ਬੇਅਦਬੀ ਮਾਮਲਿਆਂ ਬਾਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ਦੇ ਅਗਾਮੀ ਇਜਲਾਸ ’ਚ ਪੇਸ਼ ਹੋਵੇਗੀ : ਕੈਪਟਨ

ਚੰਡੀਗੜ੍ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸੂਬੇ ਵਿੱਚ ਬੇਅਦਬੀ ਮਾਮਲਿਆਂ ’ਤੇ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ਦੇ ਅਗਾਮੀ ਇਜਲਾਸ ਵਿੱਚ ਪੇਸ਼ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਸਾਰੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅੱਜ ਇੱਥੇ ਪਾਰਟੀ ਦੇ ਸੀਨੀਅਰ ਨੇਤਾਵਾਂ ਦੇ ਇਕ ਸਮੂਹ ਨਾਲ ਗੈਰ-ਰਸਮੀ ਵਿਚਾਰ-ਚਰਚਾ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਅਜੇ ਤੱਕ ਇਸ ਰਿਪੋਰਟ ਦਾ ਪਹਿਲਾ ਹਿੱਸਾ ਪ੍ਰਾਪਤ ਕੀਤ ਗਿਆ ਹੈ ਜੋ ਕਾਨੂੰਨੀ ਪੜਤਾਲ ਅਧੀਨ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਦੇ ਬਾਕੀ ਹਿੱਸੇ ਵੀ ਛੇਤੀ ਆਉਣ ਦੀ ਆਸ ਹੈ ਅਤੇ ਮੁਕੰਮਲ ਰਿਪੋਰਟ ਹਾਸਲ ਹੋਣ ’ਤੇ ਇਸ ਰਿਪੋਰਟ ਨੂੰ ਕਾਰਵਾਈ ਰਿਪੋਰਟ ਦੇ ਨਾਲ ਵਿਧਾਨ ਸਭਾ ਦੇ ਆਉਂਦੇ ਸੈਸ਼ਨ ਦੌਰਾਨ ਸਦਨ ’ਚ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ,‘‘ਇਸ ਰਿਪੋਰਟ ਵਿੱਚ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।’’ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਧਾਇਕ ਰਾਣਾ ਗੁਰਜੀਤ ਸਿੰਘ, ਕਿੱਕੀ ਢਿੱਲੋਂ ਅਤੇ ਪਰਗਟ ਸਿੰਘ ਸਮੇਤ ਪਾਰਟੀ ਲੀਡਰ ਨਾਲ ਵਿਚਾਰ-ਚਰਚਾ ਦੌਰਾਨ ਇਹ ਵਿਚਾਰ ਸਾਂਝੇ ਕੀਤੇ। ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਲੰਘੀ 30 ਜੂਨ ਨੂੰ ਬਰਗਾੜੀ ਬੇਅਦਬੀ ਘਟਨਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਨਾਲ ਸਬੰਧਤ ਅਤੇ ਕੁਝ ਹੋਰ ਮਹੱਤਵਪੂਰਨ ਮਾਮਲਿਆਂ ਬਾਰੇ ਆਪਣੀ ਰਿਪੋਰਟ ਦਾ ਪਹਿਲਾ ਹਿੱਸਾ ਮੁੱਖ ਮੰਤਰੀ ਨੂੰ ਸੌਂਪਿਆ ਸੀ।

VIA PUNJAB