ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦੇ ਵੇਰਵੇ ਜਾਰੀ

ਚੰਡੀਗੜ੍ਹ – ਜਲ ਸਰੋਤ ਵਿਭਾਗ, ਪੰਜਾਬ ਵੱਲੋਂ ਹਾੜ੍ਹੀ ਦੇ ਸੀਜ਼ਨ ਦੌਰਾਨ ਸਿੰਜਾਈ ਵਾਸਤੇ 17 ਤੋਂ 24 ਨਵੰਬਰ, 2018 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ ਅਤੇ ਬਠਿੰਡਾ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਭਾਖੜਾ ਮੇਨ ਲਾਈਨ ਦੀਆਂ ਨਹਿਰਾਂ ਤੇ ਬ੍ਰਾਂਚਾਂ ਜਿਵੇਂ ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ। ਹਰੀਕੇ ਅਤੇ ਫਿਰੋਜ਼ਪੁਰ ਹੈੱਡ ਵਰਕਸ ‘ਚੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ ਜਿਵੇਂ ਕਿ ਸਰਹੰਦ ਫੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹੇ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਕੈਨਾਲ ਵਿੱਚੋਂ ਨਿਕਲਦੀ ਸਭਰਾਓਂ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂ ਕਿ ਕਸੂਰ ਬ੍ਰਾਂਚ ਲੋਅਰ, ਮੇਨ ਬ੍ਰਾਂਚ ਲੋਅਰ, ਲਾਹੌਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

VIA PUNJAB