ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਕਮੇਟੀ ਨੂੰ ਰਾਜਸਥਾਨ ਸਰਕਾਰ ਨਾਲ ਰਾਬਤਾ ਬਣਾਉਣ ਦੇ ਦਿੱਤੇ ਨਿਰਦੇਸ਼

ਤਲਵੰਡੀ ਸਾਬੋ – ਹਲਕਾ ਤਲਵੰਡੀ ਸਾਬੋ ਦੇ 15 ਪਿੰਡਾਂ ਦੀਆਂ ਸੰਗਤਾਂ ਵੱਲੋਂ ਬੀਕਾਨੇਰ ਕੈਂਸਰ ਹਸਪਤਾਲ ਵਿੱਚ ਚਲਾਏ ਜਾ ਰਹੇ ਲੰਗਰ ਨੂੰ ਰਾਜਸਥਾਨ ਸਰਕਾਰ ਵੱਲੋਂ ਬੰਦ ਕਰਵਾਉਣ ਦੇ ਮਾਮਲੇ ਤੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਰਾਜਸਥਾਨ ਸਰਕਾਰ ਨਾਲ ਰਾਬਤਾ ਕਾਇਮ ਕਰ ਲੰਗਰ ਬਹਾਲੀ ਲਈ ਯਤਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਲੰਗਰ ਪ੍ਰਥਾ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਚਲਾਈ ਗਈ ਹੈ ਅਤੇ ਉਸੇ ਪ੍ਰਥਾ ਨੂੰ ਅੱਗੇ ਤੋਰਦਿਆਂ ਹਲਕਾ ਤਲਵੰਡੀ ਸਾਬੋ ਦੇ ਪਿੰਡਾਂ ਦੇ ਨੌਜਵਾਨਾਂ ਵੱਲੋਂ ਰਾਜਸਥਾਨ ਦੇ ਬੀਕਾਨੇਰ ਦੇ ਕੈਂਸਰ ਹਸਪਤਾਲ ਵਿੱਚ ਲੰਗਰ ਲਗਾਇਆ ਗਿਆ ਸੀ ਪ੍ਰੰਤੂ ਹੋਟਲ ਮਾਫੀਆ ਨੂੰ ਫਾਇਦਾ ਪਹੁੰਚਾਉਣ ਲਈ ਰਾਜਸਥਾਨ ਸਰਕਾਰ ਵੱਲੋਂ ਉਕਤ ਲੰਗਰ ਨੂੰ ਬੰਦ ਕਰਨ ਅਤੇ ਸ਼ੈੱਡ ਢਹਾ ਦਿੱਤੇ ਜਾਣ ਦੀ ਕਾਰਵਾਈ ਅਤਿ ਨਿੰਦਣਯੋਗ ਹੈ ਤੇ ਲੰਗਰ ਬੰਦ ਹੋਣ ਦੀ ਸੂਰਤ ਵਿੱਚ ਹਸਪਤਾਲ ਵਿੱਚ ਇਲਾਜ ਕਰਵਾਉਣ ਆਂਉਦੇ ਆਰਥਿਕ ਤੌਰ ਤੇ ਕਮਜੋਰ ਲੋਕਾਂ ਨੂੰ ਵੱਡਾ ਨੁਕਸਾਨ ਪੁੱਜੇਗਾ। ਸਿੰਘ ਸਾਹਿਬ ਨੇ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਰਾਜਸਥਾਨ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਮਸਲੇ ਦਾ ਹੱਲ ਕਰਨ ਲੰਗਰ ਬਹਾਲੀ ਦੇ ਯਤਨ ਕਰਨ।

VIA PUNJAB