ਬਰਗਾੜੀ ਦੇ ਮੁੱਖ ਦੋਸ਼ੀ ਦੇ ਜੇਲ ਵਿੱਚ ਹਮਲੇ ਦੌਰਾਨ ਮਾਰੇ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਤੱਥਾਂ ਦੀ ਪੜਤਾਲ ਦੀ ਜਾਂਚ ਦੇ ਹੁਕਮ

ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧ ਮਜ਼ਬੂਤ, ਮੁੱਖ ਮੰਤਰੀ ਵੱਲੋਂ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੀ ਚਿਤਾਵਨੀ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਨਾਭਾ ਜੇਲ ਵਿੱਚ ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ’ਤੇ ਹੋਏ ਘਾਤਕ ਹਮਲੇ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ ਅਤੇ ਉਨਾਂ ਨੇ ਹਮਲਾਵਰਾਂ ਲਈ ਸਖ਼ਤ ਸਜ਼ਾ ਦੀ ਚਿਤਾਵਨੀ ਦਿੱਤੀ ਹੈ। ਏ.ਡੀ.ਜੀ.ਪੀ. ਜੇਲਾਂ ਰੋਹਿਤ ਚੌਧਰੀ ਤੱਥਾਂ ਦੀ ਪੜਤਾਲ ਕਰਨ ਵਾਲੀ ਕਮੇਟੀ ਦੇ ਮੁਖੀ ਹੋਣਗੇ ਅਤੇ ਕਮੇਟੀ ਨੂੰ ਤਿੰਨ ਦਿਨਾਂ ਦੇ ਵਿੱਚ ਆਪਣੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਦੋਸ਼ੀ ਮਹਿੰਦਰਪਾਲ ਬਿੱਟੂ ਦੀ ਹੱਤਿਆ ਵਿੱਚ ਲਾਜ਼ਮੀ ਜੂਡੀਸ਼ੀਅਲ ਪੜਤਾਲ ਤੋਂ ਇਲਾਵਾ ਇਹ ਜਾਂਚ ਹੋਵੇਗੀ। ਬਿੱਟੂ ਨੂੰ ਪਿਛਲੇ ਸਾਲ ਗਿ੍ਰਫਤਾਰ ਕੀਤਾ ਗਿਆ ਸੀ। ਇਸ ਹਮਲੇ ਦੇ ਸੰਦਰਭ ਵਿੱਚ ਮੁੱਖ ਮੰਤਰੀ ਨੇ ਸੂਬੇ ਭਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨਾਂ ਨੇ ਸਾਰੇ ਭਾਈਚਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਹੈ। ਉਨਾਂ ਜ਼ੋਰ ਦੇ ਕੇ ਕਿਹਾ ਕਿ ਹਮਲਾਵਰਾਂ ਨੂੰ ਇਸ ਜ਼ੁਰਮ ਵਾਸਤੇ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ।ਇਹ ਘਟਨਾ ਸ਼ਾਮ 5:15 ਵਜੇ ਉਸੇ ਵੇਲੇ ਵਾਪਰੀ ਜਦੋਂ ਬਿੱਟੂ ’ਤੇ ਹੋਰਨਾਂ ਕੈਦੀਆਂ ਨੇ ਹਮਲਾ ਕਰ ਦਿੱਤਾ। ਉਸ ਨੂੰ ਨਾਭਾ ਦੇ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਉਸ ਨੂੰ ਮਿ੍ਰਤਕ ਘੋਸ਼ਿਤ ਕਰ ਦਿੱਤਾ ਗਿਆ। ਮੁਢਲੀ ਜਾਂਚ-ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਫ਼ਰੀਦਕੋਟ ਦੇ ਬਿੱਟੂ (49) ’ਤੇ ਗੁਰਸੇਵਕ ਸਿੰਘ ਅਤੇ ਮਨਿੰਦਰ ਸਿੰਘ ਵੱਲੋਂ ਹਮਲਾ ਕੀਤਾ ਗਿਆ ਹੈ ਜੋ ਇਕ ਕਤਲ ਕੇਸ ਵਿੱਚ ਜੇਲ ’ਚ ਸਨ।

VIA PUNJAB