ਭਾਰਤ ਨਾਲ ਜੰਗ ਨਹੀਂ ਚਾਹੁੰਦਾ ਪਾਕਿ: ਕੁਰੈਸ਼ੀ

ਇਸਲਾਮਾਬਾਦ – ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਉਨ੍ਹਾਂ ਦਾ ਮੁਲਕ ਭਾਰਤ ਨਾਲ ਜੰਗ ਨਹੀਂ ਚਾਹੁੰਦਾ ਹੈ। ਉਨ੍ਹਾਂ ਭਾਰਤ ਨੂੰ ਕਿਹਾ ਕਿ ਉਹ ਸਾਰੇ ਬਕਾਇਆ ਮਸਲਿਆਂ ਨੂੰ ਸੁਲਝਾਉਣ ਲਈ ਗੱਲਬਾਤ ਕਰੇ। ਕੁਰੈਸ਼ੀ ਨੇ ਕਿਹਾ,‘‘ਅੱਜ ਦਾ ਹਮਲਾ ਸਾਡਾ ਹੱਕ ਸੀ ਅਤੇ ਇਹ ਆਪਣੀ ਰਾਖੀ ਕਰਨ ਦੀ ਸਮਰੱਥਾ ਦਾ ਪ੍ਰਦਰਸ਼ਨ ਸੀ। ਅਸੀਂ ਜੰਗ ਨਹੀਂ ਚਾਹੁੰਦੇ। ਸਾਨੂੰ ਆਸ ਹੈ ਕਿ ਭਾਰਤ ਸਾਰੇ ਬਕਾਇਆ ਮਸਲਿਆਂ ਦੇ ਹੱਲ ਲਈ ਗੱਲਬਾਤ ਦੀ ਮੇਜ਼ ’ਤੇ ਆਏਗਾ।’’ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਦਿੱਲੀ ’ਚ ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨੀ ਹਵਾਈ ਸੈਨਾ ਨੇ ਭਾਰਤ ’ਚ ਫ਼ੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਪਰ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਗਿਆ। ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਅਗਲੇ ਮਹੀਨੇ ਯੂਏਈ ’ਚ ਇਸਲਾਮਿਕ ਸਹਿਯੋਗ ਸੰਗਠਨ (ਓਆਈਸੀ) ਦੀ ਬੈਠਕ ’ਚ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਹਿੱਸਾ ਲੈਣ ’ਤੇ ਪ੍ਰੋਗਰਾਮ ਦਾ ਬਾਈਕਾਟ ਕਰਨ ਦੀ ਧਮਕੀ ਦਿੱਤੀ ਹੈ। ਅਬੂ ਧਾਬੀ ’ਚ 1-2 ਮਾਰਚ ਨੂੰ ਵਿਦੇਸ਼ ਮੰਤਰੀਆਂ ਦੇ ਸੰਮੇਲਨ ਦੇ ਉਦਘਾਟਨੀ ਇਜਲਾਸ ’ਚ ਸੁਸ਼ਮਾ ਸਵਰਾਜ ਨੂੰ ਵਿਸ਼ੇਸ਼ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਹੈ।

VIA PUNJAB