ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਤਲਵਿੰਦਰ ਸਿੰਘ ਬੁੱਟਰ/ ਵਾਿੲਆ ਪੰਜਾਬ ਬਿਊਰੋ

ਅੰਮ੍ਰਿਤਸਰ, 03 ਅਕਤੂਬਰ 

ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੁੱਧਵਾਰ ਨੂੰ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ ਨੇ ਸ਼ਰਧਾ ਭਾਵਨਾ ਨਾਲ ਦਰਸ਼ਨ ਕੀਤੇ ਅਤੇ ਮੱਥਾ ਟੇਕਿਆ। ਉਨ੍ਹਾਂ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਤੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਪੰਗਤ ’ਚ ਬੈਠ ਕੇ ਪ੍ਰਸ਼ਾਦਾ ਵੀ ਛਕਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਐਂਟੋਨੀਓ ਗੁਟਰੇਸ ਨੂੰ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਪਤਾਸਿਆਂ ਦਾ ਪ੍ਰਸ਼ਾਦ ਦਿੱਤਾ। ਇਸੇ ਦੌਰਾਨ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਵੀ ਗਏ।

ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਪ੍ਰਵੇਸ਼ ਦੁਆਰ ਦੇ ਬਾਹਰ ਪਲਾਜ਼ਾ ਵਿਖੇ ਉਨ੍ਹਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ ਨੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਅਤੇ ਫਿਰ ਪਰਕਰਮਾਂ ਦੌਰਾਨ ਵੀ ਭਾਈ ਲੌਂਗੋਵਾਲ ਉਨ੍ਹਾਂ ਦੇ ਨਾਲ ਰਹੇ। ਪਰਕਰਮਾਂ ਕਰਦਿਆਂ ਸਕੱਤਰ ਜਨਰਲ ਐਂਟੋਨੀਓ ਗੁਟਰੇਸ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਇਥੇ ਸਥਿਤ ਪਾਵਨ ਅਸਥਾਨਾਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸੇ ਦੌਰਾਨ ਉਨ੍ਹਾਂ ਨੇ ਐਂਟੋਨੀਓ ਗੁਟਰੇਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ 1984 ’ਚ ਉਸ ਸਮੇਂ ਦੀ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਬਾਰੇ ਵੀ ਜਾਣਕਾਰੀ ਦਿੱਤੀ। ਵਿਸ਼ੇਸ਼ ਗੱਲ ਇਹ ਰਹੀ ਕਿ ਐਂਟੋਨੀਓ ਗੁਟਰੇਸ ਪਰਕਰਮਾਂ ਦੌਰਾਨ ਕਈ ਵਾਰ ਰੁਕ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਧਿਆਤਮਕ ਵਾਤਾਵਰਣ ਨੂੰ ਮਹਿਸੂਸ ਕਰਦੇ ਰਹੇ। ਇਸ ਉਪਰੰਤ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰਾਂ ਨੇ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ।

ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਹੋਏ ਅਨੁਭਵ ਵੀ ਦਰਜ ਕੀਤੇ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਧਿਆਤਮਕ ਅਤੇ ਸ਼ਾਂਤੀ ਦਾ ਮੁੱਖ ਕੇਂਦਰ ਹੈ, ਜਿਥੇ ਹਰ ਧਰਮ ਦੇ ਲੋਕ ਸ਼ਰਧਾ ਅਤੇ ਸਤਿਕਾਰ ਨਾਲ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਸਰਬਸਾਂਝੀਵਾਲਤਾ ਦਾ ਪ੍ਰਤੀਕ ਹੈ। ਉਨ੍ਹਾਂ ਇਹ ਵੀ ਆਖਿਆ ਕਿ ਉਨ੍ਹਾਂ ਨੂੰ ਇਥੇ ਪਹਿਲੀ ਵਾਰ ਆਉਣ ਦਾ ਮੌਕਾ ਮਿਲਿਆ ਹੈ, ਜਿਥੇ ਉਨ੍ਹਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਗਿਆ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਗਏ ਇਸ ਸਨਮਾਨ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਵੀ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਮੈਂਬਰ ਬੀਬੀ ਕਿਰਨਜੋਤ ਕੌਰ, ਕੇਂਦਰੀ ਮੰਤਰੀ ਸ. ਹਰਦੀਪ ਸਿੰਘ ਪੁਰੀ, ਪੰਜਾਬ ਦੇ ਖ਼ਜ਼ਾਨਾ ਮੰਤਰੀ ਸ. ਮਨਪ੍ਰੀਤ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਜਗਜੀਤ ਸਿੰਘ ਜੱਗੀ, ਨਿੱਜੀ ਸਹਾਇਕ ਸ. ਸੁਖਮਿੰਦਰ ਸਿੰਘ ਐਕਸੀਅਨ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਮੁਖਤਾਰ ਸਿੰਘ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਸ. ਹਰਭਜਨ ਸਿੰਘ ਵਕਤਾ, ਸ. ਬਘੇਲ ਸਿੰਘ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ. ਕਮਲਦੀਪ ਸਿੰਘ ਸੰਘਾ ਸਮੇਤ ਹੋਰ ਮੌਜੂਦ ਸਨ।

 

VIA PUNJAB