ਮੁੱਖ ਮੰਤਰੀ ਨੇ ਨਵੀਂ ਦਿੱਲੀ ਤੋਂ ਅੰਮ੍ਰਿਤਸਰ ਦਰਮਿਆਨ ਪ੍ਰਕਾਸ਼ ਪੁਰਬ ਐਕਸਪ੍ਰੈਸ ਰੇਲ ਗੱਡੀ ਚਲਾਉਣ ਦੀ ਮੰਗ ਕੇਂਦਰੀ ਰੇਲਵੇ ਮੰਤਰੀ ਕੋਲ ਉਠਾਈ

ਕੌਮੀ ਰਾਜਧਾਨੀ ਤੋਂ ਸੁਲਤਾਨਪੁਰ ਲੋਧੀ ਤੱਕ ਹਫ਼ਤੇ ਵਿੱਚ ਤਿੰਨ ਦਿਨ ਵਿਸ਼ੇਸ਼ ਰੇਲ ਗੱਡੀ ਚਲਾਉਣ ਦੀ ਵੀ ਮੰਗ ਉਠਾਈ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਰੇਲਵੇ ਮੰਤਰੀ ਪਿਯੂਸ਼ ਗੋਇਲ ਨਾਲ ਗੱਲ ਕਰਕੇ ਨਵੀਂ ਦਿੱਲੀ ਤੋਂ ਅੰਮ੍ਰਿਤਸਰ ਵਾਇਆ ਸੁਲਤਾਨਪੁਰ ਲੋਧੀ ਤੱਕ ਪ੍ਰਕਾਸ਼ ਪੁਰਬ ਐਕਸਪ੍ਰੈਸ ਨਾਂ ਦੀ ਐਕਸਪ੍ਰੈਸ ਰੇਲ ਸੇਵਾ ਸਥਾਈ ਤੌਰ ’ਤੇ ਸ਼ੁਰੂ ਕਰਨ ਬਾਰੇ ਸੂਬੇ ਦੀ ਮੰਗ ਦੀ ਪੈਰਵੀ ਕੀਤੀ ਤਾਂ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦੌਰਾਨ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਨੂੰ ਸਹੂਲਤ ਮੁਹੱਈਆ ਹੋ ਸਕੇ। ਮੁੱਖ ਮੰਤਰੀ ਨੇ ਇਕ ਅਕਤੂਬਰ ਤੋਂ 30 ਨਵੰਬਰ, 2019 ਦੇ ਸਮੇਂ ਦੌਰਾਨ ਸੁਲਤਾਨਪੁਰ ਲੋਧੀ ਤੋਂ ਨਵੀਂ ਦਿੱਲੀ ਦਰਮਿਆਨ ਹਫ਼ਤੇ ਵਿੱਚ ਤਿੰਨ ਦਿਨ ਵਿਸ਼ੇਸ਼ ਰੇਲ ਸੇਵਾ ਸ਼ੁਰੂ ਕਰਨ ’ਤੇ ਵੀ ਜ਼ੋਰ ਦਿੱਤਾ ਤਾਂ ਕਿ ਸੰਗਤਾਂ ਦੇ ਸਫਰ ਲਈ ਸੁਖਾਲੇ ਤੇ ਸਿੱਧੇ ਸੰਪਰਕ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਇਤਿਹਾਸਕ ਸਮਾਗਮਾਂ ਦੇ ਮੱਦੇਨਜ਼ਰ ਪਵਿੱਤਰ ਨਗਰ ਦੀ ਅਹਿਮੀਅਤ ਨੂੰ ਮੁੱਖ ਰੱਖਦਿਆਂ ਸੁਲਤਾਨਪੁਰ ਲੋਧੀ ਦੇ ਮੌਜੂਦਾ ਰੇਲਵੇ ਸਟੇਸ਼ਨ ਨੂੰ ਵੀ ਅਪਗ੍ਰੇਡ ਕਰਨ ਦੀ ਮੰਗ ਕੀਤੀ। ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਨਵੰਬਰ, 2019 ਵਿੱਚ ਮਨਾਉਣ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਇਸ ਮਹੀਨੇ ਦੇ ਆਰੰਭ ਵਿੱਚ ਕੇਂਦਰੀ ਮੰਤਰੀ ਨੂੰ ਇਕ ਪੱਤਰ ਲਿਖਿਆ ਸੀ ਜਿਸ ਵਿੱਚ ਉਨ੍ਹਾਂ ਦੱਸਿਆ ਸੀ ਕਿ ਸੂਬਾ ਸਰਕਾਰ ਨੇ ਸੁਲਤਾਨਪੁਰ ਲੋਧੀ ਤੋਂ 23 ਨਵੰਬਰ, 2018 ਤੋਂ ਸਾਲ ਭਰ ਚੱਲਣ ਵਾਲੇ ਸਮਾਗਮਾਂ ਦਾ ਆਰੰਭ ਪਹਿਲਾਂ ਹੀ ਕਰ ਦਿੱਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਤੌਰ ’ਤੇ ਇਸ ਨਗਰ ਦੀ ਬਹੁਤ ਜ਼ਿਆਦਾ ਮਹੱਤਤਾ ਹੈ। ਪਵਿੱਤਰ ਕਾਲੀ ਬੇਈਂ ਇਸ ਸ਼ਹਿਰ ਵਿੱਚੋਂ ਦੀ ਗੁਜ਼ਰਦੀ ਹੈ ਜਿੱਥੇ ਗੁਰੂ ਨਾਨਕ ਦੇਵ ਜੀ ਨੂੰ ਅਧਿਆਤਮਕ ਗਿਆਨ ਹੋਇਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਵਿਸ਼ਵ ਭਰ ਤੋਂ ਸੰਗਤ ਲਈ ਗੁਰੂ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਪਹਿਲਾ ਸਥਾਨ ਸੁਲਤਾਨਪੁਰ ਲੋਧੀ ਹੋਣ ਦੀ ਆਸ ਹੈ। ਇਸ ਨਗਰ ਵਿੱਚ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਦੇ ਰਹਿਣ-ਸਹਿਣ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੁਸ਼ਕਿਸਮਤ ਨਾਲ ਇਹ ਨਗਰ ਸੜਕੀ ਤੇ ਰੇਲ ਮਾਰਗ ਨਾਲ ਪੂਰੀ ਤਰ੍ਹਾਂ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਲਈ ਸਥਾਈ ਤੌਰ ’ਤੇ ਆਵਾਜਾਈ ਦੇ ਪ੍ਰਬੰਧ ਕੀਤੇ ਜਾਣ ਦੀ ਲੋੜ ਹੈ ਜਿਨ੍ਹਾਂ ਦੇ ਨਵੰਬਰ, 2019 ਵਿੱਚ ਵੱਡੀ ਗਿਣਤੀ ਵਿੱਚ ਇਕੱਤਰ ਹੋਣ ਦੀ ਉਮੀਦ ਹੈ। ਇਸ ਸਮਾਗਮ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਇਤਿਹਾਸਕ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਵੱਖ-ਵੱਖ ਪ੍ਰੋਗਰਾਮਾਂ ਤੇ ਪ੍ਰਾਜੈਕਟਾਂ ਦੀ ਰੂਪ-ਰੇਖਾ ਉਲੀਕਣ ਅਤੇ ਲਾਗੂ ਕਰਨ ਲਈ ਸੂਬਾ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।

VIA PUNJAB