- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੰਡੀ ਗੋਬਿੰਦਗੜ੍ਹ ਸਥਿਤ ਛੇਵੇਂ ਪਾਤਸ਼ਾਹ ਜੀ ਦੇ ਗੁਰਦੁਆਰਾ ਸਾਹਿਬ ਦੀ ਜਗ੍ਹਾ ਸਥਾਨਕ ਵਾਸੀ ਨੇ ਕੀਤੀ ਵਾਪਿਸ
ਸ. ਜੱਸਾ ਸਿੰਘ ਦੇ ਫੈਸਲੇ ਤੋਂ ਹੋਰ ਕਬਜ਼ਾ ਧਾਰਕ ਵੀ ਲੈਣ ਪ੍ਰੇਰਣਾ-ਡਾ. ਰੂਪ ਸਿੰਘ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਹੇਠ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨਾਲ ਸਬੰਧਤ ਗੁਰਦੁਆਰਾ ਸਾਹਿਬ ਮੰਡੀ ਗੋਬਿੰਦਗੜ੍ਹ ਦੀ ਜਗ੍ਹਾ ਇਕ ਕਿਰਾਏਦਾਰ ਵੱਲੋਂ 36 ਸਾਲ ਬਾਅਦ ਗੁਰਦੁਆਰਾ ਸਾਹਿਬ ਨੂੰ ਵਾਪਸ ਕਰ ਦਿੱਤੀ ਗਈ ਹੈ। ਸ. ਜੱਸਾ ਸਿੰਘ ਆਹਲੂਵਾਲੀਆ ਮੰਡੀ ਗੋਬਿੰਦਗੜ੍ਹ ’ਚ ਗੁਰਦੁਆਰਾ ਸਾਹਿਬ ਦੀ ਇਸ ਜਗ੍ਹਾ (ਪਲਾਟ) ’ਤੇ ਕਿਰਾਏਦਾਰ ਸਨ ਅਤੇ ਬੀਤੇ ਕੱਲ੍ਹ ਉਨ੍ਹਾਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਜਗ੍ਹਾ ਵਾਪਸ ਦੇ ਦਿੱਤੀ ਗਈ। ਸ. ਜੱਸਾ ਸਿੰਘ ਦੇ ਇਸ ਫੈਸਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਕਰਨੈਲ ਸਿੰਘ ਪੰਜੋਲੀ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੂੰ ਲਿਖਤੀ ਤੌਰ ’ਤੇ ਹਰ ਤਰ੍ਹਾਂ ਦਾ ਬਕਾਇਆ ਰਾਸ਼ੀ ਦੇਣ ਦੀ ਵੀ ਸਹਿਮਤੀ ਦਿੱਤੀ। ਸ. ਆਹਲੂਵਾਲੀਆ ਨੇ ਕਿਹਾ ਕਿ ਉਹ ਗੁਰਦੁਆਰਾ ਸਾਹਿਬ ਦੀ ਜ਼ਮੀਨ (ਪਲਾਟਾਂ) ’ਤੇ ਕਾਬਜ਼ ਹੋਰ ਲੋਕਾਂ ਨੂੰ ਵੀ ਜ਼ਮੀਨ ਵਾਪਸ ਗੁਰਦੁਆਰਾ ਸਾਹਿਬ ਨੂੰ ਦੇਣ ਲਈ ਪ੍ਰੇਰਿਤ ਕਰਨਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਛੇਵੇਂ ਪਾਤਸ਼ਾਹ ਜੀ ਦੇ ਗੁਰਦੁਆਰਾ ਸਾਹਿਬ ਦੀ ਜ਼ਮੀਨ ਪਲਾਟਾਂ ਦੇ ਰੂਪ ਵਿਚ ਸ਼ਹਿਰ ਅੰਦਰ ਸਥਿਤ ਹੈ। ਮੰਡੀ ਗੋਬਿੰਦਗੜ੍ਹ ਲੋਹੇ ਦੇ ਵਪਾਰ ਵਿਚ ਵਿਸ਼ਵ ਪ੍ਰਸਿੱਧ ਹੈ ਅਤੇ ਇਥੇ ਗੁਰਦੁਆਰਾ ਸਾਹਿਬ ਦੀ ਜ਼ਮੀਨ ਵਿਚ ਲੋਕਾਂ ਨੇ ਗੋਦਾਮ ਬਣਾਏ ਹੋਏ ਹਨ। ਸ਼੍ਰੋਮਣੀ ਕਮੇਟੀ ਇਸ ਜਗ੍ਹਾ ਦੇ ਕਿਰਾਏਦਾਰਾਂ ਨਾਲ ਨਵੇਂ ਸਿਰਿਓਂ ਕਿਰਾਏਨਾਮਾ ਲਿਖਣ ਲਈ ਤਿਆਰ ਹੈ ਪਰ ਕੁਝ ਲੋਕ ਜਗ੍ਹਾ ਤੋਂ ਕਬਜ਼ਾ ਨਹੀਂ ਛੱਡ ਰਹੇ ਅਤੇ ਕਿਰਾਏਦਾਰਾਂ ਵੱਲੋਂ ਲੰਮੇ ਸਮੇਂ ਤੋਂ ਕਿਰਾਇਆ ਵੀ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਲਾਟਾਂ ਵਿੱਚੋਂ ਸ. ਜੱਸਾ ਸਿੰਘ ਆਹਲੂਵਾਲੀਆ ਨੇ ਜਗ੍ਹਾ ਗੁਰਦੁਆਰਾ ਸਾਹਿਬ ਨੂੰ ਦੇ ਦਿੱਤੀ ਹੈ, ਜਿਸ ਲਈ ਸ਼੍ਰੋਮਣੀ ਕਮੇਟੀ ਇਨ੍ਹਾਂ ਦਾ ਧੰਨਵਾਦ ਕਰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੀ ਜਗ੍ਹਾ ਵਾਪਸ ਕਰਨ ਲਈ ਹੋਰਨਾਂ ਕਿਰਾਏਦਾਰਾਂ ਨੂੰ ਵੀ ਸ. ਜੱਸਾ ਸਿੰਘ ਆਹਲੂਵਾਲੀਆ ਵੱਲੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਡਾ. ਰੂਪ ਸਿੰਘ ਨੇ ਦੱਸਿਆ ਕਿ ਇਸ ਗੁਰਦੁਆਰਾ ਸਾਹਿਬ ਨਾਲ ਸਬੰਧਤ ਜ਼ਮੀਨ ਦੇ ਮਾਮਲਿਆਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਜਲਦੀ ਹੀ ਇਕ ਸਬ-ਕਮੇਟੀ ਵੀ ਬਣਾਈ ਜਾਵੇਗੀ, ਜੋ ਇਸ ਦਾ ਸਰਵੇ ਕਰਕੇ ਇਥੇ ਮੁੜ ਤੋਂ ਦੁਕਾਨਾਂ ਬਣਾਉਣ ਅਤੇ ਨਵੇਂ ਕਿਰਾਏਨਾਮੇ ਲਿਖਣ ਸਬੰਧੀ ਕਾਰਵਾਈ ਕਰੇਗੀ। ਉਨ੍ਹਾਂ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਵਿਖੇ ਗੁਰਦੁਆਰਾ ਸਾਹਿਬ ਦੀ 32 ਵਿਘੇ ਅਤੇ 28 ਵਿਘੇ ਜ਼ਮੀਨ ਦੇ ਦੋ ਪਲਾਟ ਹਨ।


