ਸਰਕਾਰ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਕਣਕ ਹੀ ਲਿਆਉਣ ਦੀ ਅਪੀਲ

ਚੰਡੀਗੜ – ਸੂਬੇ ਵਿੱਚ ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਦੇ ਮੱਦੇਨਜ਼ਰ ਅਤੇ ਵਾਢੀ ਉਪਰੰਤ ਕਣਕ ਦੇ ਦਾਣਿਆਂ ਵਿੱਚ ਨਮੀ ਦੀ ਵਧੇਰੇ ਮਾਤਰਾ ਹੋਣ ਕਰਕੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪੂਰੀ ਤਰਾਂ ਸੁੱਕੀ ਕਣਕ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ ਗਈ ਹੈ। ਖੇਤੀਬਾੜੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੌਜੂਦਾ ਹਾੜੀ ਸੀਜ਼ਨ ਦੌਰਾਨ ਕਣਕ ਦੀ ਸੁਚੱਜੀ ਤੇ ਪਰੇਸ਼ਾਨੀ ਮੁਕਤ ਖ਼ਰੀਦ  ਲਈ ਸੂਬਾ ਸਰਕਾਰ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ । ਉਨਾਂ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਪੂਰੀ ਤਰਾਂ ਪੱਕੀ ਤੇ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਭਾਰਤ ਖ਼ੁਰਾਕ ਨਿਗਮ (ਐਫ.ਸੀ.ਆਈ) ਵੱਲੋਂ ਨਿਰਧਾਰਿਤ ਕੀਤੇ ਗਏ 12 ਫੀਸਦ ਨਮੀਂ ਵਾਲੇ ਮਾਪਦੰਡ ਤੋਂ ਵੱਧ ਨਮੀ ਵਾਲੀ ਕਣਕ ਮੰਡੀਆਂ ਵਿੱਚ ਨਾ ਲਿਆਂਦੀ ਜਾਵੇ ਅਤੇ ਕਿਸਾਨਾਂ ਨੂੰ ਖੱਜਲ-ਖੁਆਰ ਨਾ ਹੋਣਾ ਪਵੇ।  ਇਸ ਸਾਲ ਤਕਰੀਬਨ 132 ਮੀਟ੍ਰਿਕ ਟਨ ਕਣਕ ਪੰਜਾਬ ਦੀਆਂ ਮੰਡੀਆਂ ਵਿੱਚ ਆਉਣ ਦੀ ਸੰਭਾਵਨਾ ਹੈ ਅਤੇ ਇਸ ਵਾਸਤੇ ਲੋੜੀਂਦੇ ਬਾਰਦਾਨੇ, ਕਣਕ ਦੀ ਸਟੋਰੇਜ ਅਤੇ ਕਿਸਾਨਾਂ ਨੂੰ ਬਣਦੀ ਪੇਮੈਂਟ ਆਦਿ ਦੀ ਸਮੇਂ ਸਿਰ ਅਦਾਇਗੀ ਦਾ ਪੂਰਾ ਇੰਤਜ਼ਾਮ ਕੀਤਾ ਜਾ ਚੁੱਕਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਇਸ ਅਪੀਲ ਵਿੱਚ ਕਿਸਾਨਾਂ ਨੂੰ ਆਪਣੀ ਉੱਪਜ ਸੁੱਕਣ ਉਪਰੰਤ ਅਤੇ 12 ਫੀਸਦ ਨਮੀਂ ਦੀ ਮਾਤਰਾ ਤੇ ਹੋਰ ਜਾਰੀ ਮਾਪਦੰਡਾਂ ਅਨੁਸਾਰ ਹੀ ਮੰਡੀ ਵਿੱਚ ਲਿਆਉਣ ਬਾਰੇ ਕਿਹਾ ਗਿਆ ਹੈ ਤਾਂ ਜੋ ਮੰਡੀਆਂ ਵਿੱਚ ਕਿਸਾਨਾਂ ਨੂੰ ਇੰਤਜ਼ਾਰ ਨਾ ਕਰਨਾ ਪਵੇ। ਇਸਦੇ ਨਾਲ ਹੀ ਸਰਕਾਰ ਵੱਲੋਂ ਸਮੂਹ ਖਰੀਦ ਏਜੰਸੀਆਂ ਅਤੇ ਪੰਜਾਬ ਮੰਡੀ ਬੋਰਡ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਕਣਕ ਦੇ ਮੰਡੀਕਰਨ ਸਬੰਧੀ ਕਿਸਾਨਾਂ ਨੂੰ ਕੋਈ ਸਮੱਸਿਆ ਨਾ ਪੇਸ਼ ਆਉਣ ਦੇਣ।

VIA PUNJAB