- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਪੰਜਾਬ ਦੇ ਮੁੱਖ ਮੰਤਰੀ ਦੇ ਬਿਆਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਕਰੜੀ ਆਲੋਚਨਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਅਪਣਾਏ ਗਏ ਨਾਂਹ-ਪੱਖੀ ਰਵੱਈਏ ਦੀ ਕਰੜੀ ਅਲੋਚਨਾ ਕੀਤੀ ਹੈ। ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਹਵਾਲੇ ਨਾਲ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਬਿਆਨ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਰਾਹ ਵਿਚ ਰੋੜਾ ਬਣਨ ਲਈ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ, ਜਿਸ ਨਾਲ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ। ਉਨ੍ਹਾਂ ਆਖਿਆ ਕਿ ਸਿੱਖਾਂ ਸਮੇਤ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰਿਆਂ ਲਈ ਅਰਸੇ ਤੋਂ ਅਰਦਾਸਾਂ ਕੀਤੀਆਂ ਜਾਂਦੀਆਂ ਰਹੀਆਂ ਹਨ, ਜਿਸ ਦੇ ਫਲਸਰੂਪ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹ ਸਕਿਆ ਹੈ। ਪ੍ਰੰਤੂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਲਾਂਘੇ ਨੂੰ ਲੈ ਕੇ ਜਿਸ ਪੱਧਰ ਦੀ ਬਿਆਨਬਾਜ਼ੀ ਕੀਤੀ ਗਈ ਹੈ, ਉਹ ਠੀਕ ਨਹੀਂ ਹੈ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਇਕ ਜ਼ੁੰਮੇਵਾਰ ਵਿਅਕਤੀ ਹਨ ਅਤੇ ਉਨ੍ਹਾਂ ਨੂੰ ਅਜਿਹੀ ਬਿਆਨਬਾਜ਼ੀ ਸ਼ੋਭਾ ਨਹੀਂ ਦਿੰਦੀ, ਜੋ ਕਰੋੜਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਜ਼ਖ਼ਮੀ ਕਰਨ ਵਾਲੀ ਹੋਵੇ। ਇਸ ਦੌਰਾਨ ਸ. ਬੇਦੀ ਨੇ ਕਿਹਾ ਕਿ ਇਕ ਪਾਸੇ ਸਮੁੱਚਾ ਸਿੱਖ ਜਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਵਿਸ਼ਾਲ ਪੱਧਰ ’ਤੇ ਮਨਾਉਣ ਲਈ ਤਿਆਰੀਆਂ ਕਰ ਰਿਹਾ ਹੈ, ਜਦਕਿ ਦੂਸਰੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਕਾਸ਼ ਪੁਰਬ ਦੇ ਇਸ ਇਤਿਹਾਸਕ ਮੌਕੇ ਨੂੰ ਸਮਰਪਿਤ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਰੋਕਣ ਲਈ ਅੜਿੱਕੇ ਪੈਦਾ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਨੂੰ ਲੈ ਕੇ ਬੇਹੱਦ ਉਤਸ਼ਾਹਤ ਹਨ, ਜਦਕਿ ਉਨ੍ਹਾਂ ਦਾ ਬਿਆਨ ਸੰਗਤ ਦੀਆਂ ਖ਼ੁਸ਼ੀਆਂ ਨੂੰ ਤਾਰ-ਤਾਰ ਕਰਨ ਵਾਲਾ ਹੈ।


