Skip to content
ਅੰਮ੍ਰਿਤਸਰ ਪਹੁੰਚੇ ਸੰਯੁਕਤ ਰਾਸ਼ਟਰ ਦੇ ਸਕੱਤਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਮਸਲਿਆਂ ‘ਤੇ ਮੰਗ ਪੱਤਰ
ਤਲਵਿੰਦਰ ਸਿੰਘ ਬੁੱਟਰ/ ਵਾਇਆ ਪੰਜਾਬ ਬਿਊਰੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਦਾ ਲਾਂਘਾ ਖੁਲ੍ਹਵਾਉਣ ਲਈ ਸੰਯੁਕਤ ਰਾਸ਼ਟਰ ਨੂੰ ਦਖ਼ਲ ਦੇਣ ਦੀ ਅਪੀਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ਕਰਤਾਰਪੁਰ ਸਾਹਿਬ, ਜਿੱਥੇ ਗੁਰੂ ਜੀ ਨੇ ਰਹਿ ਕੇ 17 ਸਾਲ ਤੋਂ ਵੱਧ ਸਮਾਂ ਖੇਤੀ ਕੀਤੀ ਸੀ, ਭਾਰਤੀ ਪੰਜਾਬ ਦੇ ਡੇਰਾ ਬਾਬਾ ਨਾਨਕ ਸਰਹੱਦੀ ਸੈਕਟਰ ਦੀ ਕੌਮਾਂਤਰੀ ਸਰਹੱਦ ਤੋਂ ਚਾਰ ਕੁ ਕਿਲੋਮੀਟਰ ਦੂਰ ਪਾਕਿਸਤਾਨ ਦੀ ਹੱਦ ਵਿਚ ਪੈਂਦਾ ਹੈ। ਪਿਛਲੇ ਸਮੇਂ ਤੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਵਾਉਣ ਲਈ ਸਿੱਖ ਸੰਗਤ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਕੋਲ ਜ਼ੋਰਦਾਰ ਮੰਗ ਉਠਾ ਰਹੀ ਹੈ ਤਾਂ ਜੋ ਭਾਰਤੀ ਪੰਜਾਬ ਵਿਚ ਵੱਸਦੇ ਸਿੱਖ ਬਿਨਾਂ ਵੀਜ਼ੇ ਤੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ, ਪਰ ਲਾਂਘੇ ਸਬੰਧੀ ਦੋਵਾਂ ਸਰਕਾਰਰਾਂ ਵਲੋਂ ਕੋਈ ਵੀ ਲਿਖਤੀ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਗਈ।
ਬੁੱਧਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ ਕੋਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਰਤਾਰਪੁਰ ਦੇ ਲਾਂਘੇ ਦਾ ਮੁੱਦਾ ਜ਼ੋਰਦਾਰ ਤਰੀਕੇ ਨਾਲ ਉਠਾਇਆ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੀ ਸਨ। ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਨੂੰ ਇਕ ਮੰਗ ਪੱਤਰ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਜੇਕਰ ਕਰਤਾਰਪੁਰ ਦਾ ਲਾਂਘਾ ਖੁੱਲ੍ਹਦਾ ਹੈ ਕਿ ਭਾਰਤ-ਪਾਕਿਸਤਾਨ ਦੋਹਾਂ ਦੇਸ਼ਾਂ ਵਿਚ ਹੀ ਸ਼ਾਂਤੀ ਅਤੇ ਖ਼ੁਸ਼ਹਾਲੀ ਆਵੇਗੀ। ਇਸ ਲਈ ਇਹ ਮਸਲਾ ਸੰਯੁਕਤ ਰਾਸ਼ਟਰ ਦੀ ਜਨਰਲ ਅਸੰਬਲੀ ਵਿਚ ਵਿਚਾਰਿਆ ਜਾਵੇ ਅਤੇ ਦੋਹਾਂ ਦੇਸ਼ਾਂ ਨੂੰ ਇਸ ਦਾ ਸੰਜੀਦਗੀ ਨਾਲ ਹੱਲ ਕਰਨ ਲਈ ਕਿਹਾ ਜਾਵੇ। ਸਿੱਖ ਮਸਲਿਆਂ ਪ੍ਰਤੀ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਨੂੰ ਸੌਂਪੇ ਮੰਗ ਪੱਤਰ ਵਿਚ ਕਰਤਾਰਪੁਰ ਦੇ ਲਾਂਘੇ ਤੋਂ ਇਲਾਵਾ ਉਠਾਏ ਗਏ ਹੋਰ ਸਿੱਖ ਮਸਲਿਆਂ ਵਿਚ 1984 ਦੀ ਸਿੱਖ ਨਸਲਕੁਸ਼ੀ ਦਾ ਮਾਮਲਾ ਵੀ ਲਿਆਂਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜੂਨ 1984 ’ਚ ਭਾਰਤੀ ਫ਼ੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹਮਲਾ ਕਰਕੇ ਭਾਰੀ ਨੁਕਸਾਨ ਪਹੁੰਚਾਇਆ ਗਿਆ ਸੀ। ਇਸ ਤੋਂ ਇਲਾਵਾ ਨਵੰਬਰ 1984 ਵਿਚ ਦਿੱਲੀ, ਕਾਨ੍ਹਪੁਰ ਸਮੇਤ ਅਨੇਕਾਂ ਥਾਵਾਂ ’ਤੇ ਸਿੱਖ ਨਸਲਕੁਸ਼ੀ ਕੀਤੀ ਗਈ। ਉਨ੍ਹਾਂ ਸਿੱਖ ਨਸਲਕੁਸ਼ੀ ਦੇ ਜ਼ੁੰਮੇਵਾਰਾਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਸੰਯੁਕਤ ਰਾਸ਼ਟਰ ਨੂੰ ਦਖ਼ਲ ਦੇਣ ਲਈ ਕਿਹਾ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸਿੱਖ ਪਛਾਣ ਦੀ ਸਮੱਸਿਆ ਕਾਰਨ ਵਿਦੇਸ਼ਾਂ ਵਿਚ ਸਿੱਖਾਂ ਨੂੰ ਨਸਲੀ ਹਮਲਿਆਂ ਸਮੇਤ ਦਰਪੇਸ਼ ਮੁਸ਼ਕਲਾਂ ਦਾ ਹੱਲ ਕਰਨ ਦੀ ਅਪੀਲ ਕੀਤੀ। ਭਾਈ ਲੌਂਗੋਵਾਲ ਨੇ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ (ਕਿਰਪਾਨ, ਕੜਾ ਤੇ ਦਸਤਾਰ) ਬਾਰੇ ਐਂਟੋਨੀਓ ਗੁਟਰੇਸ ਨੂੰ ਕਿਹਾ ਕਿ ਅੱਜ ਵਿਸ਼ਵ ਭਰ ਵਿਚ ਵੱਸਦੇ ਸਿੱਖਾਂ ਨੂੰ ਕਈ ਵਾਰ ਸਿੱਖ ਕਕਾਰਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮੰਗ ਪੱਤਰ ਵਿਚ ਇਹ ਵੀ ਕਿਹਾ ਕਿ ਵੱਖ-ਵੱਖ ਦੇਸ਼ਾਂ ਅੰਦਰ ਸਿੱਖਾਂ ’ਤੇ ਹੋ ਰਹੇ ਹਮਲੇ ਵੀ ਚਿੰਤਾਜਨਕ ਹਨ, ਜਿਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾਣ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌੰਗੋਵਾਲ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਨੂੰ ਕਿਹਾ ਕਿ ਇਹ ਸਾਰੇ ਮਾਮਲੇ ਬੇਹੱਦ ਅਹਿਮ ਹੋਣ ਕਰਕੇ ਧਿਆਨ ਮੰਗਦੇ ਹਨ ਅਤੇ ਉਹ ਚਾਹੁੰਦੇ ਹਨ ਕਿ ਇਹ ਸਾਰੇ ਮਸਲੇ ਸੰਯੁਕਤ ਰਾਸ਼ਟਰ ਦੀ ਜਨਰਲ ਅਸੰਬਲੀ ਅਤੇ ਹੋਣ ਵਾਲੀਆਂ ਕਨਵੈਨਸ਼ਨਾਂ ਵਿਚ ਉਠਾਏ ਜਾਣ, ਤਾਂ ਜੋ ਇਨ੍ਹਾਂ ਦਾ ਹੱਲ ਹੋ ਸਕੇ। ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ ਨੇ ਉਠਾਏ ਗਏ ਸਾਰੇ ਸਿੱਖ ਮਸਲਿਆਂ ਪ੍ਰਤੀ ਗੰਭੀਰਤਾ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌੰਗੋਵਾਲ ਨੂੰ ਭਰੋਸਾ ਦਿੱਤਾ ਕਿ ਸੰਯੁਕਤ ਰਾਸ਼ਟਰ ਸਿੱਖ ਮਸਲਿਆਂ ‘ਤੇ ਵਿਚਾਰ ਕਰਕੇ ਬਣਦੀ ਕਾਰਵਾਈ ਅਮਲ ਵਿਚ ਲਿਆਵੇਗਾ।
ਇਸ ਮੌਕੇ ਭਾਰਤ ਦੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ, ਪਬਲੀਸਿਟੀ ਸਕੱਤਰ ਦਿਲਜੀਤ ਸਿੰਘ ਬੇਦੀ ਅਤੇ ਧਰਮ ਪ੍ਰਚਾਰ ਬਲਵਿੰਦਰ ਸਿੰਘ ਜੌੜਾਸਿੰਘਾ ਵੀ ਮੌਜੂਦ ਸਨ।