ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਦਾ ਜਨਮ ਦਿਹਾੜਾ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਅਤੇ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ
ਐਸ ਏ ਐਸ ਨਗਰ – ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਗੁਰਦੁਆਰਾ ਸਾਹਿਬ ਪੁੱਜ ਕੇ ਹਾਜਰੀ ਲਗਵਾਈ| ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸ੍ਰੀ ਦਰਬਾਰ ਸਾਹਿਬ ਜੀ ਦੀ ਅੰਦਰੋਂ ਵਿਸ਼ੇਸ਼ ਰੂਪ ਨਾਲ ਫੁੱਲਾਂ ਨਾਲ ਸਜਾਵਟ ਕੀਤੀ ਗਈ ਸੀ| ਸ੍ਰੀ ਦਰਬਾਰ ਸਾਹਿਬ ਜੀ ਨੂੰ ਬਾਹਰੋਂ ਅਤੇ ਗੇਟ ਤੱਕ ਦੇ ਰਸਤੇ ਨੂੰ ਰੰਗ ਬਿਰੰਗੀਆਂ ਲਾਈਟਾਂ ਨਾਲ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ| ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਬੀਬੀ ਦਲੇਰ ਕੌਰ ਪੰਡੋਰੀ ਖਾਸ ਵਾਲੀਆਂ ਬੀਬੀਆਂ ਦੇ ਗੋਲਡ ਮੈਡਲਿਸਟ ਇੰਟਰਨੈਸ਼ਨਲ ਢਾਡੀ ਜੱਥੇ ਨੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਦੁਆਰਾ ਦੇਸ਼, ਕੌਮ ਅਤੇ ਧਰਮ ਖਾਤਰ ਅੰਗਰੇਜਾਂ ਨਾਲ ਕੀਤੀ ਜੰਗ ਵਿੱਚ ਇਸ ਅਸਥਾਨ ਤੇ ਹਜ਼ਾਰਾਂ ਸਿੰਘਾਂ ਸਮੇਤ ਸ਼ਹੀਦੀ ਪ੍ਰਾਪਤ ਕਰਨ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ| ਭਾਈ ਓਂਕਾਰ ਸਿੰਘ ਊਨਾ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ | ਇਸ ਤੋਂ ਇਲਾਵਾ ਭਾਈ ਮਹਿਲ ਸਿੰਘ ਦਾ ਇੰਟਰਨੈਸ਼ਨਲ ਕਵੀਸ਼ਰੀ ਜੱਥਾ, ਭਾਈ ਜਰਨੈਲ ਸਿੰਘ ਸ਼੍ਰੋਮਣੀ ਪ੍ਰਚਾਰਕ ਲੁਧਿਆਣਾ ਵਾਲੇ, ਭਾਈ ਬੰਤਾ ਸਿੰਘ ਭਾਈ ਬਿਧੀ ਚੰਦ ਸੰਪ੍ਰਦਾਇ ਵਾਲੇ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਨਿਸ਼ਾਨ ਸਿੰਘ ਪਟਿਆਲਾ, ਸੰਤ ਮਹਿੰਦਰ ਸਿੰਘ ਲੰਬਿਆਂ ਵਾਲੇ, ਭਾਈ ਕੁਲਦੀਪ ਸਿੰਘ, ਭਾਈ ਪ੍ਰਿਤਪਾਲ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਸੰਦੀਪ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ| ਹਰ ਵਿਭਾਗ ਦੇ ਮਾਹਿਰ ਡਾਕਟਰਾਂ ਦੁਆਰਾ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ| ਇਸ ਦੌਰਾਨ ਗੁਰੁਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੀ ਯਾਦ ਵਿੱਚ ਸਮੂਹ ਮਾਨਵਤਾ ਦੇ ਭਲੇ ਲਈ ਲਗਾਏ ਗਏ ਖੂਨਦਾਨ ਕੈਂਪ ਵਿੱਚ ਪੀ.ਜੀ.