- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਭਾਈ ਲੌਂਗੋਵਾਲ ਦੀ ਅਗਵਾਈ ’ਚ ਹੋਈ ਧਰਮ ਪ੍ਰਚਾਰ ਕਮੇਟੀ ਇਕੱਤਰਤਾ
550 ਸਾਲਾ ਦੇ ਮੱਦੇਨਜ਼ਰ ਕੇਂਦਰ ਸਰਕਾਰ ਅੰਮ੍ਰਿਤਸਰ ਤੋਂ ਜਗਨਨਾਥ ਪੁਰੀ ਤੀਕ ਰੋਜ਼ਾਨਾ ਟਰੇਨ ਚਲਾਏ-ਭਾਈ ਲੌਂਗੋਵਾਲ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਹੋਰ ਸਰਗਰਮ ਕਰਨ ਲਈ ਮੁੜ ਵਿਉਂਤਬੰਦੀ ਕੀਤੀ ਗਈ। ਇਸ ਤੋਂ ਇਲਾਵਾ ਇਕੱਤਰਤਾ ’ਚ ਇਕ ਵਿਸ਼ੇਸ਼ ਮਤਾ ਪਾਸ ਕਰਕੇ ਕੇਂਦਰ ਸਰਕਾਰ ਪਾਸੋਂ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਜਗਨਨਾਥ ਪੁਰੀ ਸਮੇਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਅਸਥਾਨਾਂ ਨੂੰ ਜੋੜਦੀ ਵਿਸ਼ੇਸ਼ ਟਰੇਨ ਚਲਾਉਣ ਦੀ ਵੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਇਸ ਇਕੱਤਰਤਾ ਦੇ ਫੈਸਲਿਆਂ ਬਾਰੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਹੈ ਕਿ ਪੰਜ ਸੌ ਪੰਜਾਹ ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਪ੍ਰੋਗਰਾਮ ਕਮੇਟੀ ਬਣਾਈ ਜਾਵੇਗੀ, ਤਾਂ ਜੋ ਨਵੰਬਰ 2019 ਤੀਕ ਚਲਾਏ ਜਾਣ ਵਾਲੇ ਸਾਰੇ ਗੁਰਮਤਿ ਸਮਾਗਮ ਦੀ ਰੂਪ ਰੇਖਾ ਨੂੰ ਅੰਤਮ ਰੂਪ ਦਿੱਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿਚ ਇਕ ਵਿਸ਼ਾਲ ਨਗਰ ਕੀਰਤਨ ਦਾ ਫੈਸਲਾ ਵੀ ਕੀਤਾ ਗਿਆ ਹੈ, ਜੋ ਰੋਜ਼ਾਨਾ ਇਕ ਹਲਕੇ ਨੂੰ ਕਵਰ ਕਰੇਗਾ। ਇਸ ਸਬੰਧੀ ਇਕ ਕੇਂਦਰੀ ਕਮੇਟੀ ਅਤੇ ਜ਼ਿਲ੍ਹਾਵਾਰ ਕਮੇਟੀਆਂ ਗਠਤ ਕੀਤੀਆਂ ਜਾਣਗੀਆਂ। ਇਹ ਨਗਰ ਕੀਰਤਨ 13 ਜਨਵਰੀ 2019 ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਆਰੰਭ ਹੋਵੇਗਾ। ਭਾਈ ਲੌਂਗੋਵਾਲ ਅਨੁਸਾਰ ਧਰਮ ਪ੍ਰਚਾਰ ਲਹਿਰ ਤਹਿਤ ਹਰ ਹਲਕੇ ਵਿਚ ਮਹੀਨਾਵਾਰ ਵੱਡੇ ਗੁਰਮਤਿ ਸਮਾਗਮ ਸਜਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਵਾਲੇ ਅਸਥਾਨ ਨੂੰ ਕੇਂਦਰ ਮੰਨ ਕੇ ਪਹਿਲਾਂ ਆਲੇ-ਦੁਆਲੇ ਦੇ ਪਿੰਡਾਂ ਵਿਚ ਮਹੀਨਾ ਭਰ ਧਰਮ ਪ੍ਰਚਾਰ ਲਹਿਰ ਚਲਾਈ ਜਾਵੇਗੀ, ਤਾਂ ਜੋ ਵੱਡੇ ਸਮਾਗਮ ਵਿਚ ਸੰਗਤਾਂ ਦੀ ਭਰਵੀਂ ਸ਼ਮੂਲੀਅਤ ਲਈ ਪ੍ਰੇਰਣਾ ਕੀਤੀ ਜਾ ਸਕੇ। ਸਮਾਗਮਾਂ ਦੌਰਾਨ ਅੰਮ੍ਰਿਤ ਸੰਚਾਰ ਵੀ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਧਰਮ ਪ੍ਰਚਾਰ ਲਹਿਰ ਨੂੰ ਹੋਰ ਕਾਰਗਰ ਬਣਾਉਣ ਲਈ ਪ੍ਰੋਜੈਕਟਰ ਵਿਧੀ ਅਪਨਾਈ ਜਾਵੇਗੀ ਅਤੇ ਇਸ ਅਧੀਨ ਧਰਮ ਪ੍ਰਚਾਰਕਾਂ ਨੂੰ ਹਰ ਜ਼ਿਲ੍ਹੇ ਵਿਚ ਇਕ ਪ੍ਰੋਜੈਕਟਰ ਸਿਸਟਮ ਦਿੱਤਾ ਜਾਵੇਗਾ। ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰ-ਅਸਥਾਨਾਂ ਅਤੇ ਉਨ੍ਹਾਂ ਦੀ ਵਿਚਾਰਧਾਰਾ ਬਾਰੇ ਵਿਸ਼ੇਸ਼ ਡੌਕੂਮੈਂਟਰੀਆਂ ਤਿਆਰ ਕੀਤੀਆਂ ਜਾਣਗੀਆਂ, ਇਸ ਲਈ ਮਾਹਿਰਾਂ ਦੀ ਮੱਦਦ ਵੀ ਲਈ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਧਰਮ ਪ੍ਰਚਾਰ ਕਾਰਜਾਂ ਲਈ ਵਿਸ਼ੇਸ਼ ਨਾਟਕ ਟੀਮਾਂ ਦਾ ਵੀ ਸਹਾਰਾ ਲਿਆ ਜਾਵੇਗਾ। ਨਾਟਕਾਂ ਦੇ ਸਾਰੇ ਪਾਤਰ ਗੁਰਸਿੱਖ ਹੋਇਆ ਕਰਨਗੇ, ਜਿਨ੍ਹਾਂ ਨੂੰ ਤਿਆਰ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਮਿਸ਼ਨਰੀ ਕਾਲਜਾਂ ਅਤੇ ਵਿਦਿਆਲਿਆਂ ਦੇ ਵਿਦਿਆਰਥੀਆਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਹਰਿਆਣਾ ਰਾਜ ਸਬੰਧਤ ਮੈਂਬਰਾਂ ਦੀ ਮੰਗ ’ਤੇ ਸਿੱਖ ਮਿਸ਼ਨ ਕੁਰੂਕੇਸ਼ਤਰ ਲਈ ਇਕ ਹੋਰ ਵੀਡੀਓ ਵੈਨ ਦੇਣ ਦਾ ਵੀ ਫੈਸਲਾ ਕੀਤਾ ਗਿਆ। 16 ਤੇ 17 ਫ਼ਰਵਰੀ 2019 ਕਰਵਾਏ ਜਾਣਗੇ ਵਿਸ਼ਾਲ ਪ੍ਰਸ਼ਨੋਤਰੀ ਮੁਕਾਬਲੇ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਪ੍ਰਸ਼ਨੋਤਰੀ ਮੁਕਾਬਲੇ ਕਰਵਾਉਣ ਦਾ ਵੀ ਫੈਸਲਾ ਕੀਤਾ ਗਿਆ। ਇਹ ਮੁਕਾਬਲੇ ਗੁਰੂ ਨਾਨਕ ਸੇਵਾ ਚੈਰੀਟੇਬਲ ਟਰੱਸਟ ਜੰਮੂ ਦੇ ਸਹਿਯੋਗ ਨਾਲ ‘ਕੌਣ ਬਣੇਗਾ ਗੁਰਸਿੱਖ ਪਿਆਰਾ’ ਦੇ ਟਾਈਟਲ ਹੇਠ ਕਰਵਾਏ ਜਾਣਗੇ, ਜਿਸ ਵਿਚ ਪੂਰੇ ਭਾਰਤ ਤੋਂ ਚੁਣੇ ਹੋਏ ਵਿਦਿਆਰਥੀ ਸ਼ਾਮਲ ਹੋਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਗੁਰੂ ਨਾਨਕ ਸੇਵਾ ਚੈਰੀਟੇਬਲ ਟਰੱਸਟ ਜੰਮੂ ਦੇ ਜਨਰਲ ਸਕੱਤਰ ਭਾਈ ਜਗਤਾਰ ਸਿੰਘ ਵੱਲੋਂ ਆਪਣੇ ਸਹਿਯੋਗੀਆਂ ਦੀ ਸਹਾਇਤਾ ਨਾਲ ਦੇਸ਼ ਦੇ ਵੱਖ-ਵੱਖ ਸੂਬਿਆਂ ਅੰਦਰ ਧਾਰਮਿਕ ਪ੍ਰੀਖਿਆ ਦੁਆਰਾ ਸਿੱਖ ਵਿਦਿਆਰਥੀਆਂ ਦੇ ਗੁਰਮਤਿ ਗਿਆਨ ਦੀ ਪਰਖ ਕੀਤੀ ਗਈ ਹੈ ਅਤੇ ਟਰੱਸਟ ਵੱਲੋਂ ਕੀਤੀ ਮੰਗ ਅਨੁਸਾਰ ਇਸ ਦਾ ਫਾਈਨਲ ਮੁਕਾਬਲਾ ਸ਼੍ਰੋਮਣੀ ਕਮੇਟੀ ਵੱਲੋਂ 16 ਤੇ 17 ਫ਼ਰਵਰੀ 2019 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਵਿੱਚੋਂ ਅਵੱਲ ਆਉਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਇਕੱਤਰਤਾ ਦੌਰਾਨ ਭਾਈ ਲੌਂਗੋਵਾਲ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂੰ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਤੇਜਿੰਦਰਪਾਲ ਸਿੰਘ ਢਿੱਲੋਂ, ਸ. ਮਨਜੀਤ ਸਿੰਘ ਬੱਪੀਆਣਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਦਿਲਜੀਤ ਸਿੰਘ ਬੇਦੀ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ. ਤੇ ਹੋਰ ਮੌਜੂਦ ਸਨ।


