ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਕੌਮ ਲਈ ਮਾਰਗ ਦਰਸ਼ਨ : ਭਾਈ ਲੌਂਗੋਵਾਲ

ਸ੍ਰੀ ਫਤਹਿਗੜ੍ਹ ਸਾਹਿਬ – ਇਸੇ ਦੌਰਾਨ ਨਗਰ ਕੀਰਤਨ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸਜਾਏ ਗਏ ਗੁਰਮਤਿ ਸਮਾਗਮ ’ਚ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਕੌਮ ਲਈ ਮਾਰਗ ਦਰਸ਼ਨ ਹੈ ਅਤੇ ਸਮੁੱਚੀ ਕੌਮ ਦਾ ਫ਼ਰਜ਼ ਬਣਦਾ ਹੈ ਕਿ ਆਪਣੇ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਸੇਧ ਲੈ ਕੇ ਕੌਮ ਦੀ ਚੜ੍ਹਦੀ ਕਲਾ ਲਈ ਯਤਨ ਕਰੇ। ਭਾਈ ਲੌਂਗੋਵਾਲ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਨਾਲ-ਨਾਲ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਪਰਿਵਾਰ ਦਾ ਸਾਥ ਦੇਣ ਵਾਲੀਆਂ ਮਹਾਨ ਸ਼ਖ਼ਸੀਅਤਾਂ ਦੀ ਸ਼ਹੀਦੀ ਨੂੰ ਵੀ ਯਾਦ ਕੀਤਾ। ਉਨ੍ਹਾਂ ਕਿਹਾ ਕਿ ਸਮੂਹ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਨੂੰ ਬਿਖੜੇ ਸਮੇਂ ਹਿੰਮਤ ਦਾ ਪੱਲਾ ਫੜ੍ਹ ਕੇ ਧਰਮ ਵਿਚ ਪਰਪੱਕ ਰਹਿਣ ਦਾ ਰਾਹ ਦਿਖਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਆਪਣੇ ਸ਼ਹੀਦੀ ਵਿਰਸੇ ’ਤੇ ਮਾਣ ਹੈ ਅਤੇ ਰਹੇਗਾ। ਉਨ੍ਹਾਂ ਕਿਹਾ ਕਿ ਵਰਤਮਾਨ ਚੁਣੌਤੀਆਂ ’ਚੋਂ ਨਿਕਲਣ ਲਈ ਕੌਮੀ ਏਕਤਾ ਤੇ ਇਕਜੁਟਤਾ ਦੀ ਵੱਡੀ ਲੋੜ ਹੈ ਅਤੇ ਇਸ ਲਈ ਸਮੁੱਚੀ ਕੌਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਝੰਡੇ ਹੇਠ ਇਕੱਤਰ ਹੋਣਾ ਚਾਹੀਦਾ ਹੈ। ਭਾਈ ਲੌਂਗੋਵਾਲ ਨੇ ਉਨ੍ਹਾਂ ਸਮੂਹ ਧਾਰਮਿਕ ਸ਼ਖਸੀਅਤਾਂ, ਧਾਰਮਿਕ ਜਥੇਬੰਦੀਆਂ, ਸਭਾ-ਸੁਸਾਇਟੀਆਂ, ਸਕੂਲਾਂ/ਕਾਲਜਾਂ ਤੇ ਪ੍ਰਸ਼ਾਸਨ ਦਾ ਇਨ੍ਹਾਂ ਸਮਾਗਮਾਂ ਵਿਚ ਸਹਿਯੋਗ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸੰਬੋਧਨ ਕਰਦਿਆਂ ਜਿੱਥੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ, ਉਥੇ ਹੀ ਪੰਥ ਵਿਰੋਧੀ ਲੋਕਾਂ ਦੀ ਚਾਲਾਂ ਤੋਂ ਪੰਥ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਕੁਝ ਮੁੱਠੀ ਭਰ ਲੋਕ ਸਿੱਖ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲੋਂ ਤੋੜਨ ਦਾ ਯਤਨ ਕਰ ਰਹੇ ਹਨ ਅਤੇ ਇਨ੍ਹਾਂ ਲੋਕਾਂ ਦਾ ਮੰਤਵ ਕੇਵਲ ਪੰਥ ਨੂੰ ਕਮਜ਼ੋਰ ਕਰਨਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਕੌਮ ਹਮੇਸ਼ਾ ਚੁਣੌਤੀਆਂ ਵਿਚੋਂ ਲੰਘਦੀ ਰਹੀ ਹੈ ਅਤੇ ਇਤਿਹਾਸ ਗਵਾਹ ਹੈ ਕਿ ਇਸ ਨੂੰ ਕੇਂਦਰੀ ਧੁਰੇ ਨਾਲੋਂ ਤੋੜਨ ਲਈ ਕਈ ਸ਼ਕਤੀਆਂ ਆਉਂਦੀਆਂ ਰਹੀਆਂ, ਪਰ ਹਰੇਕ ਨੂੰ ਮੂੰਹ ਦੀ ਖਾਣੀ ਪਈ। ਸਬੰਧ ਵਿਚ ਉਨ੍ਹਾਂ ਅਹਿਮਦ ਸ਼ਾਹ ਅਬਦਾਲੀ ਦਾ ਜ਼ਿਕਰ ਵੀ ਕੀਤਾ। ਸਿੰਘ ਸਾਹਿਬ ਨੇ ਨੌਜੁਆਨਾਂ ਅਤੇ ਬੱਚਿਆਂ ਅੰਦਰ ਸਿੱਖੀ ਸਰੋਕਾਰਾਂ ਦਾ ਸੰਚਾਰ ਕਰਨ ਲਈ ਮਾਪਿਆਂ ਨੂੰ ਅੱਗੇ ਆਉਣ ਦੀ ਅਪੀਲ ਵੀ ਕੀਤੀ। ਇਸ ਸਮੇਂ ਸਟੇਜ ਦੀ ਸੇਵਾ ਨਿਭਾਉਂਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਭਾਵੁਕ ਪਲਾਂ ਨੂੰ ਸੰਗਤ ਨਾਲ ਸਾਂਝਾ ਕੀਤਾ ਅਤੇ ਸਾਕਾ ਸਰਹੰਦ ਦਾ ਬਦਲਾ ਲੈਣ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਸਮੇਤ ਅਣ-ਗਿਣਤ ਸ਼ਹੀਦਾਂ ਨੂੰ ਵੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ।

VIA PUNJAB