ਜਗਦੀਸ਼ ਟਾਈਟਲਰ ਸਮੇਤ ਹੋਰ ਦੋਸ਼ੀਆਂ ਨੂੰ ਵੀ ਸਖ਼ਤ ਸਜ਼ਾਵਾਂ ਦਿਵਾਉਣ ਤੱਕ ਜਾਰੀ ਰੱਖਾਂਗੇ ਸੰਘਰਸ਼
ਤਲਵਿੰਦਰ ਸਿੰਘ ਬੁੱਟਰ
ਅੰਮ੍ਰਿਤਸਰ, 17 ਦਸੰਬਰ
ਨਵੰਬਰ 1984 ਦੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਉਣ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸੱਜਣ ਕੁਮਾਰ ਨੂੰ 34 ਸਾਲਾਂ ਬਾਅਦ ਹੋਈ ਉਮਰ ਕੈਦ ਦੀ ਸਜ਼ਾ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਇਨਸਾਫ਼ ਲਈ ਲੜੇ ਗਏ ਲੰਬੇ ਪੰਥਕ ਸੰਘਰਸ਼ ਦਾ ਨਤੀਜਾ ਹੈ। ਹਾਲਾਂਕਿ ਉਨ੍ਹਾਂ ਨੇ ਇਹ ਗੱਲ ਵੀ ਆਖੀ ਹੈ ਕਿ ਸੱਜਣ ਕੁਮਾਰ ਉਮਰ ਕੈਦ ਦਾ ਨਹੀਂ ਸਗੋਂ ਫਾਂਸੀ ਦੀ ਸਜ਼ਾ ਦਾ ਹੱਕਦਾਰ ਸੀ, ਪਰੰਤੂ ਨਿਆਂਪਾਲਕਾ ਵੱਲੋਂ ਉਸ ਨੂੰ ਉਮਰ ਕੈਦ ਦੀ ਸਜ਼ਾ ਦੇ ਕੇ ਉਸ ਦੇ ਗੁਨਾਹਾਂ ਨੂੰ ਸਾਬਤ ਕਰ ਦਿੱਤਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਪਿਛਲੇ ਦਿਨੀਂ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਸਿੱਖ ਵਿਰੋਧੀ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਤੇ ਸਿੱਖ ਕੌਮ ਨੂੰ ਇਨਸਾਫ਼ ਦੇਣ ਦੀ ਜ਼ੋਰਦਾਰ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਸਿੱਖ ਵਿਰੋਧੀ ਕਤਲੇਆਮ ਦੇ ਗਵਾਹਾਂ ਤੇ ਪੀੜਤਾਂ ਦਾ ਵੀ ਹਰ ਤਰੀਕੇ ਨਾਲ ਸਾਥ ਦਿੰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਵੀ ਸੱਜਣ ਕੁਮਾਰ ਵਿਰੁੱਧ ਗਵਾਹੀ ਦੇਣ ਲਈ ਬੀਬੀ ਜਗਦੀਸ਼ ਕੌਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਗੱਡੀ ਮੁਹੱਈਆ ਕਰਵਾਈ ਗਈ ਸੀ। ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੇ ਗਵਾਹਾਂ ਨੂੰ ਲਾਲਚ ਅਤੇ ਡਰਾ-ਧਮਕਾ ਕੇ ਵੀ ਪਿੱਛੇ ਹਟਾਉਣ ਲਈ ਕਾਂਗਰਸ ਵਲੋਂ ਬਹੁਤ ਹੀਲੇ ਵਰਤੇ ਗਏ ਪਰ ਅਜਿਹੇ ਔਖੇ ਸਮੇਂ ਗਵਾਹਾਂ ਦੀ ਮਾਲੀ ਅਤੇ ਮਾਨਸਿਕ ਤੌਰ ‘ਤੇ ਵੀ ਸ਼੍ਰੋਮਣੀ ਕਮੇਟੀ ਵਲੋਂ ਹੌਂਸਲਾ-ਅਫਜ਼ਾਈ ਕੀਤੀ ਜਾਂਦੀ ਰਹੀ ਹੈ।