ਡੇਰਾ ਸਿਰਸਾ ਮੁਖੀ ਦੇ ਇਸ਼ਾਰੇ ‘ਤੇ ਹੀ ਹੋਇਆ ਬਰਗਾੜੀ ਬੇਅਦਬੀ ਕਾਂਡ: ਖਹਿਰਾ

ਵਾਇਆ ਪੰਜਾਬ ਬਿਊਰੋ

ਚੰਡੀਗੜ੍ਹ, 13 ਅਗਸਤ

ਆਮ ਆਦਮੀ ਪਾਰਟੀ ਵਲੋਂ ਵਿਰੋਧੀ ਧਿਰ ਦੇ ਅਹੁਦੇ ਤੋਂ ਲਾਹੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਮੰਗ ਕੀਤੀ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਗੁਰਮੀਤ ਸਿੰਘ ਦੀ ਭੂਮਿਕਾ ਦੀ ਵੀ ਜਾਂਚ ਕਰਵਾਈ ਜਾਵੇ।
ਅੱਜ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਹਿਰਾ ਨੇ ਕਿਹਾ ਕਿ ਡੇਰੇ ਦੇ ਰਾਜਨੀਤਿਕ ਵਿੰਗ ਨੂੰ ਡੇਰੇ ਦੇ ਮੁਖੀ ਦੇ ਹੀ ਆਦੇਸ਼ ਸਨ । ਜਿਸ ਕਾਰਨ ਡੇਰਾ ਮੁਖੀ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਤਹਿ ਤੱਕ ਜਾਂਚ ਕਰਨ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਜਦੋਂ ਡੇਰਾ ਮੁਖੀ ਨੇ ਕਲਗੀ ਲਾ ਕੇ ਗੁਰੂ ਗੋਬਿੰਦ ਸਿੰਘ ਵਾਲਾ ਬਾਣਾ ਪਹਿਨ ਲਿਆ ਸੀ ਤਾਂ ਸਿੱਖ ਜਗਤ ਅੰਦਰ ਵੱਡਾ ਰੋਸ ਬਣ ਗਿਆ ਸੀ। ਇਸੇ ਰੋਸ ਦੇ ਬਦਲੇ ਡੇਰਾ ਪ੍ਰੇਮੀਆਂ ਨੇ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਕੀਤੀ ਸੀ। ਪਹਿਲਾਂ ਉਸ ਸਮੇਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਸ ਮਾਮਲੇ ਨੂੰ ਜਾਣ ਬੁੱਝ ਕੇ ਦਬਾ ਲਿਆ ਸੀ ਜਦਕਿ ਸਪੈਸ਼ਲ ਜਾਂਚ ਟੀਮ ਦੇ ਮੁਖੀ ਰਣਵੀਰ ਸਿੰਘ ਖੱਟਰਾਂ ਨੇ 2015 ਵਿੱਚ ਡੇਰਾ ਪ੍ਰੇਮੀਆਂ ਦੀ ਬਰਗਾੜੀ ਮਾਮਲੇ ਬਾਰੇ ਭੂਮਿਕਾ ਦੀ ਜਾਂਚ ਕਰਕੇ ਰਿਪੋਰਟ ਦੇ ਦਿੱਤੀ ਸੀ ਪਰ ਉਸ ਜਾਂਚ ਦੇ ਆਧਾਰ ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪ੍ਰਕਾਸ਼ ਸਿੰਘ ਬਾਦਲ ਦੇ ਰਾਹ ‘ਤੇ ਚੱਲ ਪਏ ਹਨ। ਕੈਪਟਨ ਜਾਣ ਬੁੱਝ ਕੇ ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਦੋਸ਼ੀ ਪੁਲਿਸ ਅਫ਼ਸਰਾਂ ਨੂੰ ਬਚਾ ਰਹੇ ਹਨ । ਜਦੋਂ ਪੁਲਿਸ ਅਧਿਕਾਰੀਆਂ ਖ਼ਿਲਾਫ ਪਰਚਾ ਦਰਜ ਕਰ ਹੀ ਲਿਆ ਹੈ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਦੇਰੀ ਕਰਨੀ ਨਹੀਂ ਬਣਦੀ।

ਇਸ ਮੌਕੇ ਖਹਿਰਾ ਅਤੇ ਕੰਵਰ ਸੰਧੂ ਨੇ ਐਲਾਨ ਕੀਤਾ ਕਿ ਜੇਕਰ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀ ਪੁਲਿਸ ਅਫ਼ਸਰਾਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ 20 ਅਗਸਤ ਨੂੰ ਬਰਗਾੜੀ ਮੋਰਚੇ ਵਾਲੀ ਥਾਂ ਤੋਂ ਲੈ ਕੇ ਆਮ ਆਦਮੀ ਪਾਰਟੀ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਦਫਤਰ ਤੱਕ ਮਾਰਚ ਕਰੇਗੀ ਅਤੇ ਡਿਪਟੀ ਕਮਿਸ਼ਨਰ ਦਾ ਘਿਰਾਓ ਵੀ ਕੀਤਾ ਜਾਵੇਗਾ।

VIA PUNJAB