ਬ੍ਰਹਮਪੁਰਾ, ਅਜਨਾਲਾ ਪੁੱਤਰਾਂ ਸਮੇਤ ਅਕਾਲੀ ਦਲ ’ਚੋਂ ਕੱਢੇ

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਕੋਰ ਕਮੇਟੀ ਨੇ ਲਿਆ ਫੈਸਲਾ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਵੱਡੀ ਕਾਰਵਾਈ ਕਰਦੇ ਹੋਏ ਮਾਝੇ ਤੋਂ ਪਾਰਟੀ ਦੇ ਟਕਸਾਲੀ ਬਜ਼ੁਰਗ ਨੇਤਾਵਾਂ ਜੱਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਡਾ. ਰਤਨ ਸਿੰਘ ਅਜਨਾਲਾ ਨੂੰ ਉਨ੍ਹਾਂ ਦੇ ਪੁੱਤਰਾਂ ਸ. ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸ. ਅਮਰਪਾਲ ਸਿੰਘ ਬੋਨੀ ਸਮੇਤ 6 ਸਾਲ ਲਈ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਹੈ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।ਇਸ ਤੋਂ ਪਹਿਲਾਂ ਮਾਝੇ ਤੋਂ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਸੀ।ਜੱਥੇਦਾਰ ਬ੍ਰਹਮਪੁਰਾ ਅਤੇ ਜੱਥੇਦਾਰ ਅਜਨਾਲਾ ਨੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਨੌਜਵਾਨ ਆਗੂ ਸ. ਬਿਕਰਮ ਸਿੰਘ ਮਜੀਠੀਆ ਦੀ ਲੀਡਰਸ਼ਿਪ ਖਿਲਾਫ ਖੁੱਲ੍ਹੀ ਬਗਾਵਤ ਕਰ ਦਿੱਤੀ ਸੀ। ਦੋਵੇਂ ਆਗੂਆਂ ਵੱਲੋਂ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਨਵੀਂ ਦਿਸ਼ਾ ਦੇਣ ਲਈ ਵਿਚਾਰਾਂ ਕੀਤੀਆਂ ਜਾ ਰਹੀਆਂ ਸਨ ਕਿ ਇਸ ਦੌਰਾਨ ਐਤਵਾਰ ਨੂੰ ਚੰਡੀਗੜ੍ਹ ਵਿਚ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਵਿੱਚ ਦੋਹਾਂ ਨੂੰ ਪੁੱਤਰਾਂ ਸਮੇਤ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ। ਮੀਟਿੰਗ ਵਿੱਚ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਕਈ ਹੋਰ ਸੀਨੀਅਰ ਆਗੂ ਸ਼ਾਮਿਲ ਸਨ। ਸ. ਬ੍ਰਹਮਪੁਰਾ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੇ ਚੁਣੇ ਹੋਏ ਸੰਸਦ ਮੈਂਬਰ ਹਨ। ਉਨ੍ਹਾਂ ਨੇ ਪਹਿਲਾਂ ਹੀ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਕੇ ਚੋਹਲਾ ਸਾਹਿਬ ਵਿਖੇ ਵਡੀ ਰੈਲੀ ਕੀਤੀ ਸੀ ਤੇ ਸੁਖਬੀਰ ਬਾਦਲ ਦੀ ਪ੍ਰਧਾਨਗੀ ‘ਤੇ ਸਵਾਲ ਚੁਕੇ ਸਨ। ਮਾਝੇ ਦੇ ਆਗੂਆਂ ਦਾ ਕਹਿਣਾ ਹੈ ਕਿ ਸੋਦਾ ਸਾਧ ਨੂੰ ਮੁਆਫੀ ਦੇਣ, ਬਰਗਾੜੀ ਵਿੱਚ ਸੰਗਤਾਂ ’ਤੇ ਗੋਲੀ ਚਲਾਉਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਦੇ ਮਾਮਲਿਆਂ ਵਿੱਚ ਅਕਾਲੀ ਦਲ ਦੀ ਨੀਤੀ ਸਹੀ ਨਹੀਂ ਸੀ। ਅਕਾਲੀ ਦਲ ਵੱਲੋਂ ਕੀਤੀ ਗਈ ਤਾਜ਼ਾ ਕਾਰਵਾਈ ਨਾਲ ਪਾਰਟੀ ਇੱਕ ਵਾਰ ਫਿਰ ਗੰਭੀਰ ਸੰਕਟ ਦਾ ਸ਼ਿਕਾਰ ਹੋ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਬਾਗੀ ਨੇਤਾ ਜਵਾਬੀ ਕਾਰਵਾਈ ਲਈ ਅੱਗੇ ਆ ਸਕਦੇ ਹਨ। ਸਾਬਕਾ ਉਪ ਮੁਖ ਮੰਤਰੀ ਸੁਖਬੀਰ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਪਾਰਟੀ ਲੀਡਰਸ਼ਿਪ ਵਿਰੁਧ ਆਵਾਜ਼ ਬੁਲੰਦ ਕਰਨ ਵਾਲੇ ਦੋਹਾਂ ਆਗੂਆਂ ਦੇ ਪੁੱਤਰਾਂ ਨੂੰ ਵੀ ਪਾਰਟੀ ’ਚੋਂ ਕੱਢਿਆ ਗਿਆ ਹੈ। ਖਡੂਰ ਸਾਹਿਬ ਦੇ ਵਿਧਾਇਕ ਰਹੇ ਸਪੁੱਤਰ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਪਿਛਲੀ ਸਰਕਾਰ ਵਿਚ ਪਾਰਲੀਮਾਨੀ ਸਕਤਰ ਰਹੇ ਅਮਰਪਾਲ ਸਿੰਘ ਬੋਨੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਖੋਹ ਲਈ ਗਈ ਹੈ। ਦੋਵੇਂ ਅਕਾਲੀ ਦੋਵੇਂ ਆਗੂ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਸਨ ਜਿਤ ਸਕੇ। ਅਕਾਲੀ ਦਲ ਦੇ ਇਤਿਹਾਸ ਵਿਚ ਪਹਿਲੀ ਵਾਰ ਕਿਸੇ ਪ੍ਰਧਾਨ ਦਾ ਇੰਨੇ ਵਡੇ ਪਧਰ ‘ਤੇ ਵਿਰੋਧ ਹੋਇਆ ਹੈ ਤੇ ਇਸ ਤੋਂ ਬਾਅਦ ਪਹਿਲੀ ਵਾਰ ਇੰਨੇ ਵਡੇ ਪਧਰ ‘ਤੇ ਵਡੀਆਂ ਕਾਰਵਾਈਆਂ ਦੇਖੀਆਂ ਜਾ ਰਹੀਆਂ ਹਨ। ਹੁਣ ਬਾਗ਼ੀਆਂ ਵਿਚੋਂ ਸਿਰਫ਼ ਫ਼ਰੀਦਕੋਟ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਪੁਤਰ ਹੀ ਪਾਰਟੀ ਵਿਚ ਬਣੇ ਹੋਏ ਹਨ।

VIA PUNJAB