ਰਾਫੇਲ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਮੋਦੀ ਸਰਕਾਰ ਨੂੰ ਵੱਡੀ ਰਾਹਤ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਫਰਾਂਸ ਤੋਂ 36 ਰਾਫੇਲ ਲੜਾਕੂ ਜਹਾਜ਼ਾਂ ਦੀ ਖਰੀਦਦਾਰੀ ਦੇ ਮਾਮਲੇ ਵਿੱਚ ਨਰਿੰਦਰ ਮੋਦੀ ਸਰਕਾਰ ਨੂੰ ਅੱਜ ਕਲੀਨ ਚਿੱਟ ਦੇ ਦਿੱਤੀ| ਨਾਲ ਹੀ ਸੁਪਰੀਮ ਕੋਰਟ ਨੇ ਸੌਦੇ ਵਿੱਚ ਕਥਿਤ ਬੇਨਿਯਮੀਆਂ ਲਈ ਸੀ. ਬੀ. ਆਈ. ਨੂੰ ਸ਼ਿਕਾਇਤ ਦਰਜ ਕਰਨ ਦਾ ਨਿਰਦੇਸ਼ ਦੇਣ ਦੀ ਅਪੀਲ ਕਰਨ ਵਾਲੀਆਂ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕੀਤਾ| ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਕੇ. ਐਮ. ਜੋਸੇਫ ਦੀ ਬੈਂਚ ਨੇ ਕਿਹਾ ਕਿ ਅਰਬਾਂ ਡਾਲਰ ਕੀਮਤ ਦੇ ਰਾਫੇਲ ਸੌਦੇ ਵਿੱਚ ਫੈਸਲਾ ਲੈਣ ਦੀ ਪ੍ਰਕਿਰਿਆ ਤੇ ਸ਼ੱਕ ਕਰਨ ਦਾ ਕੋਈ ਕਾਰਨ ਨਹੀਂ ਹੈ| ਆਫਸੇਟ ਸਾਂਝੇਦਾਰ ਦੇ ਮਾਮਲੇ ਤੇ ਤਿੰਨ ਮੈਂਬਰੀ ਬੈਂਚ ਨੇ ਕਿਹਾ ਕਿ ਕਿਸੇ ਵੀ ਨਿੱਜੀ ਫਰਮ ਨੂੰ ਵਪਾਰਕ ਸਾਭ ਪਹੁੰਚਾਉਣ ਦਾ ਕੋਈ ਠੋਸ ਸਬੂਤ ਨਹੀਂ ਮਿਲਿਆ ਹੈ| ਕੋਰਟ ਨੇ ਕਿਹਾ ਕਿ ਲੜਾਕੂ ਜਹਾਜ਼ਾਂ ਦੀ ਲੋੜ ਹੈ ਅਤੇ ਦੇਸ਼ ਇਨ੍ਹਾਂ ਜਹਾਜ਼ਾਂ ਦੇ ਬਿਨਾਂ ਨਹੀਂ ਰਹਿ ਸਕਦਾ ਹੈ| ਤਿੰਨ ਮੈਂਬਰੀ ਬੈਂਚ ਵੱਲੋਂ ਫੈਸਲਾ ਪੜ੍ਹਦੇ ਹੋਏ ਚੀਫ ਜਸਟਿਸ ਗੋਗੋਈ ਨੇ ਕਿਹਾ ਕਿ ਲੜਾਕੂ ਜਹਾਜ਼ਾਂ ਦੀ ਖਰੀਦ ਦੀ ਪ੍ਰਕਿਰਿਆ ਵਿੱਚ ਦਖਲਅੰਦਾਜ਼ੀ ਕਰਨ ਦਾ ਕੋਈ ਕਾਰਨ ਨਹੀਂ ਹੈ| ਕੋਰਟ ਨੇ ਕਿਹਾ ਕਿ ਕੀਮਤਾਂ ਦੇ ਤੁਲਨਾਤਮਕ ਵੇਰਵੇ ਤੇ ਫੈਸਲਾ ਲੈਣਾ ਅਦਾਲਤ ਦਾ ਕੰਮ ਨਹੀਂ ਹੈ| ਬੈਂਚ ਨੇ ਕਿਹਾ ਕਿ ਖਰੀਦ, ਕੀਮਤ ਅਤੇ ਆਫਸੇਟ ਸਾਂਝੇਦਾਰ ਦੇ ਮਾਮਲੇ ਵਿੱਚ ਦਖਲਅੰਦਾਜ਼ੀ ਲਈ ਉਸ ਕੋਲ ਕੋਈ ਠੋਸ ਸਬੂਤ ਨਹੀਂ ਹੈ| ਜਸਟਿਸ ਨੇ ਰੇਖਾਂਕਿਤ ਕੀਤਾ ਕਿ ਭਾਰਤੀ ਹਵਾਈ ਫੌਜ ਨੂੰ ਚੌਥੀ ਅਤੇ 