ਸੱਜਣ ਕੁਮਾਰ ਨੂੰ ਕੈਦ ਡਾ. ਮਨਮੋਹਨ ਸਿੰਘ ਦੀ ਸਰਕਾਰ ਵੱਲੋਂ ਕੀਤੀ ਅਪੀਲ ਉਤੇ ਹੋਈ : ਬਾਜਵਾ

‘ਮੋਦੀ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਨੇ’

ਚੰਡੀਗੜ੍ਹ – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੱਜਣ ਕੁਮਾਰ ਨੂੰ ਨਵੰਬਰ 1984 ਵਿਚ ਦਿੱਲੀ ਅੰਦਰ ਹੋਏ ਸਿੱਖ ਕਤਲੇਆਮ ਕੇਸ ਵਿਚ ਹੋਈ ਉਮਰ ਕੈਦ ਦਾ ਸਿਹਰਾ ਆਪਣੇ ਸਿਰ ਬੰਨਣ ਨੂੰ ਕੋਰਾ ਝੂਠ, ਸਚਾਈ ਤੋਂ ਕੋਹਾਂ ਦੂਰ ਅਤੇ ਗੁੰਮਰਾਹਕੁੰਨ ਕਰਾਰ ਦਿੱਤਾ ਹੈ। ਸ਼੍ਰੀ ਬਾਜਵਾ ਨੇ ਅੱਜ ਇਥੋਂ ਜਾਰੀ ਇੱਕ ਪੈਸ ਬਿਆਨ ਵਿਚ ਕਿਹਾ ਹੈ ਕਿ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਡਾ. ਮਨਮੋਹਨ ਸਿੰਘ ਦੀ ਸਰਕਾਰ ਸਮੇਂ ਸੀ.ਬੀ.ਆਈ. ਵੱਲੋਂ 30 ਅਪ੍ਰੈਲ 2013 ਨੂੰ ਹੇਠਲੀ ਅਦਾਲਤ ਵਲੋਂ ਉਸ ਨੂੰ ਬਰੀ ਕਰਨ ਦੇ ਫੈਸਲੇ ਵਿਰੁੱਧ ਦਿੱਲੀ ਹਾਈਕੋਰਟ ਵਿਚ ਪਾਈ ਗਈ ਅਪੀਲ ਉਤੇ ਹੋਈ ਹੈ। ਉਹਨਾਂ ਸਪਸ਼ਟ ਕੀਤਾ ਕਿ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਕਾਂਗਰਸ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਵਲੋਂ ਕੀਤੀਆਂ ਗਈਆਂ ਕੋਸ਼ਿਸਾਂ ਸਦਕਾ ਹੀ ਸੱਜਣ ਕੁਮਾਰ ਅੱਜ ਜੇਲ੍ਹ ਵਿਚ ਬੰਦ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਸ ਦੇ ਪਿੱਛਲਗ ਸੁਖਬੀਰ ਸਿੰਘ ਬਾਦਲ ਦੇ ਇਸ ਦਾਅਵੇ ਵਿਚ ਕੋਈ ਸਚਾਈ ਨਹੀਂ ਹੈ ਕਿ ਸੱਜਣ ਕੁਮਾਰ ਨੂੰ ਸਜ਼ਾ ਕੇਂਦਰ ਸਰਕਾਰ ਵਲੋਂ 2015 ਵਿਚ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਵਲੋਂ ਬੰਦ ਕੀਤੇ ਗਏ ਕੇਸਾਂ ਨੂੰ ਮੁੜ ਖੋਲ੍ਹੇ ਜਾਣ ਦੇ ਸਿੱਟੇ ਵਜੋਂ ਹੋਈ ਹੈ। ਮੰਤਰੀ ਨੇ ਕਿਹਾ ਕਿ ਇਹ ਸੱਚ ਹੈ ਕਿ ਸੱਜਣ ਕੁਮਾਰ ਵਿਰੁੱਧ ਚੱਲ ਰਹੇ 2 ਹੋਰ ਕੇਸ ਵਿਸ਼ੇਸ਼ ਜਾਂਚ ਟੀਮ ਵਲੋਂ ਮੁੜ ਖੋਲ੍ਹੇ ਗਏ ਹਨ।

VIA PUNJAB