ਬਲਬੀਰ ਸਿੰਘ ਸਿੱਧੂ ਦੇ ਨਿਰਦੇਸ਼ਾਂ ‘ਤੇ ਸਟੇਟ ਹੈਲਥ ਏਜੰਸੀ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਦੇ 37 ਈ-ਕਾਰਡ ਰੱਦ

ਸਿਹਤ ਮੰਤਰੀ ਵੱਲੋਂ ਵਿਭਾਗ ਨੂੰ ਸੂਬੇ ਭਰ ਦੇ ਫਰਜ਼ੀ ਲਾਭਪਾਤਰੀਆਂ ਦਾ ਪਤਾ ਲਗਾਉਣ ਲਈ ਵਿਆਪਕ ਜਾਂਚ ਕਰਨ ਦੇ ਨਿਰਦੇਸ਼

ਚੰਡੀਗੜ – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਸੂਬੇ ਦੀ ਸਿਹਤ ਏਜੰਸੀ ਵੱਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜਾਰੀ ਕੀਤੇ 37 ਜਾਅਲੀ ਈ-ਕਾਰਡ ਰੱਦ ਕੀਤੇ ਗਏ ਹਨ।ਅਜਿਹੇ ਕਾਰਡ ਜਾਰੀ ਕਰਨ ਵਿੱਚ ਕਥਿਤ ਬੇਨਿਯਮੀਆਂ ਦਾ ਸਖ਼ਤ ਨੋਟਿਸ ਲੈਂਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਸਿਵਲ ਸਰਜਨਾਂ ਨੂੰ ਉਨਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਕਾਮਨ ਸਰਵਿਸ ਸੈਂਟਰਾਂ ਦੀ ਪੂਰੀ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ। ਫਤਿਹਗੜ ਸਾਹਿਬ ਵਿਖੇ ਜਾਅਲੀ ਕਾਰਡ ਮਿਲਣ ‘ਤੇ ਉਹਨਾਂ ਫਰਜ਼ੀ ਲਾਭਪਾਤਰੀਆਂ ਦਾ ਪਤਾ ਲਗਾਉਣ ਲਈ ਸੂਬੇ ਭਰ ਦੇ ਸਾਰੇ ਕੇਂਦਰਾਂ ਦੀ ਵਿਆਪਕ ਆਡਿਟ ਜਾਂਚ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਹਨ।ਸਿਹਤ ਮੰਤਰੀ ਨੇ ਕਿਹਾ ਕਿ ਜ਼ਿਲਾ ਸਿਹਤ ਅਥਾਰਟੀਆਂ ਵੱਲੋਂ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਦੇ ਗ੍ਰਾਮ ਪੱਧਰੀ ਉੱਦਮੀ (ਵੀ.ਐਲ.ਈ.) ਜਿਨਾਂ ਨੇ ਲਾਗਇਨ ਆਈ.ਡੀ. ਤੋਂ ਇਹ ਗਲਤ ਕਾਰਡ ਤਿਆਰ ਕੀਤੇ ਗਏ ਹਨ, ਵਿਰੁੱਧ ਵੀ ਕਾਨੂੰਨੀ ਕਾਰਵਾਈ ਆਰੰਭੀ ਗਈ ਹੈ।ਇਹਤਿਆਤ ਵਜੋਂ, ਸਿਹਤ ਮੰਤਰੀ ਨੇ ਫਤਿਹਗੜ ਸਾਹਿਬ ਦੇ ਕਾਮਨ ਸਰਵਿਸ ਸੈਂਟਰਾਂ ਵਿਖੇ ਈ-ਕਾਰਡ ਜਾਰੀ ਕਰਨ ਦੀ ਪ੍ਰਕਿਰਿਆ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਗਈ ਹੈ।ਸ. ਸਿੱਧੂ ਨੇ ਕਿਹਾ ਕਿ ਸਿਹਤ ਯੋਜਨਾ ਵਿੱਚ ਕਿਸੇ ਵੀ ਪੱਧਰ ‘ਤੇ ਕੀਤੀ ਗਈ ਅਣਗਿਹਲੀ ਤੇ ਜਾਲਸਾਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਵਿਅਕਤੀ ਤੇ ਸੰਸਥਾ ਕਿਸੇ ਮਾਮਲੇ ਵਿੱਚ ਦੋਸ਼ੀ ਪਾਈ ਜਾਂਦੀ ਹੈ ਤਾਂ ਉਸ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ।

VIA PUNJAB