ਭਾਈ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜਿਆ ਸੱਦਾ

ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੱਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਇਸ ਸਾਲ ਸ਼ੁਰੂ ਕੀਤੇ ਜਾਣ ਵਾਲੇ ਸਮਾਗਮਾਂ ਦੌਰਾਨ 23 ਨਵੰਬਰ 2018 ਦੇ ਸਮਾਗਮ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਪੱਤਰ ਲਿਖਿਆ ਹੈ। ਸ. ਬੇਦੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਮੁੱਚੇ ਸਿੱਖ ਜਗਤ, ਗੁਰੂ ਨਾਨਕ ਨਾਮ ਲੇਵਾ ਸੰਗਤਾਂ ਅਤੇ ਭਾਰਤ ਸਮੇਤ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਰਲ-ਮਿਲ ਕੇ ਮਨਾਉਣ ਦੀ ਅਪੀਲ ਕੀਤੀ ਗਈ ਅਤੇ ਇਸੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਸੱਦਾ ਪੱਤਰ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਦੇ ਸਮਾਗਮਾਂ ਦੇ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 22 ਤੇ 23 ਨਵੰਬਰ ਨੂੰ ਵਿਸ਼ੇਸ਼ ਪ੍ਰੋਗਰਾਮ ਕੀਤੇ ਜਾਣਗੇ ਅਤੇ 23 ਨਵੰਬਰ ਦੇ ਵਿਸ਼ਾਲ ਗੁਰਮਤਿ ਸਮਾਗਮ ਵਿਚ ਸ਼ਾਮਲ ਹੋਣ ਲਈ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਭੇਜੇ ਜਾ ਰਹੇ ਹਨ।

VIA PUNJAB