾਧੂ ਰਾਮ ਭੱਟਮਾਜਰਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

VIA PUNJAB