੫੫੦ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਤ੍ਰੀਵਿੰਦਰਾ ਸਿੰਘ ਰਾਵਤ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਇਹ ਸੱਦਾ ਪੱਤਰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਅਤੇ ਨਿੱਜੀ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੇ ਦਿੱਤਾ ਹੈ। ਵਰਨਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਮੁੱਖ ਸਮਾਗਮਾਂ ਸਮੇਂ ਸ਼ਮੂਲੀਅਤ ਲਈ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਦੇਸ਼ ਵਿਦੇਸ਼ ਦੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸ਼ਖ਼ਸੀਅਤਾਂ ਨੂੰ ਵੀ ਸੱਦੇ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦੇਸ਼ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸਮੇਤ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਖ਼ੁਦ ਸੱਦਾ ਪੱਤਰ ਦਿੱਤੇ ਗਏ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਅਧਿਕਾਰੀ ਵੀ ਕਈ ਰਾਜਾਂ ਦੇ ਮੁੱਖ ਮੰਤਰੀਆਂ ਤੱਕ ਪਹੁੰਚ ਕਰ ਚੁੱਕੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਸੱਦਾ ਦੇਣ ਗਏ ਸ. ਅਵਤਾਰ ਸਿੰਘ ਸੈਂਪਲਾ ਨਿੱਜੀ ਸਕੱਤਰ ਨੇ ਦੱਸਿਆ ਕਿ ਸ੍ਰੀ ਤ੍ਰੀਵਿੰਦਰਾ ਸਿੰਘ ਰਾਵਤ ਨੇ ੫੫੦ ਸਾਲਾ ਪ੍ਰਕਾਸ਼ ਪੁਰਬ ਸਮੇਂ ਹੋਣ ਵਾਲੇ ਮੁੱਖ ਸਮਾਗਮਾਂ ‘ਚ ਸ਼ਮੂਲੀਅਤ ਲਈ ਵਚਨਬਧਤਾ ਪ੍ਰਗਟਾਈ ਹੈ। ਉਨ੍ਹਾਂ ਦੱਸਿਆ ਕਿ ਉੱਤਰਾਖੰਡ ਦੇ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਪੁਰਬ ਨੂੰ ਵਿਸ਼ਵ ਦੀਆਂ ਸੰਗਤਾਂ ਲਈ ਵਿਸ਼ੇਸ਼ ਮੌਕਾ ਕਰਾਰ ਦਿੰਦਿਆਂ ਸੰਗਤ ਨੂੰ ਇਸ ਦੀ ਵਧਾਈ ਦਿੱਤੀ ਹੈ।

VIA PUNJAB