- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਾਤਾਵਰਨ ਸੰਭਾਲ ਤੇ ਸਮਾਜ ਸੁਧਾਰ ਸ਼੍ਰੋਮਣੀ ਕਮੇਟੀ ਦੇ ਤਰਜੀਹੀ ਏਜੰਡੇ: ਭਾਈ ਲੌਂਗੋਵਾਲ
ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਦਾਨ ‘ਚ ਬੂਟਾ ਲਗਾ ਕੇ ਦਿੱਤਾ ਸਮਾਜ ਨੂੰ ਵਾਤਾਵਰਨ ਸੰਭਾਲ ਦਾ ਸੁਨੇਹਾ
ਤਲਵਿੰਦਰ ਸਿੰਘ ਬੁੱਟਰ/ ਵਾਇਆ ਪੰਜਾਬ ਬਿਊਰੋ
ਸ੍ਰੀ ਅਨੰਦਪੁਰ ਸਾਹਿਬ, 6 ਅਗਸਤ
‘ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਲਹਿਰ ਨੂੰ ਸਿੱਟਾਮੁਖੀ ਬਣਾਉਣ ਲਈ ਵਾਤਾਵਰਨ ਸੰਭਾਲ ਅਤੇ ਸਮਾਜਿਕ ਸੁਧਾਰਾਂ ਵੱਲ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।’ ਇਹ ਗੱਲ ਅੱਜ ਇੱਥੇ ਅੱਠਵੇਂ ਪਾਤਿਸ਼ਾਹ, ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਾਤਾਵਰਨ ਸੰਭਾਲ ਦਾ ਸੁਨੇਹਾ ਦੇਣ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਵਿਸ਼ਾਲ ਮੈਦਾਨ ਵਿਚ ਬੂਟੇ ਲਗਾਉਣ ਵੇਲੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖੀ।
ਭਾਈ ਲੌਂਗੋਵਾਲ ਨੇ ਆਖਿਆ ਕਿ ਇਸ ਵੇਲੇ ਵਾਤਾਵਰਨ, ਜਾਤ-ਪਾਤ, ਭਰੂਣ ਹੱਤਿਆ ਅਤੇ ਨਸ਼ਾਖੋਰੀ ਪੰਜਾਬ ਦੀਆਂ ਗੰਭੀਰ ਸਮੱਸਿਆਵਾਂ ਹਨ ਅਤੇ ਸ਼੍ਰੋਮਣੀ ਕਮੇਟੀ ਇਨ੍ਹਾਂ ਬੁਰਾਈਆਂ ਖ਼ਿਲਾਫ਼ ਸਿੱਖ ਸਮਾਜ ਨੂੰ ਜਾਗਰੂਕ ਕਰਨ ਵੱਲ ਵਿਸ਼ੇਸ਼ ਤਵੱਜੋਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਕੁਦਰਤ ਪ੍ਰੇਮ ਅਤੇ ਸਮਾਜ ਸੁਧਾਰ ਨੂੰ ਧਰਮ ਪ੍ਰਚਾਰ ਦਾ ਆਧਾਰ ਬਣਾਇਆ ਸੀ ਅਤੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਲਹਿਰ ‘ਚ ਵੀ ਇਹ ਮੁੱਦੇ ਤਰਜੀਹੀ ਏਜੰਡੇ ‘ਤੇ ਹਨ। ਉਨ੍ਹਾਂ ਕਿਹਾ ਕਿ ਸੱਤਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਰਾਇ ਜੀ ਅਤੇ ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਨੇ ਵਾਤਾਵਰਨ ਪ੍ਰੇਮ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਸੀ, ਇਸੇ ਕਾਰਨ ਅੱਜ ਸ਼੍ਰੋਮਣੀ ਕਮੇਟੀ ਵਲੋਂ ਅੱਠਵੇਂ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਰੁੱਖ ਲਗਾ ਕੇ ਸਮਾਜ ਨੂੰ ਵਾਤਾਵਰਨ ਦੀ ਸੰਭਾਲ ਲਈ ਸੁਨੇਹਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਸਿੱਖ ਨੂੰ ਆਪੋ-ਆਪਣੇ ਘਰ ‘ਚ ਇਕ-ਇਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ।
ਭਾਈ ਲੌਂਗੋਵਾਲ ਨੇ ਇਸ ਮੌਕੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਲਹਿਰ ਤਹਿਤ ਪਿੰਡਾਂ ‘ਚ ਵਾਤਾਵਰਨ ਦੀ ਸੰਭਾਲ ਅਤੇ ਨਸ਼ਾਖੋਰੀ ਸਬੰਧੀ ਸੈਮੀਨਾਰ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਮਾਜਿਕ ਬਰਾਬਰਤਾ ਅਤੇ ਭਾਈਚਾਰਕ ਸਦਭਾਵਨਾ ਲਈ ‘ਇਕ ਪਿੰਡ, ਇਕ ਗੁਰਦੁਆਰਾ ਮੁਹਿੰਮ’ ਸਫਲਤਾ ਨਾਲ ਚੱਲ ਰਹੀ ਹੈ। ਅਮਰੀਕਾ ਵਰਗੇ ਦੇਸ਼ਾਂ ‘ਚ ਸਿੱਖਾਂ ਨਾਲ ਵਾਪਰ ਰਹੇ ਨਸਲੀ ਵਿਤਕਰਿਆਂ ਬਾਰੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਖ-ਵੱਖ ਭਾਸ਼ਾਵਾਂ ‘ਚ ਸਿੱਖ ਧਰਮ ਦੇ ਫ਼ਲਸਫ਼ੇ ਅਤੇ ਇਤਿਹਾਸ ਬਾਰੇ ਸਾਹਿਤ ਛਪਵਾ ਕੇ ਵਿਦੇਸ਼ਾਂ ‘ਚ ਵੰਡਣ ਜਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਸਿੱਖਾਂ ਬਾਰੇ ਸਹੀ ਜਾਣਕਾਰੀ ਮਿਲ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਮੁੱਚੇ ਸੰਸਾਰ ‘ਚ ਵੱਸਦੇ ਸਿੱਖਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਵਚਨਬੱਧ ਹੈ।
ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਲੱਖੇਵਾਲ, ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿੰ. ਸੁਰਿੰਦਰ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਜਸਬੀਰ ਸਿੰਘ ਆਦਿ ਵੀ ਹਾਜ਼ਰ ਸਨ।


