- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
• ਭਾਈ ਹਵਾਰਾ ਨੂੰ ਆਪਣੀ ਬਿਰਧ ਮਾਤਾ ਨਾਲ ਮਿਲਣ ਲਈ ਪੈਰੋਲ ਨਾ ਦੇਣਾ ਸਰਕਾਰ ਦੀ ਬੇਇਨਸਾਫ਼ੀ- ਐਡਵੋਕੇਟ ਧਾਮੀ
ਅੰਮ੍ਰਿਤਸਰ, 26 ਸਤੰਬਰ (ਵਾਇਆ ਪੰਜਾਬ ਬਿਊਰੋ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੇਲ੍ਹ ਵਿਚ ਲੰਮੇ ਅਰਸੇ ਤੋਂ ਨਜ਼ਰਬੰਦ ਕੌਮੀ ਹੀਰੇ ਭਾਈ ਜਗਤਾਰ ਸਿੰਘ ਹਵਾਰਾ ਦੀ ਬਿਰਧ ਮਾਤਾ ਨਰਿੰਦਰ ਕੌਰ ਦਾ ਹਾਲ ਜਾਨਣ ਲਈ ਉਨ੍ਹਾਂ ਦੇ ਜੱਦੀ ਪਿੰਡ ਹਵਾਰਾ ਵਿਖੇ ਪੁੱਜੇ ਅਤੇ 81 ਸਾਲਾ ਬਿਰਧ ਮਾਤਾ ਦੀ ਸਿਹਤਯਾਬੀ ਦੀ ਅਰਦਾਸ ਕੀਤੀ। ਜ਼ਿਕਰਯੋਗ ਹੈ ਕਿ ਮਾਤਾ ਨਰਿੰਦਰ ਕੌਰ ਪਿਛਲੇ ਲੰਬੇ ਅਰਸੇ ਤੋਂ ਵੱਡੇ ਪੁੱਤਰ ਅਮਰੀਕ ਸਿੰਘ ਕੋਲ ਅਮਰੀਕਾ ਵਿਖੇ ਰਹਿ ਰਹੇ ਸਨ। ਕੁਝ ਦਿਨ ਪਹਿਲਾਂ ਹੀ ਉਹ ਵਾਪਸ ਪੰਜਾਬ ਪਰਤੇ ਸਨ ਅਤੇ ਉਨ੍ਹਾਂ ਦੀ ਤਮੰਨਾ ਹੈ ਕਿ ਉਹ ਆਪਣੇ ਆਖਰੀ ਸਮੇਂ ਆਪਣੇ ਨਿੱਕੇ ਪੁੱਤਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਇਕ ਵਾਰ ਮਿਲ ਲੈਣ।
ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰਾਂ ਦੇ ਸਿੱਖਾਂ ਪ੍ਰਤੀ ਦੋਹਰੇ ਵਿਹਾਰ ਦੀ ਇਹ ਸਿਖਰ ਹੈ ਕਿ ਇਕ ਪਾਸੇ ਬਲਾਤਕਾਰੀ ਰਾਮ ਰਹੀਮ ਵਰਗਿਆਂ ਨੂੰ ਆਏ ਦਿਨ ਪੈਰੋਲਾਂ ਮਿਲਦੀਆਂ ਹਨ ਪਰ ਦੂਜੇ ਪਾਸੇ ਦਹਾਕਿਆਂ ਤੋਂ ਜੇਲ੍ਹਾਂ ਦੀਆਂ ਕਾਲ ਕੋਠੜੀਆਂ ਵਿਚ ਨਜ਼ਰਬੰਦ ਭਾਈ ਹਵਾਰਾ ਵਰਗੇ ਕੌਮੀ ਯੋਧਿਆਂ, ਜਿਨ੍ਹਾਂ ਨੂੰ ਸਮੇਂ ਦੇ ਹਾਲਾਤਾਂ ਨੇ ਹਥਿਆਰਬੰਦ ਸੰਘਰਸ਼ ਲਈ ਮਜਬੂਰ ਕੀਤਾ ਸੀ, ਨੂੰ ਜੀਵਨ ਦੇ ਅੰਤਿਮ ਪੜਾਅ ਵਿਚੋਂ ਗੁਜ਼ਰ ਰਹੀ ਬਿਰਧ ਮਾਤਾ ਨਾਲ ਮਿਲਣ ਲਈ ਵੀ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਸਿੱਖ ਕੌਮ ਦੇ ਯੋਧੇ ਹਨ, ਜਿਨ੍ਹਾਂ ਨੇ ਪੰਥਕ ਪੱਧਰ ‘ਤੇ ਆਪਣੀ ਸ਼ਖ਼ਸੀਅਤ ਅਤੇ ਸੰਘਰਸ਼ ਰਾਹੀਂ ਅਹਿਮ ਭੂਮਿਕਾ ਨਿਭਾਈ ਹੈ। ਪਰੰਤੂ ਅਫਸੋਸ ਹੈ ਕਿ ਸਰਕਾਰਾਂ ਵੱਲੋਂ ਭਾਈ ਹਵਾਰਾ ਸਮੇਤ ਹੋਰ ਬੰਦੀ ਸਿੰਘਾਂ ਨਾਲ ਭਾਰੀ ਨਾਇਨਸਾਫੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਕਾਨੂੰਨੀ ਹੱਕਾਂ ਤੱਕ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਵੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਨਾਲ ਬੇਇਨਸਾਫੀ ਸਪਸ਼ਟ ਤੌਰ ‘ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਭਾਈ ਹਵਾਰਾ ਨੂੰ ਤੁਰੰਤ ਪੈਰੋਲ ਦਿੱਤੀ ਜਾਵੇ ਤਾਂ ਜੋ ਉਹ ਆਪਣੀ ਬੀਮਾਰ ਮਾਤਾ ਜੀ ਨਾਲ ਮਿਲ ਸਕਣ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਬੰਦੀਆਂ ਦੀ ਰਿਹਾਈ ਲਈ ਅਵਾਜ਼ ਉਠਾਉਂਦੀ ਰਹੇਗੀ। ਉਨ੍ਹਾਂ ਸਿੱਖ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਇੱਕਜੁੱਟ ਹੋ ਕੇ ਆਪਣੇ ਯਤਨ ਜਾਰੀ ਰੱਖਣ।
ਪ੍ਰਧਾਨ ਐਡਵੋਕੇਟ ਧਾਮੀ ਦੇ ਨਾਲ ਇਸ ਮੌਕੇ ਭਾਈ ਸੁਰਿੰਦਰ ਸਿੰਘ ਕਿਸ਼ਨਪੁਰਾ, ਗੁਰੂ ਆਸਰਾ ਟਰੱਸਟ ਮੋਹਾਲੀ ਦੀ ਸੰਚਾਲਕ ਬੀਬੀ ਕੁਲਬੀਰ ਕੌਰ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਦੇ ਮੈਨੇਜਰ ਸੁਖਦੇਵ ਸਿੰਘ, ਬਾਪੂ ਗੁਰਚਰਨ ਸਿੰਘ, ਬਲਬੀਰ ਸਿੰਘ ਹਿਸਾਰ, ਸੁਰਜੀਤ ਸਿੰਘ ਕੋਹਲੀ,ਮੈਨੇਜਰ ਅਮਰੀਕ ਸਿੰਘ ਮਨੈਲੀ ਅਤੇ ਹੋਰ ਪੰਥਕ ਸ਼ਖ਼ਸੀਅਤਾਂ ਵੀ ਮੌਜੂਦ ਸਨ ਜਿਨ੍ਹਾਂ ਨੇ ਪਰਿਵਾਰ ਨਾਲ ਹਮਦਰਦੀ ਜਤਾਈ ਅਤੇ ਬੀਮਾਰ ਮਾਤਾ ਜੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।