5ਵੀਂ ਪੀੜ੍ਹੀ ਦੇ ਲੜਾਕੂ ਜਹਾਜ਼ਾਂ ਦੀ ਲੋੜ ਹੈ| ਬੈਂਚ ਨੇ ਕਿਹਾ ਕਿ ਦੋਹਾਂ ਪੱਖਾਂ ਨੇ ਰਾਫੇਲ ਲੜਾਕੂ ਜਹਾਜ਼ ਸੌਦੇ ਦੀ ਖਰੀਦ ਨਾਲ ਜੁੜੇ ਸਾਰੇ ਪਹਿਲੂਆਂ ਤੇ ਸਪੱਸ਼ਟੀਕਰਨ ਦਿੱਤਾ ਹੈ| ਅਦਾਲਤ ਨੇ ਕਿਹਾ ਕਿ ਸਤੰਬਰ 2016 ਵਿੱਚ ਰਾਫੇਲ ਸੌਦੇ ਨੂੰ ਜਦੋਂ ਆਖਰੀ ਰੂਪ ਦਿੱਤਾ ਜਾ ਰਿਹਾ ਸੀ, ਉਸ ਸਮੇਂ ਕਿਸੇ ਨੇ ਇਸ ਦੀ ਖਰੀਦ ਤੇ ਸਵਾਲ ਨਹੀਂ ਚੁੱਕਿਆ| ਉਨ੍ਹਾਂ ਨੇ ਕਿਹਾ ਕਿ ਰਾਫੇਲ ਸੌਦੇ ਤੇ ਸਵਾਲ ਉਸ ਸਮੇਂ ਉੱਠੇ ਜਦੋਂ ਫਰਾਂਸ ਦੇ ਸਾਬਕਾ ਰਾਸ਼ਟਰਪਤੀ ਫਰਾਂਸਵਾ ਓਲਾਂਦ ਨੇ ਬਿਆਨ ਦਿੱਤਾ, ਇਹ ਨਿਆਇਕ ਸਮੀਖਿਆ ਦਾ ਆਧਾਰ ਨਹੀਂ ਹੋ ਸਕਦਾ ਹੈ| ਅਦਾਲਤ ਨੇ ਕਿਹਾ ਕਿ ਉਹ ਸਰਕਾਰ ਨੂੰ 126 ਜਾਂ 36 ਜਹਾਜ਼ ਖਰੀਦਣ ਲਈ ਮਜ਼ਬੂਰ ਨਹੀਂ ਕਰ ਸਕਦਾ ਹੈ| ਅਦਾਲਤ ਦੀ ਨਿਗਰਾਨੀ ਵਿੱਚ ਰਾਫੇਲ ਸੌਦੇ ਦੀ ਜਾਂਚ ਕਰਵਾਉਣ ਦੀ ਮੰਗ ਕਰਨ ਵਾਲੀਆਂ ਵੱਖ-ਵੱਖ ਪਟੀਸ਼ਨਾਂ ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਇਹ ਫੈਸਲਾ ਸੁਣਾਇਆ| ਸੁਪਰੀਮ ਕੋਰਟ ਨੇ ਇਨ੍ਹਾਂ ਪਟੀਸ਼ਨਾਂ ਤੇ 14 ਨਵੰਬਰ ਨੂੰ ਸੁਣਵਾਈ ਪੂਰੀ ਕੀਤੀ ਸੀ| ਰਾਫੇਲ ਲੜਾਕੂ ਜਹਾਜ਼ ਦੇ ਸੌਦੇ ਵਿੱਚ ਬੇਨਿਯਮੀਆਂ ਦਾ ਦੋਸ਼ ਲਗਾਉਂਦੇ ਹੋਏ ਇਸ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਨ ਦਾ ਸੀ.ਬੀ.ਆਈ. ਨੂੰ ਨਿਰਦੇਸ਼ ਦੇਣ ਅਤੇ ਅਦਾਲਤ ਦੀ ਨਿਗਰਾਨੀ ਵਿੱਚ ਇਸ ਦੀ ਜਾਂਚ ਦੀ ਅਪੀਲ ਦੇ ਨਾਲ ਇਹ ਪਟੀਸ਼ਨਾਂ ਦਾਇਰ ਕੀਤੀ ਗਈਆਂ ਸਨ| ਪਟੀਸ਼ਨ ਦਾਇਰ ਕਰਨ ਵਾਲਿਆਂ ਵਿੱਚ ਭਾਜਪਾ ਦੇ 2 ਨੇਤਾ ਅਤੇ ਸਾਬਕਾ ਮੰਤਰੀ ਯਸ਼ਵੰਤ ਸਿਨਹਾ ਅਤੇ ਅਰੁਣ ਸ਼ੌਰੀ, ਸਮਾਜਿਕ ਵਰਕਰ ਅਤੇ ਐਡਵੋਕੇਟ ਪ੍ਰਸ਼ਾਂਤ ਭੂਸ਼ਣ, ਐਡਵੋਕੇਟ ਮਨੋਹਰ ਲਾਲ ਸ਼ਰਮਾ ਅਤੇ ਵਿਨੀਤਤ ਢਾਂਡਾ ਅਤੇ ‘ਆਪ’ ਪਾਰਟੀ ਦੇ ਨੇਤਾ ਸੰਜੇ ਸਿੰਘ ਸ਼ਾਮਲ ਸਨ|

VIA PUNJAB