ਵਿਜੀਲੈਂਸ ਵਲੋਂ ਪਟਵਾਰੀ ਦਾ ਸਹਾਇਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ – ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਅੱਜ ਮਾਲ ਹਲਕਾ ਮਾਹੜੂ, ਜਿਲਾ ਪਟਿਆਲਾ ਵਿਖੇ ਤਾਇਨਾਤ ਪਟਵਾਰੀ ਦੇ ਸਹਾਇਕ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਪਟਵਾਰੀ ਤੇਜਿੰਦਰ ਸਿੰਘ ਨਾਲ ਤਾਇਨਾਤ ਪ੍ਰਾਈਵੇਟ ਵਿਅਕਤੀ ਜੈ ਸਿੰਘ, ਜੋ ਉਸ ਦੇ ਸਹਾਇਕ ਵਜੋ ਰੱਖਿਆ ਹੋਇਆ ਸੀ ਨੂੰ ਸ਼ਿਕਾਇਤਕਰਤਾ ਪ੍ਰਗਟ ਸਿੰਘ, ਵਾਸੀ ਮਾਹੜੂ, ਜਿਲਾ ਪਟਿਆਲਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦਸਿਆ ਕਿ ਉਕਤ ਪਟਵਾਰੀ ਅਤੇ ਉਸਦਾ ਸਹਾਇਕ ਜਮੀਨ ਦਾ ਇੰਤਕਾਲ ਦਰਜ਼ ਕਰਨ ਬਦਲੇ 20,000 ਰੁਪਏ ਦੀ ਮੰਗ ਕਰ ਰਿਹਾ ਹੈ ਤੇ ਸੌਦਾ 19000 ਰੁਪਏ ਵਿਚ ਤੈਅ ਹੋਇਆ ਹੈ। ਉਸ ਨੇ ਦੋਸ਼ ਲਾਇਆ ਕਿ ਉਸ ਵਲੋਂ ਪਹਿਲਾਂ ਹੀ 10,000 ਰੁਪਏ ਪਹਿਲੀ ਕਿਸ਼ਤ ਵਜੋਂ ਉਕਤ ਪਟਵਾਰੀ ਅਤੇ ਉਸ ਦੇ ਸਹਾਇਕ ਨੂੰ ਦਿੱਤੇ ਜਾ ਚੁੱਕੇ ਹਨ। ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਪਟਵਾਰੀ ਦੇ ਸਹਾਇਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂੱਜੀ ਕਿਸ਼ਤ ਦੇ 9,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਹਾਂ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

VIA PUNJAB