ਭਾਈ ਲੌਂਗੋਵਾਲ ਵੱਲੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੁਨੇਹਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਮੂਹ ਸੰਗਤ ਨੂੰ ਹਾਰਦਿਕ ਵਧਾਈ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੁਨੇਹਾ ਦਿੱਤਾ ਹੈ। ਜਾਰੀ ਬਿਆਨ ਰਾਹੀਂ ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਜੀ ਨੇ ਮਨੁੱਖਤਾ ਖਾਤਰ ਆਪਣਾ ਸਰਬੰਸ ਕੁਰਬਾਨ ਕਰ ਕੇ ਸਾਨੂੰ ਧਰਮ ਦੀਆਂ ਮੁੱਲਵਾਨ ਕਦਰਾਂ-ਕੀਮਤਾਂ ’ਤੇ ਚੱਲਣਾ ਸਿਖਾਇਆ ਹੈ ਅਤੇ ਸਾਡਾ ਵੀ ਫਰਜ਼ ਹੈ ਕਿ ਅੱਜ ਜਦੋਂ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਮਨਾ ਰਹੇ ਹਾਂ ਤਾਂ ਖਾਲਸਾਈ ਜੀਵਨ ਜਾਚ ਦੇ ਧਾਰਨੀ ਬਣੀਏ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਲਤਾੜੇ ਹੋਏ ਲੋਕਾਂ ਨੂੰ ਛਾਤੀ ਨਾਲ ਲਗਾਇਆ ਅਤੇ ਸਰਦਾਰੀਆਂ ਬਖਸ਼ੀਆਂ। ਗੁਰੂ ਸਾਹਿਬ ਇੱਕ ਕ੍ਰਾਂਤੀਕਾਰੀ ਰਹਿਬਰ ਸਨ ਜਿਨ੍ਹਾਂ ਨੇ ਮਨੁੱਖਤਾ ਅੰਦਰ ਜਬਰ-ਜ਼ੁਲਮ ਵਿਰੁੱਧ ਡਟਣ ਦਾ ਜਜ਼ਬਾ ਤੇ ਸਾਹਿਸ ਪੈਦਾ ਕੀਤਾ। ਭਾਈ ਲੌਂਗੋਵਾਲ ਨੇ ਕਿਹਾ ਕਿ ਅੱਜ ਦੇ ਪਦਾਰਥਵਾਦੀ ਸਮੇਂ ਵਿਚ ਗੁਰੂ ਸਾਹਿਬ ਦਾ ਜੀਵਨ-ਦਰਸ਼ਨ ਵਡਮੁੱਲੀ ਸੇਧ ਦੇਣ ਵਾਲਾ ਹੈ ਜਿਸ ਅਨੁਸਾਰੀ ਹੋ ਕੇ ਅਸੀਂ ਆਪਣਾ ਜੀਵਨ ਸੁਖਾਵਾਂ ਬਣਾ ਸਕਦੇ ਹਾਂ।

VIA PUNJAB