Skip to content
ਰਾਜੋਆਣਾ ਦੀ ਫ਼ਾਂਸੀ ਮਾਫ਼ੀ ਸਬੰਧੀ ਛੇ ਸਾਲ ਤੋਂ ਸੁਣਵਾਈ ਅਧੀਨ ਸ਼੍ਰੋਮਣੀ ਕਮੇਟੀ ਦੀ ਅਪੀਲ ਬਾਰੇ ਰਾਸ਼ਟਰਪਤੀ ਨਹੀਂ ਸੁਣਾ ਸਕੇ ਕੋਈ ਫ਼ੈਸਲਾ
ਤਲਵਿੰਦਰ ਸਿੰਘ ਬੁੱਟਰ/ ਵਾਇਆ ਪੰਜਾਬ ਬਿਊਰੋ
ਅੰਮ੍ਰਿਤਸਰ, 18 ਜੁਲਾਈ
ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕਰਵਾਉਣ ਲਈ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ‘ਚ ਸਿੱਖ ਆਗੂਆਂ ਦਾ ਇਕ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਿਆ। ਇਸ ਵਫਦ ਵਿਚ ਭਾਈ ਲੌੌਂਗੋਵਾਲ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਲੋਕ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ ਸ਼ਾਮਲ ਸਨ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕਰਵਾਉਣ ਸਬੰਧੀ ਗੱਲਬਾਤ ਕੀਤੀ। ਵਫਦ ਨੇ ਕੇਂਦਰੀ ਗ੍ਰਹਿ ਮੰਤਰੀ ਕੋਲੋਂ ਸ਼੍ਰੋਮਣੀ ਕਮੇਟੀ ਦੀ ਉਸ ਅਪੀਲ ‘ਤੇ ਜਲਦ ਫ਼ੈਸਲੇ ਲਈ ਦਖ਼ਲ ਦੀ ਮੰਗ ਕੀਤੀ, ਜਿਹੜੀ 2012 ‘ਚ ਭਾਈ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਨੂੰ ਉਮਰ ਕੈਦ ‘ਚ ਤਬਦੀਲ ਕਰਵਾਉਣ ਲਈ ਕੀਤੀ ਗਈ ਸੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਉਨ੍ਹਾਂ ਦੀ ਗੱਲਬਾਤ ਗੰਭੀਰਤਾ ਨਾਲ ਸੁਣੀ। ਰਾਜਨਾਥ ਸਿੰਘ ਨੇ ਉਨ੍ਹਾਂ ਨੂੰ ਪੂਰਨ ਭਰੋਸਾ ਦਿਵਾਇਆ ਕਿ ਉਹ ਪੂਰੀ ਸੁਹਿਰਦਤਾ ਨਾਲ ਰਾਸ਼ਟਰਪਤੀ ਕੋਲ ਭਾਈ ਰਾਜੋਆਣਾ ਦੀ ਫ਼ਾਂਸੀ ਮਾਫ਼ੀ ਦੇ ਮਾਮਲੇ ਨੂੰ ਉਠਾਉਣਗੇ ਅਤੇ ਆਪਣੇ ਵਲੋਂ ਸੰਵਿਧਾਨ ਦੇ ਦਾਇਰੇ ਵਿਚ ਰਹਿ ਕੇ ਹਰ ਸੰਭਵ ਸਹਾਇਤਾ ਕਰਨਗੇ।
