ਭਾਈ ਗੋਬਿੰਦ ਸਿੰਘ ਲੌਂਗੋਵਾਲ ਮੁੜ ਬਣੇ ਸ਼੍ਰੋਮਣੀ ਕਮੇਟੀ ਪ੍ਰਧਾਨ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦਾ ਸੰਦੇਸ਼ ਘਰ ਘਰ ਪਹੁੰਚਾਉਣਾ ਹੋਵੇਗੀ ਪਹਿਲ -ਭਾਈ ਲੌਂਗੋਵਾਲ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਾਲਾਨਾ ਜਨਰਲ ਇਜਲਾਸ ਦੌਰਾਨ ਹਾਜ਼ਰ ਹੋਏ 153 ਮੈਂਬਰਾਂ ਨੇ ਸਰਬਸੰਮਤੀ ਨਾਲ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਚੁਣ ਲਿਆ। ਜਨਰਲ ਇਜਲਾਸ ਦੀ ਆਰੰਭਤਾ ਸਮੇਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ। ਜਨਰਲ ਹਾਊਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵੀ ਮੌਜੂਦ ਸਨ। ਜਨਰਲ ਇਜਲਾਸ ਦੀ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਨਰਲ ਇਜਲਾਸ ਸਬੰਧੀ ਜਾਰੀ ਪੱਤਰ ਪੜ੍ਹ ਕੇ ਆਰੰਭ ਕੀਤੀ, ਜਦਕਿ ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਸਮੇਂ ਚਲਾਣਾ ਕਰ ਗਏ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕੁਲਦੀਪ ਸਿੰਘ ਵਡਾਲਾ, ਬਾਬਾ ਸੁਖਚੈਨ ਸਿੰਘ ਧਰਮਪੁਰਾ ਅਤੇ ਜਥੇਦਾਰ ਲਾਭ ਸਿੰਘ ਦੇਵੀ ਨਗਰ ਸਬੰਧੀ ਸ਼ੋਕ ਮਤੇ ਪੜ੍ਹੇ।ਇਸ ਉਪਰੰਤ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਧਾਨਗੀ ਪਦ ਲਈ ਨਾਮ ਦੀ ਮੰਗ ਕੀਤੀ ਜਿਸ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜਗੀਰ ਕੌਰ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਨਾਮ ਪੇਸ਼ ਕੀਤਾ। ਉਨ੍ਹਾਂ ਦੇ ਨਾਮ ਦੀ ਤਾਈਦ ਜਥੇਦਾਰ ਅਵਤਾਰ ਸਿੰਘ ਮੱਕੜ ਅਤੇ ਤਾਈਦ ਮਜੀਦ ਸ. ਅਲਵਿੰਦਰਪਾਲ ਸਿੰਘ ਪੱਖੋਕੇ ਨੇ ਕੀਤੀ। ਕੋਈ ਹੋਰ ਨਾਮ ਪੇਸ਼ ਨਾ ਹੋਣ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਦੇ ਅਗਲੇ ਪ੍ਰਧਾਨ ਬਣ ਗਏ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਦੇ ਪਦ ਲਈ ਸ. ਰਘੂਜੀਤ ਸਿੰਘ ਵਿਰਕ ਨੂੰ ਚੁਣਿਆ ਗਿਆ, ਜਿਨ੍ਹਾਂ ਦਾ ਨਾਮ ਸ. ਗੁਰਮੇਲ ਸਿੰਘ ਸੰਗਤਪੁਰਾ ਨੇ ਪੇਸ਼ ਕੀਤਾ। ਉਨ੍ਹਾਂ ਦੇ ਨਾਮ ਦੀ ਤਈਦ ਸ. ਗੁਰਿੰਦਰਪਾਲ ਸਿੰਘ ਗੋਰਾ ਅਤੇ ਮਜੀਦ ਸ. ਨਵਤੇਜ ਸਿੰਘ ਕਾਉਣੀ ਨੇ ਕੀਤੀ। ਜੂਨੀਅਰ ਮੀਤ ਪ੍ਰਧਾਨ ਵਜੋਂ ਸ. ਬਿੱਕਰ ਸਿੰਘ ਚੰਨੋ ਨੂੰ ਚੁਣਿਆ ਗਿਆ। ਉਨ੍ਹਾਂ ਦਾ ਨਾਮ ਸ. ਗੁਰਪ੍ਰੀਤ ਸਿੰਘ ਝੱਬਰ ਨੇ ਪੇਸ਼ ਕੀਤਾ, ਤਈਦ ਮਜੀਦ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੀਤੀ। ਇਸੇ ਤਰ੍ਹਾਂ ਜਨਰਲ ਸਕੱਤਰ ਦੇ ਪਦ ਲਈ ਸ. ਗੁਰਬਚਨ ਸਿੰਘ ਕਰਮੂੰਵਾਲਾ ਚੁਣੇ ਗਏ। ਉਨ੍ਹਾਂ ਦਾ ਨਾਮ ਭਾਈ ਮਨਜੀਤ ਸਿੰਘ ਨੇ ਪੇਸ਼ ਕੀਤਾ, ਤਾਈਦ ਸ. ਗੁਰਮੇਲ ਸਿੰਘ ਸੰਗਤਪੁਰਾ ਤਾਈਦ ਮਜੀਦ ਸ. ਪ੍ਰੀਤਮ ਸਿੰਘ ਮਲਸੀਆਂ ਨੇ ਕੀਤੀ। ਇਸ ਉਪਰੰਤ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਵਾਨਗੀ ’ਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰਾਂ ਦਾ ਨਾਂ ਪੇਸ਼ ਕੀਤਾ, ਜਿਨ੍ਹਾਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨ ਕੀਤਾ। ਅੰਤ੍ਰਿੰਗ ਕਮੇਟੀ ਦੇ ਚੁਣੇ ਗਏ ਇਨ੍ਹਾਂ ਮੈਂਬਰਾਂ ਵਿਚ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਭਾਈ ਮਨਜੀਤ ਸਿੰਘ, ਸ. ਅਮਰੀਕ ਸਿੰਘ ਵਿਛੋਆ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਸ਼ਿੰਗਾਰਾ ਸਿੰਘ ਲੋਹੀਆਂ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਤਾਰਾ ਸਿੰਘ ਸੱਲਾ, ਸ. ਭੁਪਿੰਦਰ ਸਿੰਘ ਭਲਵਾਨ, ਸ. ਅਮਰੀਕ ਸਿੰਘ ਕੋਟ ਸ਼ਮੀਰ, ਬੀਬੀ ਜਸਵੀਰ ਕੌਰ ਜੱਫਰਵਾਲ ਤੇ ਸ. ਜਗਜੀਤ ਸਿੰਘ ਤਲਵੰਡੀ ਨੂੰ ਚੁਣਿਆ ਗਿਆ। ਅੰਤ੍ਰਿੰਗ ਕਮੇਟੀ ਮੈਂਬਰਾਂ ਦੇ ਨਾਂ ਦੀ ਤਾਈਦ ਸ. ਗੁਰਿੰਦਰਪਾਲ ਸਿੰਘ ਗੋਰਾ, ਤਾਈਦ ਮਜੀਦ ਸ. ਸੁਰਜੀਤ ਸਿੰਘ ਭਿੱਟੇਵਡ ਨੇ ਕੀਤੀ।ਪ੍ਰਧਾਨ ਚੁਣੇ ਜਾਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸੇਵਾ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਪ੍ਰਾਪਤ ਹੋਈ ਹੈ, ਜਿਸਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਮੈਂਬਰਾਂ ਦਾ ਧੰਨਵਾਦ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੀ ਪਹਿਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਉਣਾ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਵੱਧ ਤੋਂ ਵੱਧ ਪ੍ਰਚਾਰਨਾ ਹੈ। ਭਾਈ ਲੌਂਗੋਵਾਲ ਨੇ ਇਹ ਵੀ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਇਕ ਥਾਂ ਕਰਨ ਲਈ ਭਾਰਤ ਅਤੇ ਪੰਜਾਬ ਸਰਕਾਰ ਦੇ ਨਾਲ-ਨਾਲ ਸਮੁੱਚੀਆਂ ਪੰਥਕ ਧਿਰਾਂ ਨੂੰ ਵੀ ਅਪੀਲ ਕਰਨਗੇ। ਉਨ੍ਹਾਂ ਕਿਹਾ ਕਿ ਕੋਈ ਵੀ ਪਾਰਟੀ, ਧਿਰ ਜਾਂ ਸਰਕਾਰ ਹੋਵੇ ਸਭ ਨੂੰ ਰਲ-ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣਾ ਚਾਹੀਦਾ ਹੈ। ਭਾਈ ਲੌਂਗੋਵਾਲ ਨੇ ਇਸ ਇਤਿਹਾਸਕ ਮੌਕੇ ’ਤੇ ਵੱਖ-ਵੱਖ ਧਰਮਾਂ ਦੇ ਆਗੂਆਂ ਅਤੇ ਦੇਸ਼-ਵਿਦੇਸ਼ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸੱਦਣ ਦੀ ਗੱਲ ਵੀ ਆਖੀ। ਭਾਈ ਲੌਂਗੋਵਾਲ ਨੇ ਕਿਹਾ ਕਿ ਕੌਮ ਨੂੰ ਦਰਪੇਸ਼ ਚੁਣੌਤੀਆਂ ਨੂੰ ਰਲ਼-ਮਿਲ਼ ਕੇ ਨਜਿੱਠਿਆ ਜਾਵੇਗਾ ਅਤੇ ਧਰਮ ਪ੍ਰਚਾਰ ਦੀ ਲਹਿਰ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਧਰਮ ਪ੍ਰਚਾਰ ਲਹਿਰ ਤਹਿਤ ਆਰੰਭ ਕੀਤੇ ਗਏ ਪਹਿਲੇ ਕਾਰਜਾਂ ਨੂੰ ਜਾਰੀ ਰੱਖਣ ਦੇ ਨਾਲ-ਨਾਲ ਇਸ ਵਿਚ ਸਮੇਂ ਅਤੇ ਲੋੜ ਅਨੁਸਾਰ ਤਬਦੀਲੀਆਂ ਕਰਕੇ ਗੁਰੂ ਸਾਹਿਬਾਨ ਦਾ ਫ਼ਲਸਫ਼ਾ ਪ੍ਰਚਾਰਨ ਲਈ ਵੱਡੇ ਯਤਨ ਕੀਤੇ ਜਾਣਗੇ। ਉਨ੍ਹਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਬੱਚਿਆਂ ਨੂੰ ਨੌਜੁਆਨਾਂ ਨੂੰ ਗੁਰਸਿੱਖੀ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਰੰਭ ਧਰਮ ਪ੍ਰਚਾਰ ਲਹਿਰ ਦਾ ਹਿੱਸਾ ਬਣਨ। ਸ਼੍ਰੋਮਣੀ ਕਮੇਟੀ ਮੈਂਬਰ ਸ. ਬਲਵਿੰਦਰ ਸਿੰਘ ਬੈਂਸ ਤੇ ਸ. ਮਹਿੰਦਰ ਸਿੰਘ ਹੁਸੈਨਪੁਰ ਦੇ ਹਾਊਸ ’ਚੋਂ ਚਲੇ ਜਾਣ ਸਬੰਧੀ ਸਵਾਲ ਦੇ ਜਵਾਬ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਹਾਊਸ ਦੀ ਇਕ ਮਰਿਯਾਦਾ ਹੈ ਅਤੇ ਉਸ ਅਨੁਸਾਰ ਹੀ ਕਿਸੇ ਨੂੰ ਬੋਲਣ ਦਾ ਹੱਕ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਮੈਂਬਰ ਆਰੰਭਤਾ ਦੌਰਾਨ ਸ਼ੋਕ ਮਤੇ ਪੜ੍ਹੇ ਜਾਣ ਸਮੇਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਮਤਾ ਲਿਆਉਣ ਦੀ ਮੰਗ ਕਰ ਰਹੇ ਸਨ, ਜਦਕਿ ਇਨ੍ਹਾਂ ਨੂੰ ਇਸ ਗੱਲ ਦਾ ਇਲਮ ਨਹੀਂ ਕਿ ਇਹ ਮਤੇ ਅਹੁਦੇਦਾਰਾਂ ਦੀ ਚੋਣ ਉਪਰੰਤ ਅਖ਼ੀਰ ਵਿਚ ਪੇਸ਼ ਕੀਤੇ ਜਾਂਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਬੈਂਸ ਅਤੇ ਹੁਸੈਨਪੁਰ ਨੇ ਹਾਊਸ ’ਚੋਂ ਬਾਹਰ ਜਾਣ ਸਮੇਂ ਨਾਅਰੇਬਾਜ਼ੀ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਦਬ-ਸਤਿਕਾਰ ਦਾ ਖ਼ਿਆਲ ਵੀ ਨਹੀਂ ਰੱਖਿਆ।ਇਸ ਤੋਂ ਬਾਅਦ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਚੁਣੇ ਗਏ ਹੋਰ ਅਹੁਦੇਦਾਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਗਏ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਰਘਬੀਰ ਸਿੰਘ, ਗਿਆਨੀ ਇਕਬਾਲ ਸਿੰਘ ਅਤੇ ਗਿਆਨੀ ਮਲਕੀਤ ਸਿੰਘ ਨੇ ਸਾਂਝੇ ਤੌਰ ’ਤੇ ਭਾਈ ਲੌਂਗੋਵਾਲ ਅਤੇ ਹੋਰ ਅਹੁਦੇਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਜਨਰਲ ਹਾਊਸ ਦੌਰਾਨ ਸ਼੍ਰੋਮਣੀ ਕਮੇਟੀ ਦੇ 153 ਮੈਂਬਰਾਂ ਵਿਚ ਜਥੇਦਾਰ ਤੋਤਾ ਸਿੰਘ, ਬੀਬੀ ਜਗੀਰ ਕੌਰ, ਜਥੇਦਾਰ ਅਵਤਾਰ ਸਿੰਘ ਮੱਕੜ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ. ਅਲਵਿੰਦਰਪਾਲ ਸਿੰਘ ਪੱਖੋਕੇ ਸਮੇਤ ਹੋਰ ਮੌਜੂਦ ਸਨ।

VIA PUNJAB