- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਈ ਰਾਜੋਆਣੇ ਦੀ ਸਜ਼ਾ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਨੂੰ 18 ਜੁਲਾਈ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਵਫ਼ਦ
ਵਾਇਆ ਪੰਜਾਬ ਬਿਊਰੋ
ਅੰਮ੍ਰਿਤਸਰ, 16 ਜੁਲਾਈ
ਪਟਿਆਲਾ ਦੀ ਕੇਂਦਰੀ ਜ਼ੇਲ੍ਹ ’ਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ’ਤੇ ਰੋਕ ਲਗਾਉਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਕੀਤੀ ਗਈ ਅਪੀਲ ਦਾ ਜਲਦੀ ਨਿਪਟਾਰਾ ਕਰਨ ਲਈ ਸ਼੍ਰੋਮਣੀ ਕਮੇਟੀ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਕੋਲ ਪਹੁੰਚ ਕਰੇਗੀ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਭਾਰਤ ਦੇ ਗ੍ਰਹਿ ਮੰਤਰਾਲੇ ਨਾਲ ਰਾਬਤਾ ਕੀਤਾ ਜਾਂਦਾ ਰਿਹਾ ਹੈ ਅਤੇ ਹੁਣ 18 ਜੁਲਾਈ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਨਾਲ ਸਬੰਧਤ ਮੈਂਬਰ ਪਾਰਲੀਮੈਂਟ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਮਿਲਣਗੇ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ’ਤੇ ਰੋਕ ਲਗਾਉਣ ਬਾਰੇ ਮਾਰਚ 2012 ਵਿਚ ਭਾਰਤ ਦੇ ਤਤਕਾਲੀ ਰਾਸ਼ਟਰਪਤੀ ਕੋਲ ਅਪੀਲ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਮੰਗ ਕੀਤੀ ਸੀ ਕਿ ਭਾਈ ਰਾਜੋਆਣਾ ਦੀ ਸਜ਼ਾ ਨੂੰ ਫਾਂਸੀ ਦੀ ਥਾਂ ਉਮਰ ਕੈਦ ਵਿਚ ਤਬਦੀਲ ਕੀਤਾ ਜਾਵੇ ਅਤੇ ਰਾਸ਼ਟਰਪਤੀ ਵੱਲੋਂ ਸ਼੍ਰੋਮਣੀ ਕਮੇਟੀ ਦੀ ਅਪੀਲ ਨੂੰ ਅਗਲੀ ਕਾਰਵਾਈ ਲਈ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਭੇਜ ਦਿੱਤਾ ਗਿਆ ਸੀ, ਜਿਸ ’ਤੇ ਅਜੇ ਤੱਕ ਗ੍ਰਹਿ ਮੰਤਰਾਲੇ ਨੇ ਕੋਈ ਫੈਸਲਾ ਨਹੀਂ ਲਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਲਗਾਤਾਰ ਗ੍ਰਹਿ ਮੰਤਰਾਲੇ ਨਾਲ ਰਾਬਤਾ ਰੱਖ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬੀਤੇ ਸਮੇਂ ’ਚ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਜਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਏ ਸਨ ਤਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਨੂੰ ਇੱਕ ਮੰਗ ਪੱਤਰ ਸੌਂਪਿਆ ਸੀ, ਜਿਸ ਵਿਚ ਭਾਈ ਰਾਜੋਆਣਾ ਦੀ ਲੰਬਿਤ ਪਈ ਅਪੀਲ ’ਤੇ ਜਲਦ ਫੈਸਲਾ ਕਰਨ ਦੀ ਮੰਗ ਵੀ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਦੇ ਇਕ ਵਫ਼ਦ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਸਮੇਂ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਇਹ ਮੰਗ ਉਨ੍ਹਾਂ ਪਾਸ ਉਠਾਈ ਸੀ। ਸ਼੍ਰੋਮਣੀ ਕਮੇਟੀ ਬੁਲਾਰੇ ਨੇ ਕਿਹਾ ਕਿ ਭਾਈ ਰਾਜੋਆਣੇ ਬਾਰੇ ਅਪੀਲ ਦੇ ਨਿਪਟਾਰੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਹੀ ਯਤਨ ਕਰਦੀ ਰਹੀ ਹੈ ਅਤੇ ਇਸ ਸਬੰਧ ਵਿਚ ਸੁਹਿਰਦ ਭਾਵਨਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਭਾਈ ਰਾਜੋਆਣੇ ਦੀਆਂ ਭਾਵਨਾਵਾਂ ਦੀ ਕਦਰ ਕਰਦੀ ਹੈ ਕਿ ਇਹ ਵੀ ਮਹਿਸੂਸ ਕਰਦੀ ਹੈ ਕਿ ਉਹ ਮਾਨਸਿਕ ਤਨਾਅ ਵਿੱਚੋਂ ਲੰਘ ਰਹੇ ਹਨ, ਪਰ ਭੁੱਖ ਹੜਤਾਲ ਇਸ ਮਸਲੇ ਦਾ ਹੱਲ ਨਹੀਂ ਹੈ। ਉਨ੍ਹਾਂ ਭਾਈ ਰਾਜੋਆਣਾ ਨੂੰ ਅਪੀਲ ਕੀਤੀ ਕਿ ਭੁੱਖ ਹੜਤਾਲ ਦਾ ਰਸਤਾ ਨਾ ਅਪਨਾਉਣ।



