ਮਾਰਕੀਟਾਂ ਵਿੱਚ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਵਪਾਰੀਆਂ ਨੇ ਕੀਤੀ ਮੀਟਿੰਗ

ਸ਼ਹਿਰ ਦੀਆਂ ਮਾਰਕੀਟਾਂ ਦੇ ਮਸਲੇ ਹਲ ਕੀਤੇ ਜਾਣ : ਜੇ ਪੀ ਸਿੰਘ
ਐਸ ਏ ਐਸ ਨਗਰ – ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼ 3ਬੀ2 ਦੀ ਇੱਕ ਮੀਟਿੰਗ ਪ੍ਰਧਾਨ ਸ੍ਰ. ਜਤਿੰਦਰਪਾਲ ਸਿੰਘ ਜੇ ਪੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਵਪਾਰੀਆਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਕੀਤਾ ਗਿਆ| ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਸ਼ਹਿਰ ਦੀਆਂ ਸਾਰੀਆਂ ਮਾਰਕੀਟਾਂ ਵਿੱਚ ਆ ਰਹੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ| ਇਸ ਮੌਕੇ ਗੱਲ ਕਰਦਿਆਂ ਸ੍ਰ. ਜੇ ਪੀ ਸਿੰਘ ਨੇ ਕਿਹਾ ਕਿ ਮੁਹਾਲੀ ਦੀਆਂ ਫੇਜ਼ 3ਬੀ 2 ਸਮੇਤ ਸਾਰੀਆਂ ਮਾਰਕੀਟਾਂ ਦੇ ਦੁਕਾਨਦਾਰਾਂ ਨੂੰ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਦੁਕਾਨਦਾਰਾਂ ਨੂੰ ਦੋਹਰੀ ਮਾਰ ਪੈ ਰਹੀ ਹੈ| ਇਕ ਤਾਂ ਨੋਟਬੰਦੀ ਅਤੇ ਜੀ ਐਸ ਟੀ ਕਾਰਨ ਅਜੇ ਦੁਕਾਨਦਾਰਾਂ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਅਤੇ ਬਾਕੀ ਦੀ ਕਸਰ ਸਾਰੀਆਂ ਮਾਰਕੀਟਾਂ ਵਿੱਚ ਨਜਾਇਜ ਲੱਗਦੀਆਂ ਰੇਹੜੀਆਂ ਫੜੀਆਂ ਨੇ ਪੂਰੀ ਕਰ ਦਿੱਤੀ ਹੈ ਜਿਹਨਾਂ ਕਾਰਨ ਦੁਕਾਨਦਾਰਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ| ਉਹਨਾਂ ਕਿਹਾ ਕਿ ਮਾਰਕੀਟਾਂ ਵਿੱਚ ਨਾਜਾਇਜ ਲਗਦੀਆਂ ਰੇਹੜੀਆਂ ਫੜੀਆਂ ਸ਼ਹਿਰ ਦੀ ਸੁੰਦਰਤਾ ਤੇ ਧੱਬਾ ਹਨ| ਉਹਨਾਂ ਕਿਹਾ ਕਿ ਵਪਾਰੀ ਇਹਨਾਂ ਰੇਹੜੀਆਂ ਫੜੀਆਂ ਵਾਲਿਆਂ ਦੇ ਰੁਜਗਾਰ ਦੇ ਵਿਰੁੱਧ ਨਹੀਂ ਪਰ ਇਹਨਾਂ ਰੇਹੜੀਆਂ ਫੜੀਆਂ ਵਾਲਿਆਂ ਨੂੰ ਮਾਰਕੀਟਾਂ ਤੋਂ ਦੂਰ ਕੋਈ ਥਾਂ ਦਿਤੀ ਜਾ ਸਕਦੀ ਹੈ, ਜਿਸ ਕਾਰਨ ਮਾਰਕੀਟਾਂ ਦੇ ਦੁਕਾਨਦਾਰਾਂ ਦਾ ਕੰਮ ਪ੍ਰਭਾਵਿਤ ਨਾ ਹੋਵੇ| ਉਹਨਾਂ ਕਿਹਾ ਕਿ ਦੁਕਾਨਦਾਰ ਹਰ ਸਾਲ ਨਗਰ ਨਿਗਮ ਅਤੇ ਸਰਕਾਰ ਨੂੰ ਲੱਖਾਂ ਰੁਪਏ ਟੈਕਸ ਦਿੰਦੇ ਹਨ, ਇਸਦੇ ਬਾਵਜੂਦ ਨਗਰ ਨਿਗਮ ਅਤੇ ਪ੍ਰਸ਼ਾਸਨ ਵਲੋਂ ਇਹਨਾਂ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ ਜਾਂਦਾ| ਉਹਨਾਂ ਕਿਹਾ ਕਿ ਸ਼ਹਿਰ ਦੀਆਂ ਕਈ ਮਾਰਕੀਟਾਂ ਦੀਆਂ ਪਾਰਕਿੰਗਾਂ ਵਿੱਚ ਵਾਹਨ ਖੜੇ ਕਰਨ ਲਈ ਲਾਈਨਾਂ ਨਹੀਂ ਲਗਾਈਆਂ ਗਈਆਂ ਹਨ ਜਿਸ ਕਾਰਨ ਪਾਰਕਿੰਗ ਦੀ ਭਾਰੀ ਸਮੱਸਿਆ ਆਉਂਦੀ ਹੈ| ਸ਼ਹਿਰ ਦੀਆਂ ਕਈ ਮਾਰਕੀਟਾਂ ਵਿੱਚ ਰੇਲਿੰਗ ਟੁੱਟ ਚੁਕੀ ਹੈ ਅਤੇ ਫੁਟਪਾਥ ਵੀ ਮਾੜੀ ਹਾਲਤ ਵਿੱਚ ਹਨ| ਉਹਨਾਂ ਮੰਗ ਕੀਤੀ ਸ਼ਹਿਰ ਦੀਆਂ ਸਾਰੀਆਂ ਮਾਰਕੀਟਾਂ ਦੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣ|

VIA PUNJAB