ਦਸਮ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅਲੌਕਿਕ ਜਲੌ ਸਜਾਏ, ਪ੍ਰਸਿੱਧ ਰਾਗੀ ਜਥਿਆਂ ਨੇ ਭਰੀ ਕੀਰਤਨ ਦੀ ਹਾਜ਼ਰੀ

ਅੰਮ੍ਰਿਤਸਰ – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਹੱਦ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ ਜਿਸ ਦੇ ਸੰਗਤ ਨੇ ਦਰਸ਼ਨ ਕੀਤੇ ਤੇ ਅਨੰਦ ਮਾਣਿਆ। ਇਸੇ ਦੌਰਾਨ ਹੀ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਕੀਰਤਨ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਪਾਵਨ ਹੁਕਨਾਮੇ ਮਗਰੋਂ ਜਿਥੇ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਉਥੇ ਹੀ ਗੁਰੂ ਸਾਹਿਬ ਜੀ ਦੇ ਪਾਵਨ ਉਪਦੇਸ਼ਾਂ ਨੂੰ ਜੀਵਨ ਵਿਚ ਅਪਣਾਉਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੇ ਹੁਕਮਾਂ ਅਨੁਸਾਰੀ ਜੀਵਨ ਜਿਊਣਾ ਚਾਹੀਦਾ ਹੈ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹੀ ਧਾਰਮਿਕ ਦੀਵਾਨ ਵਿਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਤੇ ਪੰਥਕ ਕਵੀਆਂ ਨੇ ਹਾਜਰੀ ਭਰੀ ਅਤੇ ਗੁਰੂ ਸਾਹਿਬ ਜੀ ਦਾ ਜੀਵਨ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਮੁਖਤਾਰ ਸਿੰਘ, ਸ. ਬਘੇਲ ਸਿੰਘ, ਸ. ਸਤਨਾਮ ਸਿੰਘ ਮਾਂਗਾ ਸਰਾਏ, ਸ. ਰਾਜਿੰਦਰ ਸਿੰਘ ਰੂਬੀ, ਸ. ਮਲਕੀਤ ਸਿੰਘ ਬਹਿੜਵਾਲ ਸਮੇਤ ਹੋਰ ਮੌਜੂਦ ਸਨ।

VIA PUNJAB