ਜ਼ਿਕਰਯੋਗ ਹੈ ਕਿ 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਬੇਅੰਤ ਸਿੰਘ ਦੀ ਇਕ ਬੰਬ ਧਮਾਕੇ ਵਿਚ ਹੱਤਿਆ ਦੇ ਮਾਮਲੇ ‘ਚ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਸੀ.ਬੀ.ਆਈ. ਵਿਸ਼ੇਸ਼ ਅਦਾਲਤ ਨੇ ਫ਼ਾਂਸੀ ਦੀ ਸਜ਼ਾ ਸੁਣਾਈ ਸੀ। 31 ਮਾਰਚ 2012 ਨੂੰ ਉਨ੍ਹਾਂ ਨੂੰ ਫ਼ਾਂਸੀ ਲਗਾਉਣ ਦਾ ਫ਼ੈਸਲਾ ਹੋਇਆ ਸੀ, ਜਿਸ ਦਾ ਸਮੁੱਚੇ ਸਿੱਖ ਜਗਤ ਵਲੋਂ ਤਿੱਖਾ ਵਿਰੋਧ ਕੀਤਾ ਗਿਆ ਸੀ। ਸ਼੍ਰੋਮਣੀ ਕਮੇਟੀ ਨੇ ਪੰਜਾਬ ਦੇ ਹਾਲਾਤਾਂ ਅਤੇ ਸਿੱਖਾਂ ਦੀਆਂ ਭਾਵਨਾਵਾਂ ਦਾ ਹਵਾਲਾ ਦਿੰਦਿਆਂ ਰਾਸ਼ਟਰਪਤੀ ਨੂੰ ਭਾਈ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਉਮਰ ਕੈਦ ‘ਚ ਤਬਦੀਲ ਕਰਨ ਦੀ ਅਪੀਲ ਕੀਤੀ ਸੀ। ਕੇਂਦਰ ਸਰਕਾਰ ਨੇ ਭਾਈ ਰਾਜੋਆਣਾ ਨੂੰ ਫ਼ਾਂਸੀ ਲਗਾਉਣ ਦਾ ਫ਼ੈਸਲਾ 28 ਮਾਰਚ 2012 ਨੂੰ ਐਨ 2 ਦਿਨ ਪਹਿਲਾਂ ਟਾਲ ਦਿੱਤਾ ਸੀ। ਉਸ ਵੇਲੇ ਤੋਂ ਭਾਈ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਦਾ ਮਾਮਲਾ ਅਟਕਲਾਂ ਵਿਚ ਚਲਿਆ ਆ ਰਿਹਾ ਹੈ। ਰਾਸ਼ਟਰਪਤੀ ਵਲੋਂ 6 ਸਾਲ ਬੀਤ ਜਾਣ ‘ਤੇ ਵੀ ਭਾਈ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਉਮਰ ਕੈਦ ‘ਚ ਤਬਦੀਲ ਕਰਨ ਦੀ ਸ਼੍ਰੋਮਣੀ ਕਮੇਟੀ ਦੀ ਅਪੀਲ ‘ਤੇ ਕੋਈ ਫ਼ੈਸਲਾ ਨਹੀਂ ਸੁਣਾਇਆ ਗਿਆ। ਕੁਝ ਦਿਨ ਪਹਿਲਾਂ ਭਾਈ ਰਾਜੋਆਣਾ ਨੇ ਆਪਣੀ ਸਜ਼ਾ ਬਾਰੇ ਅਨਿਸ਼ਚਤਾ ਨੂੰ ਲੈ ਕੇ ਜੇਲ੍ਹ ‘ਚ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਸੀ। ਸ਼੍ਰੋਮਣੀ ਕਮੇਟੀ ਵਲੋਂ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਨਾ ਕਰਨ ਦੀ ਅਪੀਲ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਕੋਲ ਇਹ ਮਾਮਲਾ ਉਠਾਇਆ ਦਾ ਫ਼ੈਸਲਾ ਲਿਆ ਗਿਆ ਸੀ। ਹਾਲਾਂਕਿ ਪਿਛਲੇ ਸਾਲ ਵੀ ਭਾਈ ਰਾਜੋਆਣਾ ਨੇ ਜੇਲ੍ਹ ‘ਚ ਹੀ ਭੁੱਖ ਹੜਤਾਲ ਰੱਖੀ ਸੀ, ਜੋ ਕਿ ਤਤਕਾਲੀ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦੇ ਕੇ ਖ਼ਤਮ ਕਰਵਾਈ ਸੀ।