ਧੁੱਪਸੜੀ ਵਿਖੇ ਇੱਕ ਵਿਅਕਤੀ ਵੱਲੋਂ ਬੇਅਦਬੀ ਦੀ ਕੋਸ਼ਿਸ਼ ਦੀ ਭਾਈ ਲੌਂਗੋਵਾਲ ਨੇ ਕੀਤੀ ਨਿੰਦਾ

ਅੰਮ੍ਰਿਤਸਰ – ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਨੇੜਲੇ ਪਿੰਡ ਧੁੱਪਸੜੀ ਵਿਖੇ ਇੱਕ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਵਿਚ ਦਾਖਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖਤ ਸ਼ਬਦਾਂ ਵਿਚ ਨਿੰਦਿਆ ਹੈ। ਉਨ੍ਹਾਂ ਆਖਿਆ ਕਿ ਇਹ ਬੇਹੱਦ ਅਫ਼ਸੋਸਨਾਕ ਹੈ ਕਿ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲਾ ਇਕ ਪੁਲਿਸ ਅਧਿਕਾਰੀ ਦਾ ਲੜਕਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਹੋਰ ਵੀ ਦੁੱਖ ਦੀ ਗੱਲ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਉਨ੍ਹਾਂ ਸਰਕਾਰ ਨੂੰ ਅਜਿਹੇ ਅਨਸਰਾਂ ’ਤੇ ਸ਼ਿਕੰਜਾ ਕੱਸ ਕੇ ਸਖਤ ਤੋਂ ਸਖਤ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਬਖ਼ਸ਼ੇ ਨਹੀਂ ਜਾਣੇ ਚਾਹੀਦੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਾ ਸਾਹਿਬਾਨ ਦੀ ਨਿਗਰਾਨੀ ਅਤੇ ਸੇਵਾ ਸੰਭਾਲ ਲਈ ਪੁਖਤਾ ਪ੍ਰਬੰਧ ਕਰਨ ਤਾਂ ਜੋ ਅੱਗੇ ਤੋਂ ਅਜਿਹੀਆਂ ਘਟਨਾਵਾਂ ਨਾ ਵਾਪਰਨ।

VIA PUNJAB