ਪ੍ਰਧਾਨ ਮੰਤਰੀ ਵੱਲੋਂ ਬਿਮਸਟਿਕ ਮੁਲਕਾਂ ਦੇ ਆਗੂਆਂ ਨਾਲ ਮੀਟਿੰਗਾਂ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀਲੰਕਾ ਦੇ ਰਾਸ਼ਟਰਪਤੀ ਮੈਤਰੀਪਾਲ ਸਿਰੀਸੇਨਾ, ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਅਤੇ ਭੂਟਾਨ ਦੇ ਪ੍ਰਧਾਨ ਮੰਤਰੀ ਲੋਟੇ ਸ਼ੇਰਿੰਗ ਨਾਲ ਵੱਖ ਵੱਖ ਮੀਟਿੰਗਾਂ ਕੀਤੀਆਂ ਅਤੇ ਉਨ੍ਹਾਂ ਨਾਲ ਦੁਵੱਲੇ ਰਿਸ਼ਤੇ ਹੋਰ ਮਜ਼ਬੂਤ ਕਰਨ ਬਾਰੇ ਚਰਚਾ ਕੀਤੀ। ਪ੍ਰਧਾਨ ਮੰਤਰੀ ਵਜੋਂ ਆਪਣੇ ਦੂਜੇ ਕਾਰਜਕਾਲ ਦੀ ਸਹੁੰ ਚੁੱਕਣ ਤੋਂ ਇੱਕ ਦਿਨ ਬਾਅਦ ਸ੍ਰੀ ਮੋਦੀ ਨੇ ਬੰਗਲਾਦੇਸ਼ ਦੇ ਰਾਸ਼ਟਰਪਤੀ ਅਬਦੁਲ ਹਾਮਿਦ ਅਤੇ ਮੌਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜਗਨਨਾਥ ਨਾਲ ਵੀ ਚਰਚਾ ਕੀਤੀ। ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਗਮ ’ਚ ਹਿੱਸਾ ਲੈਣ ਲਈ ਬਿਮਸਟਿਕ ਮੁਲਕਾਂ ਦੇ ਆਗੂ ਆਏ ਹੋਏ ਸਨ। ਵਿਦੇਸ਼ ਮੰਤਰਾਲੇ ਅਨੁਸਾਰ ਮੋਦੀ ਅਤੇ ਸਿਰੀਸੇਨਾ ਵਿਚਾਲੇ ਮੀਟਿੰਗ ਦੌਰਾਨ ਦੋਵਾਂ ਆਗੂਆਂ ਨੇ ਅਤਿਵਾਦ ਤੇ ਕੱਟੜਵਾਦ ਬਾਰੇ ਚਰਚਾ ਕਰਦਿਆਂ ਦੁਵੱਲੇ ਸਹਿਯੋਗ, ਦੱਖਣੀ ਏਸ਼ੀਆ ਤੇ ਹਿੰਦ ਮਹਾਂਸਾਗਰ ਖੇਤਰ ’ਚ ਸ਼ਾਂਤੀ ਤੇ ਸੁਰੱਖਿਆ ਲਈ ਕਰੀਬੀ ਸਹਿਯੋਗ ਵਧਾਉਣ ਦੀ ਪ੍ਰਤੀਬੱਧਤਾ ਜ਼ਾਹਿਰ ਕੀਤੀ। ਮੋਦੀ ਤੇ ਜਗਨਨਾਥ ਵਿਚਾਲੇ ਗੱਲਬਾਤ ਦੌਰਾਨ ਦੋਵਾਂ ਆਗੂਆਂ ਨੇ ਦੋਵਾਂ ਮੁਲਕਾਂ ਤੇ ਹਿੰਦ ਮਹਾਂਸਾਗਰ ਖੇਤਰ ’ਚ ਸੁਰੱਖਿਆ ਤੇ ਵਿਕਾਸ ਦੇ ਸਾਂਝੇ ਦ੍ਰਿਸ਼ਟੀਕੋਣ ’ਤੇ ਕੰਮ ਕਰਨ ’ਤੇ ਸਹਿਮਤੀ ਪ੍ਰਗਟਾਈ।

VIA PUNJAB