ਮੋਦੀ ਦੇ ਸਹੁੰ ਚੁੱਕ ਸਮਾਗਮ ਲਈ ਬਿਮਸਟੈਕ ਦੇਸ਼ਾਂ ਦੇ ਮੁਖੀਆਂ ਨੂੰ ਭੇਜਿਆ ਸੱਦਾ

ਨਵੀਂ ਦਿੱਲੀ- 30 ਮਈ ਨੂੰ ਪ੍ਰਧਾਨ ਮੰਤਰੀ ਅਤੇ ਕੈਬਨਿਟ ਦੇ ਸਹੁੰ ਚੁੱਕ ਸਮਾਗਮ ਵਿੱਚ ਭਾਰਤ ਦੇ ਬਿਮਸਟੈਕ ਦੇ ਮੈਂਬਰ ਦੇਸ਼ਾਂ (ਭਾਰਤ ਤੋਂ ਇਲਾਵਾ ਨੇਪਾਲ, ਭੂਟਾਨ, ਬੰਗਲਾਦੇਸ਼, ਸ੍ਰੀਲੰਕਾ, ਥਾਈਲੈਂਡ ਅਤੇ ਮਿਆਂਮਾਰ) ਨੂੰ ਸੱਦਾ ਦਿੱਤਾ ਗਿਆ ਹੈ। ਪਿਛਲੀ ਵਾਰ ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਦੱਖਣੀ ਏਸ਼ੀਆ ਖੇਤਰੀ ਸਹਿਯੋਗ ਸੰਗਠਨ (ਸਾਰਕ) ਦੇ ਸਾਰੇ ਮੈਂਬਰ ਦੇਸ਼ਾਂ ਨੂੰ ਸੱਦਿਆ ਗਿਆ ਸੀ। ਉਸ ਸਮੇਂ ਪਾਕਿਸਤਾਨ ਦੇ ਤੱਤਕਾਲੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਇਸ ਵਿੱਚ ਹਿੱਸਾ ਲਿਆ ਸੀ ਪਰ 2016 ਤੋਂ ਭਾਰਤ ਸਾਰਕ ਦੀ ਥਾਂ ਬਿਮਸਟੈਕ ਨੂੰ ਬੜ੍ਹਾਵਾ ਦੇ ਰਿਹਾ ਹੈ ਅਤੇ ਇਸ ਵਾਰ ਦੇ ਸੱਦੇ ਤੋਂ ਇਹ ਸਪਸ਼ਟ ਹੈ ਕਿ ਨਵੀਂ ਸਰਕਾਰ ਦੇ ਕਾਰਜਕਾਲ ਵਿੱਚ ਵੀ ਇਹੀ ਨੀਤੀ ਜਾਰੀ ਰਹੇਗੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ, ‘ਭਾਰਤ ਸਰਕਾਰ ਨੇ ਸਹੁੰ ਚੁੱਕ ਸਮਾਗਮ ਲਈ ਬਿਮਸਟੈਕ ਦੇ ਮੈਂਬਰ ਦੇਸ਼ਾਂ ਨੂੰ ਸੱਦਾ ਦਿੱਤਾ ਗਿਆ ਹੈ। ਸਰਕਾਰ ਦੀ ‘ਗੁਆਂਢੀ ਪਹਿਲਾਂ’ ਦੀ ਨੀਤੀ ਤਹਿਤ ਸੱਦਾ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਕਿਰਗਿਸਤਾਨ ਦੇ ਰਾਸ਼ਟਰਪਤੀ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੂੰ ਵੀ ਸੱਦਾ ਦਿੱਤਾ ਗਿਆ ਹੈ। ਕਿਰਗਿਸਤਾਨ ਦੇ ਰਾਸ਼ਟਰਪਤੀ ਨੂੰ ਸੱਦਾ ਇਸ ਲਈ ਦਿੱਤਾ ਗਿਆ ਹੈ ਕਿਉਂਕਿ ਉਹ ਹਾਲੇ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਚੇਅਰਮੈਨ ਹਨ। ਐੱਸਸੀਓ ਦੇ ਪ੍ਰਮੁੱਖ ਨੇਤਾਵਾਂ ਦੀ ਬੈਠਕ 14-15 ਜੂਨ ਨੂੰ ਹੋਣੀ ਹੈ ਅਤੇ ਉਸ ਵਿੱਚ ਮੋਦੀ ਹਿੱਸਾ ਲੈਣ ਜਾਣ ਵਾਲੇ ਹਨ।

VIA PUNJAB