ਉਨ੍ਹਾਂ ਸਿੱਖ ਕਤਲੇਆਮ ਦੇ ਹੋਰਨਾਂ ਮਾਮਲਿਆਂ ਵਿਚ ਗਵਾਹਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਨੂੰ ਵੀ ਜਿਸ ਤਰ੍ਹਾਂ ਦੀ ਵੀ ਸਹਾਇਤਾ ਦੀ ਲੋੜ ਹੋਵੇ ਉਹ ਸ਼੍ਰੋਮਣੀ ਕਮੇਟੀ ਤੱਕ ਪਹੁੰਚ ਕਰ ਸਕਦਾ ਹੈ। ਸ਼੍ਰੋਮਣੀ ਕਮੇਟੀ ਸਿੱਖ ਕਤਲੇਆਮ ਦੇ ਗਵਾਹਾਂ ਤੇ ਪੀੜਤਾਂ ਦੀ ਹਰ ਸੰਭਵ ਸਹਾਇਤਾ ਕਰੇਗੀ। ਭਾਈ ਲੌੰਗੋਵਾਲ ਨੇ ਦਾਅਵਾ ਕੀਤਾ ਕਿ ਇਸ ਤੋਂ ਇਲਾਵਾ ਸਮੇਂ-ਸਮੇਂ ’ਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸਾਂ ਦੌਰਾਨ ਸਿੱਖ ਕਤਲੇਆਮ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਜਾਂਦੀ ਰਹੀ ਹੈ।
ਭਾਈ ਲੌਂਗੋਵਾਲ ਨੇ ਕਿਹਾ ਕਿ 34 ਸਾਲ ਬਾਅਦ ਸੱਜਣ ਕੁਮਾਰ ਨੂੰ ਹੋਈ ਸਜ਼ਾ ਦਾ ਫੈਸਲਾ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਕੁਝ ਹੱਦ ਤਕ ਰਾਹਤ ਦੇਣ ਵਾਲਾ ਹੈ ਲੇਕਿਨ ਅਜੇ ਵੀ ਬਹੁਤ ਸਾਰੇ ਦੋਸ਼ੀ ਕਾਨੂੰਨ ਦੀ ਗ੍ਰਿਫਤ ’ਚੋਂ ਬਾਹਰ ਹਨ। ਉਨ੍ਹਾਂ ਜਗਦੀਸ਼ ਟਾਈਟਲਰ ਸਮੇਤ ਸਿੱਖ ਕਤਲੇਆਮ ਦੇ ਹੋਰਨਾਂ ਦੋਸ਼ੀਆਂ ਨੂੰ ਵੀ ਕਰੜੀਆਂ ਸਜ਼ਾਵਾਂ ਦੇਣ ਦੀ ਵਕਾਲਤ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਨੇ 1984 ਅੰਦਰ ਸਿੱਖਾਂ ਦਾ ਕਤਲੇਆਮ ਕਾਂਗਰਸ ਵੱਲੋਂ ਕੀਤਾ ਗਿਆ ਮਨੁੱਖਤਾ ਮਾਰੂ ਕਾਰਾ ਸੀ, ਜਿਸ ਨੇ ਸਮੁੱਚੇ ਵਿਸ਼ਵ ਨੂੰ ਹਲੂਣ ਕੇ ਰੱਖ ਦਿੱਤਾ। ਉਨ੍ਹਾਂ ਦੁੱਖ ਨਾਲ ਕਿਹਾ ਕਿ ਸਿੱਖਾਂ ਦੀ ਦੁਸ਼ਮਣ ਜਮਾਤ ਕਾਂਗਰਸ ਵੱਲੋਂ ਸਿੱਖ ਕਤਲੇਆਮ ਕਰਵਾਉਣ ਤੋਂ ਬਾਅਦ ਇਸ ਦੇ ਦੋਸ਼ੀਆਂ ਨੂੰ ਜਿਥੇ ਲਗਾਤਾਰ ਬਚਾਇਆ ਜਾਂਦਾ ਰਿਹਾ, ਉਥੇ ਹੀ ਸਿੱਖਾਂ ਨੂੰ ਹੋਰ ਚਿੜਾਉਣ ਅਤੇ ਉਨ੍ਹਾਂ ਅੱਲ੍ਹੇ ਜ਼ਖਮਾਂ ਨੂੰ ਕੁਰੇਦਣ ਲਈ ਜਗਦੀਸ਼ ਟਾਈਟਲਰ, ਸੱਜਣ ਕੁਮਾਰ, ਕਮਲ ਨਾਥ ਸਮੇਤ ਹੋਰ ਅਨੇਕਾਂ ਦੋਸ਼ੀਆਂ ਨੂੰ ਉੱਚੇ ਅਹੁਦੇ ਦੇ ਕੇ ਨਿਵਾਜਿਆ ਗਿਆ। ਭਾਈ ਲੌਂਗੋਵਾਲ ਨੇ ਆਖਿਆ ਕਿ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਪਿਛਲੀਆਂ ਮਿਲਣੀਆਂ ਦੌਰਾਨ ਵੀ ਉਨ੍ਹਾਂ ਨੇ ਇਸ ਮਾਮਲੇ ਨੂੰ ਉਠਾਇਆ ਸੀ ਅਤੇ ਸਿੱਖਾਂ ਨੂੰ ਇਨਸਾਫ਼ ਦਿਵਾਉਣ ਦੀ ਅਪੀਲ ਕੀਤੀ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਕਿਹਾ ਕਿ ਕਾਂਗਰਸ ਨੇ ਆਪਣੇ ਰਾਜ-ਕਾਲ ਦੌਰਾਨ ਜੋ ਵਧੀਕੀਆਂ ਸਿੱਖ ਕੌਮ ਨਾਲ ਕੀਤੀਆਂ ਉਨ੍ਹਾਂ ਨੂੰ ਸਿੱਖ ਜਗਤ ਕਦੇ ਵੀ ਭੁਲਾ ਨਹੀਂ ਸਕਦਾ ਅਤੇ ਕਾਂਗਰਸ ਵੀ ਇਸ ਸਬੰਧੀ ਸਦਾ ਸਵਾਲਾਂ ਦੇ ਰੂਬਰੂ ਰਹੇਗੀ। ਇਸ ਮੌਕੇ ਭਾਈ ਲੌਂਗੋਵਾਲ ਨਾਲ ਨਿੱਜੀ ਸਹਾਇਕ ਦਰਸ਼ਨ ਸਿੰਘ ਲੌਂਗੋਵਾਲ, ਤਰਸੇਮ ਸਿੰਘ ਸੋਸ਼ਲ ਮੀਡੀਆ ਇੰਚਾਰਜ ਅਤੇ ਹੋਰ ਵੀ ਹਾਜ਼ਰ ਸਨ।