ਭਾਰਤ ਵੱਲੋਂ ਅੱਤਵਾਦ ਨਾਲ ਲੜਨ ਲਈ ਪਾਕਿਸਤਾਨ ਨੂੰ ਮਦਦ ਦੀ ਪੇਸ਼ਕਸ਼

ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅਤਵਾਦ ਨਾਲ ਨਜਿਠਣ ਲਈ ਪਾਕਿਸਤਾਨ ਨੂੰ ਭਾਰਤ ਦੇ ਸਹਿਯੋਗ ਦੀ ਪੇਸ਼ਕਸ਼ ਕੀਤੀ ਹੈ। ਰਾਜਨਾਥ ਸਿੰਘ ਨੇ ਕਿਹਾ ਕਿ ਅਫ਼ਗ਼ਾਨਿਸਤਾਨ ਅਤੇ ਪਾਕਿਸਤਾਨ ’ਚ ਤਾਲਿਬਾਨ ਨਾਲ ਨਜਿਠਣ ਲਈ ਅਮਰੀਕਾ ਤੋਂ ਸਹਿਯੋਗ ਲਿਆ ਗਿਆ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਬਿਆਨਾਂ ਤੋਂ ਇਹ ਲਗਦਾ ਹੈ ਕਿ ਉਹ ਵੀ ਅਤਵਾਦ ਤੋਂ ਪਰੇਸ਼ਾਨ ਹਨ। ਇਸ ਦੇ ਨਾਲ ਹੀ ਰਾਜਨਾਥ ਸਿੰਘ ਨੇ ਕਿਹਾ ਕਿ ਜੇਕਰ ਅਤਵਾਦ ਨਾਲ ਇਕਲੇ ਲੜਨ ’ਚ ਪਾਕਿਸਤਾਨ ਆਪਣੇ ਆਪ ਨੂੰ ਅਸਮਰਥ ਸਮਝਦਾ ਹੈ ਤਾਂ ਭਾਰਤ ਉਸ ਦਾ ਸਹਿਯੋਗ ਕਰਨ ਨੂੰ ਤਿਆਰ ਹੈ। ਦੂਜੇ ਪਾਸੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਵਲੋਂ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਰੋਹ ਨੂੰ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ‘ਗੁਗਲੀ’ ਕਰਾਰ ਦਿਤੇ ਜਾਣ ਵਾਲੇ ਬਿਆਨ ’ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਧਾਰਮਿਕ ਭਾਵਨਾਵਾਂ ਨਾਲ ਖੇਡਣ ਦੀ ਇਜਾਜ਼ਤ ਕਿਸੇ ਨੂੰ ਨਹੀਂ ਹੈ। ਇਸ ਦੇ ਨਾਲ ਹੀ ਹਰਸਿਮਰਤ ਕੌਰ ਬਾਦਲ ਨੇ ਇਮਰਾਨ ਖ਼ਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਾਂਤੀ ਲਈ ਤੁਹਾਡੀ ਇਹ ਵਚਨਬਧਤਾ ਖੋਖਲੇ ਵਾਅਦੇ ਸਾਬਤ ਨਹੀਂ ਹੋਣੀ ਚਾਹੀਦੀ। ਇਸ ਦੇ ਨਾਲ ਹੀ ਬੀਬੀ ਬਾਦਲ ਨੇ ਕਿਹਾ ਕਿ ਸਿਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਧਾਰਮਿਕ ਮੁਦੇ ’ਤੇ ਸਿਆਸਤ ਕਰਨ ਦੇ ਦੋਸ਼ ’ਚ ਇਮਰਾਨ ਖ਼ਾਨ ਨੂੰ ਮਹਿਮੂਦ ਕੁਰੈਸ਼ੀ ਦੇ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।

VIA PUNJAB