ਹਾੜ੍ਹੀ ਦੇ ਮੌਸਮ ਲਈ ਨਹਿਰਾਂ ਵਿੱਚ ਪਾਣੀ ਛੱਡਣ ਦੇ ਵੇਰਵੇ ਜਾਰੀ

ਚੰਡੀਗੜ੍ਹ – ਜਲ ਸ੍ਰੋਤ ਵਿਭਾਗ ਵੱਲੋਂ ਹਾੜ੍ਹੀ ਦੇ ਮੌਸਮ ਦੌਰਾਨ 1 ਮਾਰਚ ਤੋਂ 8 ਮਾਰਚ, 2019 ਤੱਕ ਨਹਿਰੀ ਪਾਣੀ ਛੱਡਣ ਦੇ ਵੇਰਵੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਇੱਕ ਬੁਲਾਰੇ ਨੇ ਦੱਸਿਆ ਕਿ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ। ਉਨਾਂ ਅੱਗੇ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ਏ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ ਬੀ ਵਿਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।ਹਰੀਕੇ ਅਤੇ ਫਿਰੋਜ਼ਪੁਰ ਹੈੱਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ ਯਾਨੀ ਕਿ ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ਏ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ ਬੀ ਵਿਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ। ਉਨਾਂ ਅੱਗੇ ਦੱਸਿਆ ਕਿ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦ ਕਿ ਸਭਰਾਓ ਬ੍ਰਾਂਚ, ਲਾਹੌਰ ਬ੍ਰਾਂਚ, ਮੇਨ ਬਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

VIA PUNJAB