ਦਸਵੀਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਐਸ ਏ ਐਸ ਨਗਰ – ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ| ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਜਗਰੂਪ ਸਿੰਘ ਰੂਪ ਅਤੇ ਬਠਿੰਡੇ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੁਆਰਾ ਜਬਰ ਅਤੇ ਜੁਲਮ ਖਿਲਾਫ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਣ ਕਰਵਾਇਆ| ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ| ਭਾਈ ਹਰਨਾਮ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿਨੇ ਕੀਰਤਨ ਰਾਂਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਇਸ ਤੋਂ ਇਲਾਵਾ ਭਾਈ ਮਹਿੰਦਰ ਪਾਲ ਸਿੰਘ, ਭਾਈ ਸਵਿੰਦਰ ਸਿੰਘ ਮੁੰਬਈ ਵਾਲੇ, ਭਾਈ ਧਰਮ ਸਿੰਘ ਮਾਹੀ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਨਿਰਵੈਰ ਸਿੰਘ ਖਾਲਸਾ, ਭਾਈ ਅਮਰਜੀਤ ਸਿੰਘ ਖਾਲਸਾ, ਮੀਰੀ ਪੀਰੀ ਪੰਥ ਢਾਡੀ ਜਥਾ, ਭਾਈ ਬਹਾਦਰ ਸਿੰਘ ਸੇਵਕ, ਭਾਈ ਕੁਲਤਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਸੁਖਦੇਵ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ , ਭਾਈ ਜਤਿੰਦਰ ਸਿੰਘ, ਭਾਈ ਹਰਬਖਸ਼ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ| ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ | ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 29 ਦਸੰਬਰ ਨੂੰ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜਾਦਿਆਂ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ (ਗੁ ਸਿੰਘ ਸ਼ਹੀਦਾਂ ਸੋਹਾਣਾ ਤੋਂ ਸ੍ਰੀ ਫਤਿਹਗੜ ਸਾਹਿਬ ਤੱਕ) ਦਾ ਆਯੋਜਨ ਕੀਤਾ ਜਾਵੇਗਾ| ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਵੇਰੇ 9 ਵਜੇ ਆਰੰਭ ਹੋਵੇਗਾ|

VIA PUNJAB