ਵੈੱਬਸਾਈਟ ‘ਤੇ ਪਾਇਆ ਬਠਿੰਡਾ ਦਾ ਜ਼ਮੀਨੀ ਰਿਕਾਰਡ

9 ਫਰਦ ਕੇਂਦਰਾਂ ਤੋਂ 35316 ਬਿਨੈਕਾਰਾਂ ਨੇ ਲਿਆ ਲਾਹਾ 291 ਪਿੰਡਾਂ ਦਾ ਹੋਇਆ ਜ਼ਮੀਨੀ ਰਿਕਾਰਡ ਆਨਲਾਈਨ

ਬਠਿੰਡਾ – ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹੇ ‘ਚ ਚੱਲ ਰਹੇ ਫਰਦ ਕੇਂਦਰ ਸਮੇਂ ਸਿਰ ਤੇ ਪਾਰਦਰਸ਼ੀ ਢੰਗ ਨਾਲ ਜ਼ਮੀਨੀ ਰਿਕਾਰਡ ਮੁਹੱਈਆ ਕਰਵਾਉਣ ‘ਚ ਆਮ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋ ਰਹੇ ਹਨ। ਜ਼ਿਲ੍ਹੇ ਦੇ 9 ਫਰਦ ਕੇਂਦਰਾਂ ਤੋਂ ਮਹੀਨਾ ਸਤੰਬਰ, ਅਕਤੂਬਰ ਤੇ ਨਵੰਬਰ ਦੌਰਾਨ 35316 ਬਿਨੈਕਾਰਾਂ ਨੂੰ ਜ਼ਮੀਨੀ ਰਿਕਾਰਡ ਦੀਆਂ ਤਸਦੀਕਸ਼ੁਦਾ ਨਕਲਾਂ ਮੁਹੱਈਆ ਕਰਵਾਈਆਂ ਗਈਆਂ ਹਨ। ਸਮੂਹ ਫ਼ਰਦ ਕੇਂਦਰਾਂ ਤੋਂ ਲਗਭਗ 5702620 ਲੱਖ ਰੁਪਏ ਦੀ ਆਮਦਨ ਵੀ ਹੋ ਚੁੱਕੀ ਹੈ। ਸ਼੍ਰੀ ਬੀ. ਸ੍ਰੀਨਿਵਾਸਨ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਅੰਦਰ ਕੁੱਲ 292 ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚੋਂ 291 ਪਿੰਡਾਂ ਦਾ ਜ਼ਮੀਨੀ ਰਿਕਾਰਡ ਆਨਲਾਈਨ ਹੋ ਚੁੱਕਾ ਹੈ। ਜਦਕਿ ਬਾਕੀ ਰਹਿੰਦੇ ਬਠਿੰਡਾ ਸ਼ਹਿਰੀ ਖੇਤਰ ਦਾ ਕੰਮ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਆਨ-ਲਾਇਨ ਕਰਨ ਦੀ ਹਦਾਇਤ ਕੀਤੀ ਗਈ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਇਨ੍ਹਾਂ ਫ਼ਰਦ ਕੇਂਦਰਾਂ ਤੋਂ ਤਸਦੀਕਸ਼ੁਦਾ ਨਕਲਾਂ ਹਾਸਲ ਕਰਨ ਵਿੱਚ ਕੇਵਲ 10 ਤੋਂ 15 ਮਿੰਟਾਂ ਦਾ ਸਮਾਂ ਹੀ ਲਗਦਾ ਹੈ। ਉਨ੍ਹਾਂ ਦੱਸਿਆ ਕਿ ਜਿਥੇ ਕੇਵਲ 20 ਰੁਪਏ ਪ੍ਰਤੀ ਪੰਨੇ ਦੇ ਹਿਸਾਬ ਨਾਲ ਫੀਸ ਅਦਾ ਕਰਕੇ ਜ਼ਮੀਨੀ ਰਿਕਾਰਡ ਦੀ ਨਕਲ ਪ੍ਰਾਪਤ ਹੋ ਜਾਂਦੀ ਹੈ ਉਥੇ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਦੀ ਵੀ ਬਚਤ ਹੁੰਦੀ ਹੈ।ਜ਼ਿਲ੍ਹੇ ਅੰਦਰ ਚੱਲ ਰਹੇ ਫ਼ਰਦ ਕੇਂਦਰਾਂ ਦੀ ਪ੍ਰਗਤੀ ਬਾਰੇ ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱÎਸਿਆ ਕਿ ਇਨ੍ਹਾਂ ਮਹੀਨਿਆਂ ਦੌਰਾਨ ਬਠਿੰਡਾ ਫ਼ਰਦ ਕੇਂਦਰ ਤੋਂ 5965, ਰਾਮਪੁਰਾ ਫ਼ਰਦ ਕੇਂਦਰ ਤੋਂ 6453, ਤਲਵੰਡੀ ਸਾਬੋ ਫ਼ਰਦ ਕੇਂਦਰ ਤੋਂ 6694, ਭਗਤਾ ਭਾਈਕਾ ਫ਼ਰਦ ਕੇਂਦਰ ਤੋਂ 2446, ਸੰਗਤ ਫ਼ਰਦ ਕੇਂਦਰ ਤੋਂ 2339, ਨਥਾਣਾ ਫ਼ਰਦ ਕੇਂਦਰ ਤੋਂ 5872, ਗੋਨਿਆਣਾ ਮੰਡੀ ਫ਼ਰਦ ਕੇਂਦਰ ਤੋਂ 3090, ਬਾਲਿਆਂਵਾਲੀ ਫ਼ਰਦ ਕੇਂਦਰ ਤੋਂ 3150 ਅਤੇ ਇਸੇ ਤਰ੍ਹਾਂ ਮੌੜ ਫ਼ਰਦ ਕੇਂਦਰ ਤੋਂ 3315 ਵਿਅਕਤੀਆਂ ਨੇ ਲਾਹਾ ਲਿਆ। ਇਸ ਸਮੇਂ ਦੌਰਾਨ ਇਨ੍ਹਾਂ ਫ਼ਰਦ ਕੇਂਦਰਾਂ ਤੋਂ 5702620 ਰੁਪਏ ਦੀ ਸਰਕਾਰ ਨੂੰ ਆਮਦਨ ਹੋ ਚੁੱਕੀ ਹੈ।ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਅੱਗੇ ਦੱਸਿਆ ਕਿ ਇਨ੍ਹਾਂ ਫ਼ਰਦ ਕੇਂਦਰਾਂ ਵਿਖੇ ਜਿੱਥੇ ਲੋਕਾਂ ਦਾ ਕੀਮਤੀ ਸਮਾਂ ਬਰਬਾਦ ਨਹੀਂ ਹੁੰਦਾ, ਉੱਥੇ ਹੀ ਪਾਰਦਰਸ਼ੀ ਢੰਗ ਨਾਲ ਲੋਕਾਂ ਦੇ ਜ਼ਮੀਨੀ ਰਿਕਾਰਡ ਦੀ ਕਾਪੀ ਹਾਸਲ ਹੋ ਜਾਂਦੀ ਹੈ।ਉਨ੍ਹਾਂ ਹੋਰ ਦੱਸਿਆ ਕਿ ਵੈਬਸਾਈਟ ‘ਤੇ ਕੋਈ ਵੀ ਜ਼ਮੀਨ ਮਾਲਕ ਆਪਣੀ ਜ਼ਮੀਨ ਦਾ ਰਿਕਾਰਡ ਆਨਲਾਈਨ ਵੇਖ ਸਕਦਾ ਹੈ ਅਤੇ ਇਸ ਦਾ ਪ੍ਰਿੰਟ ਆਊਟ ਵੀ ਪ੍ਰਾਪਤ ਕਰ ਸਕਦਾ ਹੈ।

VIA PUNJAB