ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਬਲੌਂਗੀ ਵਿਖੇ ਕੀਰਤਨ ਦਰਬਾਰ ਕਰਵਾਇਆ

ਐਸ ਏ ਐਸ ਨਗਰ – ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਬਲੌਂਗੀ ਵਿਖੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਸਮੂਹ ਸਿੰਘ ਸ਼ਹੀਦਾਂ ਦੀ ਯਾਦ ਵਿੱਚ ਇੱਕ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ, ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ, ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲੇ, ਭਾਈ ਰਾਜਿੰਦਰ ਸਿੰਘ ਮੋਹਣੀ ਅਤੇ ਕਾਲਜ ਦੀਆਂ ਵਿਦਿਆਰਥੀਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ| ਇਸ ਮੌਕੇ ਵੱਡੀ ਗਿਣਤੀ ਵਿੱਚ ਕਾਲਜ ਦੇ ਵਿਦਿਆਰਥੀਆਂ ਤੇ ਸਟਾਫ ਮੈਂਬਰਾਂ ਤੋਂ ਇਲਾਵਾ ਮੁਹਾਲੀ ਅਤੇ ਆਸ ਪਾਸ ਦੇ ਪਿੰਡਾਂ ਤੋਂ ਸੰਗਤ ਜੁੜੀ ਹੋਈ ਸੀ| ਹਜ਼ੂਰੀ ਰਾਗੀਆਂ ਨੇ ਗੁਰਬਾਣੀ ਦੇ ਕੀਰਤਨ ਦੇ ਨਾਲ ਨਾਲ ਗੁਰੂ ਇਤਿਹਾਸ ਦੀ ਵਿਆਖਿਆ ਕਰਕੇ ਬਹੁਤ ਸਹਿਜ ਭਾਵ ਨਾਲ ਵਿਦਿਆਰਥੀਆਂ ਨੂੰ ਸਰਲ ਢੰਗ ਨਾਲ ਇਤਿਹਾਸ ਸਰਵਣ ਕਰਵਾਇਆ| ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ|ਵਿਸ਼ੇਸ਼ ਗੱਲ ਇਹ ਰਹੀ ਕਿ ਗੱਲ ਦੀਆਂ ਵਿਦਿਆਰਥਣਾਂ ਨੇ ਹੀ ਸਮਾਗਮ ਵਾਲੇ ਪੰਡਾਲ ਦੀ ਵਧੀਆ ਤਰੀਕੇ ਨਾਲ ਸਜਾਵਟ ਕੀਤੀ, ਉਸ ਨੂੰ ਫੁੱਲਾਂ ਨਾਲ ਸਜਾਇਆ ਅਤੇ ਕੀਰਤਨ ਵੀ ਕੀਤਾ ਤੇ ਲੰਗਰ ਵੀ ਤਿਆਰ ਕਰਵਾਇਆ| ਇਸ ਮੌਕੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਜੀ ਨੇ ਵਿਦਿਆਰਥਣਾਂ ਨੂੰ ਸਾਹਿਬਜ਼ਾਦਿਆਂ ਦੀ ਜ਼ਿੰਦਗੀ ਤੋਂ ਪ੍ਰੇਰਨਾ ਲੈਣ ਦੀ ਪ੍ਰੇਰਣਾ ਦਿੱਤੀ ਅਤੇ ਕਿਹਾ ਕਿ ਸੱਚ ਨੂੰ ਹਮੇਸ਼ਾਂ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ| ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਵਿਦਿਆਰਥੀਆਂ ਦੀ ਸਾਲ ਦੇ ਅੰਤ ਵਿੱਚ ਪ੍ਰੀਖਿਆ ਹੁੰਦੀ ਹੈ, ਉਸੇ ਤਰ੍ਹਾਂ ਗੁਰੂ ਸਾਹਿਬ ਜਾਂ ਅਕਾਲ ਪੁਰਖ ਵੀ ਚੰਗੇ ਮਨੁੱਖਾਂ ਦੀ ਪ੍ਰੀਖਿਆ ਲੈਂਦੇ ਹਨ| ਇਸ ਲਈ ਕਿਸੇ ਪ੍ਰੀਖਿਆ ਤੋਂ ਡਰਨਾ ਨਹੀਂ ਚਾਹੀਦਾ

VIA PUNJAB