ਆਈ., ਜਨਰਲ ਹਸਪਤਾਲ ਸੈਕਟਰ 16, ਸਰਕਾਰੀ ਹਸਪਤਾਲ ਸੈਕਟਰ 32, ਰੋਟਰੀ ਬਲੱਡ ਬੈਂਕ ਸੈਕਟਰ 37, ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ, ਸਿਵਲ ਹਸਪਤਾਲ ਮੁਹਾਲੀ, ਸਿਵਲ ਹਸਪਤਾਲ ਰੋਪੜ, ਸਿਵਲ ਹਸਪਤਾਲ ਖਰੜ, ਰਜਿੰਦਰਾ ਹਸਪਤਾਲ ਪਟਿਆਲਾ ਦੇ ਬਲੱਡ ਬੈਂਕ ਦੀਆਂ ਟੀਮਾਂ ਨੇ ਲੋੜਵੰਦਾਂ ਵਾਸਤੇ ਖੂਨ ਇਕੱਤਰ ਕੀਤਾ| ਪ੍ਰਬੰਧਕਾਂ ਵੱਲੋਂ ਸਾਰੇ ਖੂਨਦਾਨੀਆਂ ਵਾਸਤੇ ਦੁੱਧ, ਜੂਸ, ਪਿੰਨੀਆਂ ਅਤੇ ਕਈ ਤਰ੍ਹਾਂ ਦੇ ਫਲਾਂ ਦਾ ਖਾਸ ਪ੍ਰਬੰਧ ਕੀਤਾ ਗਿਆ ਸੀ| ਇਸ ਦੌਰਾਨ ਸਾਰੇ ਖੂਨਦਾਨੀਆਂ ਨੂੰ ਹਰ ਵਾਰ ਦੀ ਤਰ੍ਹਾਂ ਪ੍ਰਬੰਧਕ ਕਮੇਟੀ ਵੱਲੋਂ ਦੇਸੀ ਘਿਓ ਦੀ ਪੰਜੀਰੀ, ਸਨਮਾਨ ਚਿੰਨ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ| ਇਸ ਖੂਨਦਾਨ ਕੈਂਪ ਵਿੱਚ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲੇ, ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਖੂਨਦਾਨੀਆਂ ਨੂੰ ਆਪ ਆ ਕੇ ਆਸ਼ੀਰਵਾਦ ਦਿੱਤਾ| ਕਈ ਉੱਘੇ ਸਿਆਸੀ ਆਗੂ, ਧਾਰਮਿਕ ਸਖਸ਼ੀਅਤਾਂ, ਪਿੰਡ ਅਤੇ ਇਲਾਕੇ ਦੇ ਪਤਵੰਤੇ ਸੱਜਣ ਉਚੇਚੇ ਤੌਰ ਤੇ ਇਸ ਖੂਨਦਾਨ ਕੈਂਪ ਵਿੱਚ ਖੂਨਦਾਨੀਆਂ ਦੀ ਹੌਸਲਾ ਅਫਜਾਈ ਕਰਨ ਲਈ ਪੁੱਜੇ ਹੋਏ ਸਨ| ਇਸ ਕੈਂਪ ਵਿੱਚ ਖਬਰ ਲਿਖੇ ਜਾਣ ਤੱਕ 932 ਵਿਅਕਤੀ ਖੂਨਦਾਨ ਕਰ ਚੁੱਕੇ ਸਨ ਅਤੇ ਖੂਨਦਾਨ ਕਰਨ ਵਾਲਿਆਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਸਨ| ਸ਼ਾਮ ਤੱਕ 1250 ਖੂਨਦਾਨੀਆਂ ਦੇ ਖੂਨਦਾਨ ਕਰਨ ਦਾ ਅੰਦਾਜਾ ਲਗਾਇਆ ਜਾ ਰਿਹਾ ਸੀ| ਪਿਛਲੇ ਸਾਲ ਲਗਾਏ ਗਏ ਖੂਨਦਾਨ ਕੈਂਪ ਵਿੱਚ 1156 ਵਿਅਕਤੀਆਂ ਨੇ ਖੂਨਦਾਨ ਕੀਤਾ ਸੀ| ਇਸ ਤੋਂ ਪਹਿਲਾਂ ਬੀਤੇ ਕੱਲ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ ਗਿਆ| ਇਹ ਪ੍ਰਭਾਤ ਫੇਰੀ ਨਿੱਤਨੇਮ ਦੀ ਅਰਦਾਸ ਉਪਰੰਤ ਸਵੇਰੇ 5:30 ਵਜੇ ਅਰੰਭ ਹੋ ਕੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਦੇ ਅਸਥਾਨ ਹੰਸਾਲੀ ਖੇੜਾ (ਫਤਹਿਗੜ੍ਹ ਸਾਹਿਬ) ਵਿਖੇ ਸਮਾਪਤ ਹੋਈ| ਇਸ ਪ੍ਰਭਾਤ ਫੇਰੀ ਵਿੱਚ ਇਲਾਕੇ ਦੀਆਂ ਕਈ ਉੱਘੀਆਂ ਸਖਸ਼ੀਅਤਾਂ ਵਿਸ਼ੇਸ਼ ਤੌਰ ਤੇ ਪਹੁੰਚੀਆਂ ਹੋਈਆਂ ਸਨ| ਇਸ ਪ੍ਰਭਾਤ ਫੇਰੀ ਵਿੱਚ ਸੰਗਤ ਬੱਸਾਂ, ਕਾਰਾਂ, ਟਰੱਕਾਂ, ਟਰੈਕਟਰ-ਟਰਾਲੀਆਂ, ਸਕੂਟਰਾਂ, ਮੋਟਰਸਾਈਕਲਾਂ ਰਾਹੀਂ ਸ਼ਾਮਿਲ ਹੋ ਕੇ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀ ਸੀ| ਇਸ ਪ੍ਰਭਾਤ ਫੇਰੀ ਵਿੱਚ ਕੀਰਤਨੀ ਜੱਥੇ ਲਾਊਡ ਸਪੀਕਰਾਂ ਰਾਹੀਂ ਕੀਰਤਨ ਕਰਕੇ ਸੰਗਤਾਂ ਨੂੰ ਹਰਿ ਜਸ ਸਰਵਣ ਕਰਵਾ ਰਹੇ ਸਨ| ਰਸਤੇ ਵਿੱਚ ਸੰਗਤਾਂ ਵੱਲੋਂ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ | ਇਹ ਪ੍ਰਭਾਤ ਫੇਰੀ ਸਵੇਰੇ 8 ਵਜੇ ਦੇ ਕਰੀਬ ਹੰਸਾਲੀ ਸਾਹਿਬ ਪੁੱਜੀ| ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਉਚੇਚੇ ਤੌਰ ਤੇ ਪ੍ਰਭਾਤ ਫੇਰੀ ਵਿੱਚ ਆਉਣ ਵਾਲੀਆਂ ਸੰਗਤਾਂ ਦੇ ਦਰਸ਼ਨ ਕੀਤੇ|

VIA PUNJAB